ਸੁਨਾਮ : ਸੁਨਾਮ ਸ਼ਹਿਰ ਦੇ ਬਾਜ਼ਾਰਾਂ ਵਿੱਚ ਦੁਕਾਨਦਾਰਾਂ ਵੱਲੋਂ ਸੜਕਾਂ ਤੇ ਦੁਕਾਨਾਂ ਅੱਗੇ ਸਮਾਨ ਰੱਖਕੇ ਆਵਾਜਾਈ ਵਿੱਚ ਪਾਈ ਜਾ ਰਹੀ ਰੁਕਾਵਟ ਨੂੰ ਰੋਕਣ ਲਈ ਨਗਰ ਕੌਂਸਲ ਸੁਨਾਮ ਨੇ ਨਜਾਇਜ਼ ਕਬਜ਼ਿਆਂ ਖਿਲਾਫ ਵੱਡੀ ਕਾਰਵਾਈ ਕਰਦਿਆਂ ਸਮਾਨ ਚੁੱਕਵਾਇਆ। ਨਗਰ ਕੌਂਸਲ ਵੱਲੋਂ ਕੀਤੀ ਕਾਰਵਾਈ ਦੀ ਆਮ ਲੋਕਾਂ ਵੱਲੋਂ ਸਰਾਹਨਾ ਕੀਤੀ ਜਾ ਰਹੀ ਹੈ। ਨਗਰ ਕੌਂਸਲ ਦੇ ਪ੍ਰਧਾਨ ਨਿਸ਼ਾਨ ਸਿੰਘ ਟੋਨੀ ਅਤੇ ਕਾਰਜਸਾਧਕ ਅਫ਼ਸਰ ਬਾਲਕ੍ਰਿਸ਼ਨ ਦੇ ਹੁਕਮਾਂ ’ਤੇ ਇੰਸਪੈਕਟਰ ਰਾਜੇਸ਼ ਕੁਮਾਰ ਟੋਨੀ ਨੇ ਸ਼ਹਿਰ ਦੇ ਸਿਨੇਮਾ ਚੌਕ ਵਿੱਚ ਦੁਕਾਨਦਾਰਾਂ ਵੱਲੋਂ ਸੜਕਾਂ ’ਤੇ ਕੀਤੇ ਨਾਜਾਇਜ਼ ਕਬਜ਼ੇ ਹਟਾਏ ਅਤੇ ਸਖ਼ਤ ਚਿਤਾਵਨੀ ਦਿੱਤੀ ਕਿ ਜੇਕਰ ਦੁਬਾਰਾ ਕਬਜ਼ਾ ਕਰਨ ਦੀ ਕੋਸ਼ਿਸ਼ ਕੀਤੀ ਗਈ ਤਾਂ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਨਗਰ ਕੌਂਸਲ ਵੱਲੋਂ ਇਹ ਵੀ ਦਾਅਵਾ ਕੀਤਾ ਗਿਆ ਹੈ ਕਿ ਆਉਣ ਵਾਲੇ ਸਮੇਂ ਵਿੱਚ ਪੂਰੇ ਸ਼ਹਿਰ ਦੀਆਂ ਸੜਕਾਂ ਦੇ ਕਿਨਾਰਿਆਂ ਨੂੰ ਨਾਜਾਇਜ਼ ਕਬਜ਼ਿਆਂ ਤੋਂ ਮੁਕਤ ਕਰਵਾਇਆ ਜਾਵੇਗਾ। ਸੈਨਟਰੀ ਇੰਸਪੈਕਟਰ ਰਾਜੇਸ਼ ਕੁਮਾਰ ਟੋਨੀ ਨੇ ਦੱਸਿਆ ਕਿ ਨਜਾਇਜ਼ ਕਬਜ਼ੇ ਹਟਾਉਣ ਲਈ ਕੌਂਸਲ ਪ੍ਰਸ਼ਾਸਨ ਦੇ ਹੁਕਮਾਂ ’ਤੇ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਕਈ ਧਾਰਮਿਕ ਸੰਸਥਾਵਾਂ ਵੱਲੋਂ ਕਬਜ਼ੇ ਹਟਾਉਣ ਸਬੰਧੀ ਲਗਾਤਾਰ ਮੰਗਾਂ ਉਠਾਈਆਂ ਜਾ ਰਹੀਆਂ ਸਨ। ਉਨ੍ਹਾਂ ਕਿਹਾ ਕਿ ਸੜਕਾਂ ਤੇ ਦੁਕਾਨਾਂ ਅੱਗੇ ਰੱਖੇ ਸਮਾਨ ਕਾਰਨ ਬਾਜ਼ਾਰਾਂ ਵਿੱਚ ਟਰੈਫਿਕ ਦੀ ਸਮੱਸਿਆ ਵੀ ਆ ਰਹੀ ਹੈ, ਸੜਕਾਂ 'ਤੇ ਕਈ-ਕਈ ਫੁੱਟ ਕੌਂਸਲ ਦੀ ਜਗ੍ਹਾ ਤੇ ਕੀਤੇ ਨਾਜਾਇਜ਼ ਕਬਜ਼ਿਆਂ ਨੂੰ ਹਟਾ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸੜਕਾਂ ਦੇ ਦੋਵੇਂ ਪਾਸੇ ਪੀਲੀਆਂ ਪੱਟੀਆਂ ਲਗਾ ਕੇ ਸੀਮਾ ਨਿਰਧਾਰਤ ਕੀਤੀ ਜਾਵੇਗੀ। ਇਸ ਤੋਂ ਇਲਾਵਾ ਨਗਰ ਕੌਂਸਲ ਵੱਲੋਂ ਕਬਜ਼ਿਆਂ ਵਿਰੁੱਧ ਅਚਨਚੇਤ ਛਾਪੇਮਾਰੀ ਜਾਰੀ ਰਹੇਗੀ। ਨਗਰ ਕੌਂਸਲ ਵੱਲੋਂ ਨਜਾਇਜ਼ ਕਬਜ਼ਿਆਂ ਖ਼ਿਲਾਫ਼ ਕੀਤੀ ਕਾਰਵਾਈ ਦੀ ਆਮ ਸ਼ਹਿਰੀਆਂ ਵੱਲੋਂ ਸਰਾਹਨਾ ਕੀਤੀ ਜਾ ਰਹੀ ਹੈ।