ਅੰਮ੍ਰਿਤਸਰ : ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐੱਸ.ਪੀ.ਸੀ.ਐੱਲ.) ਦੇ ਡਾਇਰੈਕਟਰ ਐਡਮਿਨ ਜਸਬੀਰ ਸਿੰਘ ਸੁਰ ਸਿੰਘ ਨੇ ਅੰਮ੍ਰਿਤਸਰ ਦੇ ਪੌਸ਼ ਇਲਾਕੇ ਵਾਈਟ ਐਵੀਨਿਊ ਦੇ ਵਸਨੀਕਾਂ ਨਾਲ ਇਕ ਮੀਟਿੰਗ ਕੀਤੀ, ਤਾਂ ਜ਼ੋ ਵਸਨੀਕਾਂ ਨੂੰ ਦਰਪੇਸ਼ ਬਿਜਲੀ ਸੰਬੰਧੀ ਸਮੱਸਿਆਵਾਂ ਬਾਰੇ ਵਿਚਾਰ-ਵਟਾਂਦਰਾ ਕੀਤਾ ਜਾ ਸਕੇ। ਜਿਕਰਯੋਗ ਹੈ ਕਿ ਡਾਇਰੈਕਟਰ ਐਡਮਿਨ ਇੱਥੇ ਵਾਈਟ ਐਵੀਨਿਊ ਵੈਲਫੇਅਰ ਸੁਸਾਇਟੀ ਵੱਲੋਂ ਲਗਾਏ ਗਏ ਸਿਹਤ ਜਾਂਚ ਕੈਂਪ ਦਾ ਉਦਘਾਟਨ ਕਰਨ ਲਈ ਮੁੱਖ ਮਹਿਮਾਨ ਵਜੋਂ ਪੁੱਜੇ ਹੋਏ ਸਨ। ਇਸ ਮੌਕੇ ਉਨ੍ਹਾਂ ਨਾਲ ਡਿਪਟੀ ਚੀਫ਼ ਇੰਜੀਨੀਅਰ (ਸਿਟੀ ਸਰਕਲ) ਇੰਜ. ਰਾਜੀਵ ਪਰਾਸ਼ਰ, ਐਕਸੀਅਨ ਇੰਜ. ਮਨਦੀਪ ਸਿੰਘ, ਐਸ.ਡੀ.ਓ ਅਤੇ ਹੋਰ ਅਧਿਕਾਰੀ ਵੀ ਮੌਜੂਦ ਸਨ। ਇਸ ਦੌਰਾਨ ਇਲਾਕਾ ਨਿਵਾਸੀਆਂ ਨਾਲ ਗੱਲਬਾਤ ਕਰਦੇ ਹੋਏ ਇੰਜ. ਪਰਾਸ਼ਰ ਨੇ ਬਿਜਲੀ ਦੀ ਖਪਤ ਦੀ ਨਿਗਰਾਨੀ ਦੀ ਕੁਸ਼ਲਤਾ ਅਤੇ ਗੁਣਵੱਤਾ ਨੂੰ ਵਧਾਉਣ ਲਈ ਪੇਸ਼ ਕੀਤੀਆਂ ਜਾ ਰਹੀਆਂ ਤਕਨੀਕੀ ਤਰੱਕੀਆਂ 'ਤੇ ਜ਼ੋਰ ਦਿੰਦਿਆਂ, ਸਮਾਰਟ ਮੀਟਰਾਂ ਨੂੰ ਲਾਗੂ ਕਰਨ ਬਾਰੇ ਵਸਨੀਕਾਂ ਨੂੰ ਜਾਗਰੂਕ ਕੀਤਾ। ਉਨ੍ਹਾਂ ਨੇ ਇਲਾਕਾ ਨਿਵਾਸੀਆਂ ਨੂੰ ਦੱਸਿਆ ਗਿਆ ਕਿ ਪੰਜਾਬ ਸਰਕਾਰ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ ਦੀ ਅਗਵਾਈ ਹੇਠ ਇਹ ਯਕੀਨੀ ਬਣਾਉਣ ਨੂੰ ਤਰਜੀਹ ਦਿੱਤੀ ਹੈ ਕਿ ਖਪਤਕਾਰਾਂ ਨੂੰ ਬਿਜਲੀ ਸੰਬੰਧੀ ਕੋਈ ਵੀ ਚੁਣੌਤੀਆਂ ਦਾ ਸਾਹਮਣਾ ਨਾ ਕਰਨਾ ਪਵੇ। ਮੀਟਿੰਗ ਦੌਰਾਨ ਇਲਾਕਾ ਵਾਸੀਆਂ ਨੂੰ ਸੂਬਾ ਸਰਕਾਰ ਵੱਲੋਂ ਬਿਜਲੀ ਵੰਡ ਨੂੰ ਸੁਚਾਰੂ ਬਣਾਉਣ ਲਈ ਬਣਾਈਆਂ ਗਈਆਂ ਵੱਖ-ਵੱਖ ਨੀਤੀਆਂ ਤੋਂ ਵੀ ਜਾਣੂ ਕਰਵਾਇਆ ਗਿਆ।
ਡਾਇਰੈਕਟਰ ਐਡਮਿਨ ਜਸਬੀਰ ਸਿੰਘ ਸੁਰ ਸਿੰਘ ਨੇ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐੱਸ.ਪੀ.ਸੀ.ਐੱਲ.) ਵੱਲੋਂ ਖਪਤਕਾਰਾਂ ਨੂੰ ਬਿਜਲੀ ਦੀ ਨਿਰਵਿਘਨ ਸਪਲਾਈ ਜਾਰੀ ਰੱਖਣ ਸਬੰਧੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਸ਼ਹਿਰ ਵਾਸੀਆਂ ਨੂੰ ਉਨ੍ਹਾਂ ਦੀਆਂ ਸ਼ਿਕਾਇਤਾਂ ਦਾ ਜਲਦੀ ਨਿਪਟਾਰਾ ਕਰਨ ਦਾ ਭਰੋਸਾ ਦਿੱਤਾ। ਉਨ੍ਹਾਂ ਨੇ ਖਪਤਕਾਰਾਂ ਦੀਆਂ ਚਿੰਤਾਵਾਂ ਨੂੰ ਤੁਰੰਤ ਹੱਲ ਕਰਨ ਲਈ ਪੀ.ਐਸ.ਪੀ.ਸੀ.ਐਲ ਦੀ ਸਰਗਰਮ ਸੋਚ 'ਤੇ ਜ਼ੋਰ ਦਿੱਤਾ। ਉਨ੍ਹਾਂ ਨੇ ਜੋਰ ਦਿੰਦਿਆਂ ਕਿਹਾ ਕਿ ਕਈ ਦਹਾਕੇ ਪਹਿਲਾਂ ਲਗਾਏ ਗਏ ਖੰਭਿਆਂ ਨੂੰ ਇੱਕ ਮਹੀਨੇ ਵਿੱਚ ਬਦਲ ਦਿੱਤਾ ਜਾਵੇਗਾ। ਮੀਟਿੰਗ ਵਿੱਚ ਅਜਿਹੇ ਵਸਨੀਕ ਵੀ ਦੇਖਣ ਨੂੰ ਮਿਲੇ ਜਿਹੜੇ ਖਾਸ ਤੌਰ ਤੇ ਗਰਮੀ ਦੇ ਮਹੀਨਿਆਂ ਦੌਰਾਨ ਸੂਬਾ ਸਰਕਾਰ ਅਤੇ ਪੀ.ਐਸ.ਪੀ.ਸੀ.ਐਲ ਦੇ ਬਿਜਲੀ ਦੀ ਨਿਰਵਿਘਨ ਸਪਲਾਈ ਪ੍ਰਦਾਨ ਕਰਨ ਹਿਤ ਸ਼ਲਾਘਾਯੋਗ ਯਤਨਾਂ ਲਈ ਪ੍ਰਸ਼ੰਸਾ ਕਰ ਰਹੇ ਸਨ। ਲੋਕਾਂ ਨੇ ਖਪਤਕਾਰਾਂ 'ਤੇ ਬੋਝ ਨੂੰ ਘਟਾਉਣ ਲਈ ਸਰਕਾਰ ਅਤੇ ਪਾਵਰ ਕਾਰਪੋਰੇਸ਼ਨ ਦੇ ਠੋਸ ਯਤਨਾਂ ਦੀ ਸ਼ਲਾਘਾ ਕੀਤੀ। ਮੀਟਿੰਗ ਦੀ ਸਮਾਪਤੀ 'ਤੇ ਡਾਇਰੈਕਟਰ ਐਡਮਿਨ ਜਸਬੀਰ ਸਿੰਘ ਸੁਰ ਸਿੰਘ ਨੇ ਵਸਨੀਕਾਂ ਦੇ ਵਡਮੁੱਲੇ ਫੀਡਬੈਕ ਲਈ ਧੰਨਵਾਦ ਕੀਤਾ ਅਤੇ ਉਨ੍ਹਾਂ ਨੂੰ ਭਰੋਸਾ ਦਿਵਾਇਆ ਕਿ ਪੀ.ਐਸ.ਪੀ.ਸੀ.ਐਲ ਬਿਜਲੀ ਸਪਲਾਈ ਦੇ ਉੱਚ ਮਿਆਰਾਂ ਨੂੰ ਬਰਕਰਾਰ ਰੱਖਣ ਲਈ ਤਨਦੇਹੀ ਨਾਲ ਕੰਮ ਕਰਨਾ ਜਾਰੀ ਰੱਖੇਗਾ, ਤਾਂ ਜ਼ੋ ਵਸਨੀਕਾਂ ਦੇ ਆਰਾਮ ਅਤੇ ਸੰਤੁਸ਼ਟੀ ਨੂੰ ਯਕੀਨੀ ਬਣਾਇਆ ਜਾ ਸਕੇ। ਇਸ ਮੌਕੇ ਪੰਜਾਬ ਰੈਵੀਨਿਊ ਪਟਵਾਰ ਯੂਨੀਅਨ ਦੇ ਪ੍ਰਧਾਨ ਨਿਰਮਲ ਜੀਤ ਸਿੰਘ ਬਾਜਵਾ ਅਤੇ ਕਈ ਉੱਘੇ ਉਦਯੋਗਪਤੀ ਵੀ ਹਾਜ਼ਰ ਸਨ।