ਫ਼ਤਹਿਗੜ੍ਹ ਸਾਹਿਬ :- ਦੇਸ਼ ਦੀ ਰਾਖੀ ਲਈ ਪੰਜਾਬ ਰਾਜ ਦੇ ਸੈਨਿਕਾਂ ਵੱਲੋਂ ਕੀਤੀਆਂ ਗਈਆਂ ਕੁਰਬਾਨੀਆਂ ਬਾਰੇ ਆਮ ਲੋਕਾਂ ਨੂੰ ਜਾਗਰੂਕ ਕਰਨ, ਨੌਜਵਾਨਾਂ ਵਿੱਚ ਦੇਸ਼ ਭਗਤੀ ਦੀ ਭਾਵਨਾਂ ਪੈਦਾ ਕਰਨ ਦੇ ਨਾਲ-ਨਾਲ ਹਥਿਆਰਬੰਦ ਸੈਨਾ ਵਿੱਚ ਭਰਤੀ ਹੋਣ ਲਈ ਉਤਸ਼ਾਹਤ ਕਰਨ ਦੇ ਮੰਤਵ ਨਾਲ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਸਾਇਕਲ ਰੈਲੀ ਨੂੰ ਡਿਪਟੀ ਕਮਿਸ਼ਨਰ ਸ੍ਰੀਮਤੀ ਪਰਨੀਤ ਸ਼ੇਰਗਿੱਲ ਨੇ ਅੱਜ ਬਾਬਾ ਬੰਦਾ ਸਿੰਘ ਬਹਾਦਰ ਚੋਂਕ (ਜੋਤੀ ਸਰੂਪ ਮੋੜ) ਤੋਂ ਐਸ.ਏ.ਐਸ.ਨਗਰ ਲਈ ਰਵਾਨਾ ਕੀਤਾ। ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਫੌਜੀਆਂ ਵੱਲੋਂ ਦੇਸ਼ ਦੀ ਏਕਤਾ ਤੇ ਅਖੰਡਤਾ ਨੂੰ ਬਰਕਰਾਰ ਰੱਖਣ ਲਈ ਪਾਇਆ ਗਿਆ ਯੋਗਦਾਨ ਦੇਸ਼ ਦੇ ਸਮੂਹ ਨਾਗਰਿਕਾਂ ਲਈ ਪ੍ਰੇਰਣਾ ਦਾ ਸਰੋਤ ਹੈ।
ਉਹਨਾਂ ਦੇਸ਼ ਦੀ ਆਨ ਤੇ ਸ਼ਾਨ ਲਈ ਕੁਰਬਾਨੀਆਂ ਦੇਣ ਵਾਲੇ ਯੋਧਿਆਂ ਨੂੰ ਯਾਦ ਕਰਦਿਆਂ ਕਿਹਾ ਕਿ ਸ਼ਹੀਦਾਂ ਦੇ ਪਰਿਵਾਰਕ ਮੈਂਬਰਾਂ ਅਤੇ ਉਹਨਾਂ ਦੇ ਆਸ਼ਰਿਤਾਂ ਨੂੰ ਸਮਾਜ ਵਿੱਚ ਬਣਦਾ ਮਾਣ ਤੇ ਸਤਿਕਾਰ ਦੇਣਾ ਸਾਡਾ ਸਾਰਿਆਂ ਦਾ ਫਰਜ਼ ਹੈ। ਉਹਨਾਂ ਆਖਿਆ ਕਿ ਸ਼ਹੀਦ ਫੌਜੀਆਂ ਦੇ ਪਰਿਵਾਰਾਂ ਦੀ ਭਲਾਈ ਲਈ ਇਕੱਤਰ ਕੀਤੇ ਝੰਡਾ ਦਿਵਸ ਫੰਡ ਵਿੱਚ ਹਰੇਕ ਨਾਗਰਿਕ ਨੂੰ ਵੱਧ ਚੜ੍ਹ ਕੇ ਯੋਗਦਾਨ ਪਾਉਣਾ ਚਾਹੀਦਾ ਹੈ। ਉਹਨਾਂ ਕਿਹਾ ਕਿ ਸ਼ਹੀਦ ਪਰਿਵਾਰਾਂ ਦੀ ਸਹਾਇਤਾ ਲਈ ਦਿੱਤਾ ਗਿਆ ਦਾਨ ਸਹੀ ਅਰਥਾਂ ਵਿੱਚ ਪਰਉਪਕਾਰ ਵਾਲਾ ਕਾਰਜ ਹੈ ਕਿਉਂਕਿ ਇਸ ਦਾਨ ਰਾਸ਼ੀ ਵਿੱਚੋਂ ਹੀ ਸ਼ਹੀਦਾਂ ਦੀਆਂ ਵਿਧਵਾਵਾਂ, ਸਾਬਕਾ ਸੈਨਿਕਾਂ ਅਤੇ ਉਹਨਾਂ ਦੇ ਆਸ਼ਰਿਤਾਂ ਤੋਂ ਇਲਾਵਾ ਸੇਵਾ ਕਰ ਰਹੇ ਸੈਨਿਕਾਂ ਨੂੰ ਵਿੱਤੀ ਸਹਾਇਤਾ ਦਿੱਤੀ ਜਾਂਦੀ ਹੈ। ਸ੍ਰੀਮਤੀ ਪਰਨੀਤ ਸ਼ੇਰਗਿੱਲ ਨੇ ਦੱਸਿਆ ਕਿ ਇਹ ਸਾਈਕਲ ਰੈਲੀ ਜੋ ਕਿ 07 ਨਵੰਬਰ ਨੂੰ ਮੁੱਖ ਮੰਤਰੀ ਪੰਜਾਬ ਵੱਲੋਂ ਚੰਡੀਗੜ੍ਹ ਤੋਂ ਸ਼ੁਰੂ ਕੀਤੀ ਗਈ ਸੀ, ਉਹ ਵੱਖ ਵੱਖ ਜਿਲ੍ਹਿਆਂ ਚ ਹੁੰਦੀ ਹੋਈ 05 ਦਸੰਬਰ ਨੂੰ ਫਤਹਿਗੜ੍ਹ ਸਾਹਿਬ ਵਿਖੇ ਪੁੱਜੀ ਅਤੇ ਹੁਣ 07 ਦਸੰਬਰ ਨੂੰ ਚੰਡੀਗੜ੍ਹ ਦੇ ਸੈਕਟਰ 03 ਵਿਖੇ ਸਥਿਤ ਵਾਰ ਮੈਮੋਰੀਅਲ ਵਿਖੇ ਸਮਾਪਤ ਹੋਵੇਗੀ। ਜਿੱਥੇ ਮੁੱਖ ਮੰਤਰੀ ਪੰਜਾਬ ਇਸਦਾ ਸਵਾਗਤ ਕਰਨਗੇ।