ਫਤਹਿਗੜ੍ਹ ਸਾਹਿਬ : ਸਰਬੰਸਦਾਨੀ ਸਾਹਿਬ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ, ਬਾਬਾ ਫ਼ਤਹਿ ਸਿੰਘ ਅਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ਦੀ ਯਾਦ ਵਿੱਚ 26 ਤੋਂ 28 ਦਸੰਬਰ ਤੱਕ ਆਯੋਜਿਤ ਕੀਤੀ ਜਾਣ ਵਾਲੀ ਸ਼ਹੀਦੀ ਸਭਾ ਦੇ ਮਾਹੌਲ ਦੀ ਪਵਿੱਤਰਤਾ ਨੂੰ ਬਰਕਰਾਰ ਰੱਖਣ ਲਈ ਜ਼ਿਲ੍ਹਾ ਮੈਜਿਸਟਰੇਟ ਸ਼੍ਰੀਮਤੀ ਪਰਨੀਤ ਸ਼ੇਰਗਿੱਲ ਨੇ ਫੌਜਦਾਰੀ ਸੰਘਤਾ 1973 (2 ਆਫ 1974) ਦੀ ਧਾਰਾ 144 ਅਧੀਨ ਸ਼ਹੀਦੀ ਜੋੜ ਮੇਲ ਫਤਹਿਗੜ੍ਹ ਸਾਹਿਬ ਦੇ ਏਰੀਏ ਵਿੱਚ ਹਰ ਕਿਸਮ ਦੇ ਅਗਨ ਸ਼ਾਸ਼ਤਰ, ਅਸਲਾ, ਵਿਸਫੋਟਕ, ਜਲਣਸ਼ੀਲ ਚੀਜਾਂ ਅਤੇ ਤੇਜ਼ ਹਥਿਆਰ ਜਿਵੇਂ ਕਿ ਟਾਕੂਏ, ਬਰਛੇ ਤੇ ਤਰਸ਼ੂਲ ਲੈ ਕੇ ਚੱਲਣ ਤੇ 31 ਜਨਵਰੀ, 2024 ਤੱਕ ਮੁਕੰਮਲ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ।
ਇਹ ਹੁਕਮ ਆਰਮੀ ਪਰਸੋਨਲ, ਪੈਰਾ ਮਿਲਟਰੀ ਫੋਰਸਿਜ਼, ਬਾਵਰਦੀ ਪੁਲਿਸ ਕਰਮਚਾਰੀਆਂ ਅਤੇ ਜਿਹਨਾਂ ਨੂੰ ਧਾਰਮਿਕ ਜਾਂ ਕਾਨੂੰਨੀ ਤੌਰ 'ਤੇ ਰੀਤੀ ਰਵਾਜਾਂ ਕਾਰਨ ਹਥਿਆਰ ਚੁੱਕਣ ਦੇ ਅਧਿਕਾਰ ਹਨ, ਅਸਲਾ ਲਾਈਸੰਸ ਨੂੰ ਨਵਿਆਉਣ ਲਈ ਦਫਤਰ ਆਉਣ ਵਾਲਿਆਂ 'ਤੇ ਲਾਗੂ ਨਹੀਂ ਹੋਵੇਗਾ।ਇਸ ਤੋਂ ਇਲਾਵਾ ਜਿਨ੍ਹਾਂ ਨੂੰ ਭਾਰਤ/ਪੰਜਾਬ ਸਰਕਾਰ ਵੱਲੋਂ ਸੁਰੱਖਿਆ ਕਵਰ ਪ੍ਰਦਾਨ ਕੀਤਾ ਹੋਇਆ ਹੈ, ਤੇ ਵੀ ਇਹ ਹੁਕਮ ਲਾਗੂ ਨਹੀਂ ਹੋਵੇਗਾ।