ਫ਼ਤਹਿਗੜ੍ਹ ਸਾਹਿਬ : ਡਿਪਟੀ ਕਮਿਸ਼ਨਰ ਸ਼੍ਰੀਮਤੀ ਪਰਨੀਤ ਸ਼ੇਰਗਿੱਲ ਦੇ ਆਦੇਸ਼ਾਂ ਅਨੁਸਾਰ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਦੀ ਟੀਮ ਵੱਲੋਂ ਸਰਹਿੰਦ ਦੇ ਏ.ਐਫ.ਐਸ.ਓ. ਸ਼੍ਰੀ ਕੇਵਲ ਸਿੰਘ ਦੀ ਅਗਵਾਈ ਹੇਠਲੀ ਟੀਮ ਨੇ ਸਰਹਿੰਦ ਰੋਡ ਤੇ ਰੇਹੜੀਆਂ ਤੇ ਢਾਬਿਆਂ ਵਿੱਚ ਘਰੇਲੂ ਗੈਸ ਸਿਲੰਡਰ ਦੀ ਵਪਾਰਕ ਤੌਰ ਤੇ ਵਰਤੋਂ ਸਬੰਧੀ ਚੈਕਿੰਗ ਕੀਤੀ ਗਈ। ਇਸ ਚੈਕਿੰਗ ਦੌਰਾਨ 15 ਸਿਲੰਡਰ ਜਬਤ ਕੀਤੇ ਗਏ। ਇਸ ਟੀਮ ਵਿੱਚ ਵਿਭਾਗ ਦੇ ਇੰਸਪੈਕਟਰ ਕਰਮਜੀਤ ਸਿੰਘ, ਇੰਸਪੈਕਟਰ ਗੁਰਮੋਹਿਤ ਸਿੰਘ ਤੇ ਇੰਸਪੈਕਟਰ ਰਾਕੇਸ਼ ਕੁਮਾਰ ਸ਼ਾਮਲ ਸਨ।
ਇਸ ਮੌਕੇ ਸਹਾਇਕ ਖੁਰਾਕ ਤੇ ਸਪਲਾਈ ਅਫਸਰ ਸਰਹਿੰਦ ਸ਼੍ਰੀ ਕੇਵਲ ਸਿੰਘ ਨੇ ਦੱਸਿਆ ਕਿ ਵਿਭਾਗ ਕੋਲ ਸ਼ਿਕਾਇਤਾਂ ਪੁੱਜੀਆਂ ਸਨ ਕਿ ਕਈ ਰੇਹੜੀਆਂ ਤੇ ਢਾਬਿਆਂ ਵਾਲਿਆਂ ਵੱਲੋਂ ਘਰੇਲੂ ਰਸੋਈ ਗੈਸ ਸਿਲੰਡਰਾਂ ਦੀ ਕਮਰਸ਼ੀਅਲ ਤੌਰ ਤੇ ਵਰਤੋਂ ਕੀਤੀ ਜਾ ਰਹੀ ਹੈ। ਜਿਸ ਨੂੰ ਵੇਖਦੇ ਹੋਏ ਇਹ ਚੈਕਿੰਗ ਕੀਤੀ ਗਈ ਹੈ ਤਾਂ ਜੋ ਘਰੇਲੂ ਗੈਸ ਸਿਲੰਡਰਾਂ ਦੀ ਦੁਰਵਰਤੋਂ ਨੂੰ ਰੋਕਿਆ ਜਾ ਸਕੇ। ਉਨ੍ਹਾਂ ਰੇਹੜੀਆਂ ਤੇ ਢਾਬਿਆਂ ਦੇ ਮਾਲਕਾਂ ਨੂੰ ਸਖਤ ਹਦਾਇਤ ਕੀਤੀ ਕਿ ਘਰੇਲੂ ਗੈਸ ਸਿਲੰਡਰਾਂ ਦੀ ਵਪਾਰਕ ਤੌਰ ਤੇ ਵਰਤੋਂ ਨੂੰ ਤੁਰੰਤ ਬੰਦ ਕੀਤਾ ਜਾਵੇ ਅਤੇ ਜੇਕਰ ਅਜਿਹਾ ਨਾ ਕੀਤਾ ਗਿਆ ਤਾਂ ਸਬੰਧਤਾਂ ਵਿਰੁੱਧ ਬਣਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।