ਪਟਿਆਲਾ : ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਅੱਜ ਅਬਲੋਵਾਲ ਵਿਖੇ ਨਹਿਰੀ ਪਾਣੀ 'ਤੇ ਅਧਾਰਤ ਪ੍ਰਾਜੈਕਟ ਦੀ ਪ੍ਰਗਤੀ ਦਾ ਜਾਇਜ਼ਾ ਲਿਆ ਅਤੇ ਇਸ ਦੇ ਕੰਮ 'ਚ ਤੇਜੀ ਲਿਆਉਣ ਦੀਆਂ ਹਦਾਇਤਾਂ ਜਾਰੀ ਕੀਤੀਆਂ। ਡਿਪਟੀ ਕਮਿਸ਼ਨਰ ਨੇ ਐਲ. ਐਂਡ. ਟੀ ਤੇ ਜਲ ਸਪਲਾਈ ਵਿਭਾਗ ਨੂੰ ਹਦਾਇਤ ਕੀਤੀ ਕਿ ਸ਼ਹਿਰ ਦੀਆਂ ਇੰਟਰਨਲ ਸੜਕਾਂ ਦੀ ਮੁਰੰਮਤ ਦਾ ਕੰਮ ਤੇਜ਼ੀ ਨਾਲ ਕੀਤਾ ਜਾਵੇ।
ਸਾਕਸ਼ੀ ਸਾਹਨੀ ਨੇ ਇਸ ਕੰਮ ਦੀ ਦੇਖ-ਰੇਖ ਕਰ ਰਹੇ ਜਲ ਸਪਲਾਈ ਤੇ ਸੀਵਰੇਜ ਬੋਰਡ ਦੇ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਸਰਦੀਆਂ ਦੇ ਮੌਸਮ 'ਚ ਲੋਕਾਂ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ, ਇਸ ਲਈ ਪਾਣੀ ਦੀਆਂ ਪਾਈਪਾਂ ਪੈ ਚੁੱਕੇ ਸਥਾਨਾਂ ਦੀਆਂ ਸੜਕਾਂ ਨੂੰ ਵਾਹਨਾਂ ਦੇ ਚੱਲਣ ਯੋਗ ਬਣਾਇਆ ਜਾਵੇ।
ਜਲ ਸਪਲਾਈ ਦੇ ਕਾਰਜਕਾਰੀ ਇੰਜੀਨੀਅਰ ਨੇ ਦੱਸਿਆ ਕਿ ਇਸ ਪ੍ਰਾਜੈਕਟ ਤਹਿਤ ਕਰੀਬ 150 ਕਿਲੋਮੀਟਰ ਦੇ ਕਰੀਬ ਪਾਇਪਲਾਈਨ ਵਿਛਾਈ ਜਾ ਚੁੱਕੀ ਹੈ ਅਤੇ ਸੜਕਾਂ ਦੀ ਮੁਰੰਮਤ ਦਾ ਕੰਮ ਵੀ ਜਾਰੀ ਹੈ। ਜਿਸ 'ਤੇ ਡਿਪਟੀ ਕਮਿਸ਼ਨਰ ਨੇ ਇਸ ਕੰਮ 'ਚ ਤੇਜੀ ਲਿਆਉਣ ਦੀ ਹਦਾਇਤ ਕਰਦਿਆਂ ਕਿਹਾ ਕਿ ਜਿਹੜੀਆਂ ਸੜਕਾਂ ਅਜੇ ਮੁਰੰਮਤ ਹੋਣ ਵਾਲੀਆਂ ਹਨ, ਉਨ੍ਹਾਂ ਨੂੰ ਪਹਿਲ ਦੇ ਅਧਾਰ 'ਤੇ ਠੀਕ ਕੀਤਾ ਜਾਵੇ ਤਾਂ ਕਿ ਲੋਕਾਂ ਨੂੰ ਕੋਈ ਸਮੱਸਿਆ ਨਾ ਆਵੇ। ਸਾਕਸ਼ੀ ਸਾਹਨੀ ਨੇ ਦੱਸਿਆ ਕਿ ਪੰਜਾਬ ਸਰਕਾਰ ਪਟਿਆਲਾ ਸ਼ਹਿਰ ਦੇ ਨਹਿਰੀ ਪਾਣੀ 'ਤੇ ਅਧਾਰਤ ਜਲ ਸਪਲਾਈ ਯੋਜਨਾ ਨੂੰ ਸਮੇਂ ਸਿਰ ਪੂਰਾ ਕਰਨ ਲਈ ਵਚਨਬੱਧ ਹੈ, ਇਸ ਲਈ ਜ਼ਮੀਨਦੋਜ਼ ਸਰਵਿਸ ਜਲ ਭੰਡਾਰਨ ਸਮੇਤ ਪਾਣੀ ਦੀਆਂ ਟੈਂਕੀਆਂ ਦੀ ਉਸਾਰੀ ਸਮੇਤ ਪਾਣੀ ਦੀ ਪੂਰਤੀ ਲਈ ਨਵੀਆਂ ਲਾਇਨਾਂ ਵਿਛਾਏ ਜਾਣ ਦੇ ਕੰਮ ਨੂੰ ਸਮੇਂ ਸਿਰ ਮੁਕੰਮਲ ਕੀਤਾ ਜਾਵੇ। ਮੀਟਿੰਗ 'ਚ ਨਗਰ ਨਿਗਮ ਦੇ ਐਸ.ਈ ਹਰਕਿਰਨ ਸਿੰਘ, ਜਲ ਸਪਲਾਈ ਦੇ ਕਾਰਜਕਾਰੀ ਇੰਜੀਨੀਅਰ ਵਿਕਾਸ, ਲੋਕ ਨਿਰਮਾਣ ਵਿਭਾਗ ਤੋਂ ਹਰਪ੍ਰੀਤ ਸਿੰਘ ਅਤੇ ਪਿਊਸ਼ ਅਗਰਵਾਲ ਮੌਜੂਦ ਸਨ।