ਪਟਿਆਲਾ : ਵਿਸ਼ਵ ਭੂਮੀ ਦਿਵਸ ਦੇ ਮੌਕੇ ਤੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਦੇ ਕ੍ਰਿਸ਼ੀ ਵਿਗਿਆਨ ਕੇਂਦਰ, ਪਟਿਆਲਾ ਨੇ ਪਿੰਡ ਚਪੜ ਵਿਖੇ ‘ਮਿੱਟੀ ਅਤੇ ਪਾਣੀ: ਜੀਵਨ ਦਾ ਸਰੋਤ’ ਦੇ ਸੁਨੇਹੇ ਨਾਲ ਇਕ ਪ੍ਰੋਗਰਾਮ ਆਯੋਜਿਤ ਕੀਤਾ ਗਿਆ, ਜਿਸ ਵਿਚ 50 ਕਿਸਾਨਾਂ ਨੇ ਸ਼ਿਰਕਤ ਕੀਤੀ। ਇਸ ਪ੍ਰੋਗਰਾਮ ਵਿਚ ਡਾ. ਗੁਰਉਪਦੇਸ਼ ਕੌਰ, ਇੰਚਾਰਜ ਨੇ ਕਿਸਾਨਾਂ ਨੂੰ ਜੀ-ਆਇਆ ਕਿਹਾ। ਉਹਨਾਂ ਨੇ ਕ੍ਰਿਸ਼ੀ ਵਿਗਿਆਨ ਕੇਂਦਰ, ਪਟਿਆਲਾ ਦੀਆਂ ਗਤੀਵਿਧੀਆਂ ਬਾਰੇ ਜਾਣਕਾਰੀ ਦਿੱਤੀ। ਡਾ. ਗੁਰਪ੍ਰੀਤ ਸਿੰਘ, ਜ਼ਿਲ੍ਹਾ ਪਸਾਰ ਮਾਹਿਰ (ਭੂਮੀ ਵਿਗਿਆਨ), ਫਾਰਮ ਸਲਾਹਕਾਰ ਸੇਵਾ ਕੇਂਦਰ, ਪਟਿਆਲਾ ਨੇ ਮਿੱਟੀ ਅਤੇ ਪਾਣੀ ਦੀ ਪਰਖ ਅਤੇ ਨਮੂਨਾ ਲੈਣ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਡਾ. ਹਰਦੀਪ ਸਿੰਘ ਸਭੀਖੀ, ਸਹਾਇਕ ਪ੍ਰੋਫੈਸਰ (ਪੌਦ ਵਿਗਿਆਨ) ਨੇ ਕਿਸਾਨਾਂ ਨੂੰ ਕਣਕ ਵਿਚਲੀਆਂ ਬਿਮਾਰੀਆਂ ਅਤੇ ਕੀੜਿਆਂ ਦੀ ਰੋਕਥਾਮ ਸਬੰਧੀ ਜਾਣਕਾਰੀ ਸਾਂਝੀ ਕੀਤੀ। ਡਾ. ਰਚਨਾ ਸਿੰਗਲਾ, ਪ੍ਰੋਫੈਸਰ (ਬਾਗਬਾਨੀ) ਨੇ ਬਾਗ ਲਗਾਉਣ ਲਈ ਮਿੱਟੀ ਦਾ ਨਮੂਨਾ ਲੈਣ ਦੀ ਵਿਧੀ ਬਾਰੇ ਸਮਝਾਇਆ। ਡਾ. ਗੁਰਪ੍ਰੀਤ ਕੌਰ, ਜ਼ਿਲ੍ਹਾ ਪਸਾਰ ਮਾਹਿਰ (ਸੀ.ਮੋ.), ਫਾਰਮ ਸਲਾਹਕਾਰ ਸੇਵਾ ਕੇਂਦਰ, ਪਟਿਆਲਾ ਨੇ ਖੇਤੀਬਾੜੀ ਸਬੰਧੀ ਵੱਖ-ਵੱਖ ਵਿਭਾਗਾਂ ਦੀਆਂ ਚੱਲ ਰਹੀਆਂ ਸਕੀਮਾਂ ਬਾਰੇ ਜਾਣਕਾਰੀ ਦਿੱਤੀ। ਪ੍ਰੋਗਰਾਮ ਦੇ ਅੰਤ ਵਿਚ ਡਾ. ਰਜਨੀ ਗੋਇਲ, ਪ੍ਰੋਫੈਸਰ (ਭੋਜਨ ਵਿਗਿਆਨ) ਨੇ ਆਏ ਹੋਏ ਕਿਸਾਨਾਂ ਦਾ ਧੰਨਵਾਦ ਕੀਤਾ।