ਸੁਨਾਮ : ਜਲਿਆਂਵਾਲਾ ਬਾਗ਼ ਦੇ ਖ਼ੂਨੀ ਸਾਕੇ ਦਾ ਬਦਲਾ ਲੈਣ ਵਾਲੇ ਸੁਨਾਮ ਦੇ ਜੰਮਪਲ ਮਹਾਨ ਸਪੂਤ ਸ਼ਹੀਦ ਊਧਮ ਸਿੰਘ ਦੇ ਜੱਦੀ ਅੰਦਰ ਸ਼ਹਿਰ ਦੀ ਦਹਾਕਿਆਂ ਪੁਰਾਣੀ ਸਮੱਸਿਆ ਦੇ ਸਥਾਈ ਹੱਲ ਲਈ ਮੰਗਲਵਾਰ ਨੂੰ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਰੇਲਵੇ ਸਟੇਸ਼ਨ ਤੋਂ ਮਾਲ ਗੋਦਾਮ ਤੱਕ ਸੜਕ ਨੂੰ ਚੌੜਾ ਕਰਨ ਦਾ ਨੀਂਹ ਪੱਥਰ ਰੱਖਿਆ। ਇਸ ਮੌਕੇ ਬੋਲਦਿਆਂ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ 850 ਫੁੱਟ ਲੰਬੀ ਸੜਕ ਨੂੰ 10 ਫੁੱਟ ਅਤੇ ਇੰਦਰਾ ਬਸਤੀ ਵੱਲ ਜਾਣ ਵਾਲੀ 2500 ਫੁੱਟ ਲੰਬੀ ਸੜਕ ਨੂੰ 10 ਫੁੱਟ ਚੌੜਾ ਕਰਨ 'ਤੇ 2 ਕਰੋੜ 41 ਲੱਖ ਰੁਪਏ ਖਰਚ ਕੀਤੇ ਜਾਣਗੇ, ਜਿਸ ਨਾਲ ਟ੍ਰੈਫਿਕ ਦੀ ਸਮੱਸਿਆ ਦੂਰ ਹੋ ਜਾਵੇਗੀ। ਉਨ੍ਹਾਂ ਦੱਸਿਆ ਕਿ ਇਸ ਜਗ੍ਹਾ ਲਈ ਕਰੀਬ 76 ਲੱਖ ਰੁਪਏ ਰੇਲਵੇ ਵਿਭਾਗ ਨੂੰ ਲੀਜ਼ ਵਜੋਂ ਦਿੱਤੇ ਗਏ ਹਨ। ਇਸ ਪੂਰੇ ਪ੍ਰਾਜੈਕਟ ’ਤੇ 3 ਕਰੋੜ 17 ਲੱਖ ਰੁਪਏ ਦੀ ਲਾਗਤ ਆਵੇਗੀ ਅਤੇ ਇਸ ਨੂੰ ਅਗਲੇ ਤਿੰਨ ਮਹੀਨਿਆਂ ਵਿੱਚ ਮੁਕੰਮਲ ਕਰਨਾ ਯਕੀਨੀ ਬਣਾਇਆ ਜਾਵੇਗਾ।
ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਬਣਨ ਤੋਂ ਪਹਿਲਾਂ ਉਨ੍ਹਾਂ ਹਲਕਾ ਵਾਸੀਆਂ ਨਾਲ ਜੋ ਵਾਅਦੇ ਕੀਤੇ ਸਨ, ਉਹ ਹੁਣ ਇਕ-ਇਕ ਕਰਕੇ ਪੂਰੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਭਾਵੇਂ ਉਹ ਸ਼ਹਿਰ ਦੀ ਵਕਾਰੀ ਸੰਸਥਾ ਸ਼ਹੀਦ ਊਧਮ ਸਿੰਘ ਆਈ.ਟੀ.ਆਈ. ਦਾ ਨਵੀਨੀਕਰਨ ਹੋਵੇ ਜਾਂ ਟ੍ਰੈਫਿਕ ਸਮੱਸਿਆ ਦਾ ਹੱਲ, ਇਹ ਸਾਰੇ ਕੰਮ ਲੋਕਾਂ ਦੀ ਮੰਗ ਅਨੁਸਾਰ ਪੂਰੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਰੇਲਵੇ ਲਾਈਨ ਦੇ ਦੋਵੇਂ ਪਾਸੇ ਸੜਕ ਚੌੜੀ ਕਰਨ ਦੇ ਪ੍ਰਾਜੈਕਟ ਨੂੰ ਪਿਛਲੀਆਂ ਸਰਕਾਰਾਂ ਵੱਲੋਂ ਅਣਗੌਲਿਆ ਕੀਤਾ ਗਿਆ ਸੀ।
ਇਸ ਮੌਕੇ ਨਗਰ ਕੌਂਸਲ ਪ੍ਰਧਾਨ ਨਿਸ਼ਾਨ ਸਿੰਘ ਟੋਨੀ, ਮੀਤ ਪ੍ਰਧਾਨ ਆਸ਼ਾ ਬਜਾਜ, ਰਵੀ ਕਮਲ ਗੋਇਲ, ਅਮਰੀਕ ਸਿੰਘ ਧਾਲੀਵਾਲ, ਨਰਿੰਦਰ ਸਿੰਘ ਕਣਕਵਾਲ ਠੇਕੇਦਾਰ, ਸਾਬਕਾ ਕੌਂਸਲਰ ਬਲਜੀਤ ਸਿੰਘ ਬਿਸ਼ਨਪੁਰਾ, ਜਤਿੰਦਰ ਜੈਨ, ਬਾਵਾ ਸਿੰਘ ਢਾਬੇਵਾਲਾ, ਚਮਕੌਰ ਸਿੰਘ ਹਾਂਡਾ, ਹਰਮੇਸ਼ ਸਿੰਘ ਪੱਪੀ ਐਮ ਸੀ, ਸੁਭਾਸ਼ ਤਨੇਜਾ, ਘਨ੍ਹਈਆ ਲਾਲ, ਰਾਮ ਭਟਾਲੀਆ, ਮਨਪ੍ਰੀਤ ਬਾਂਸਲ ਅਤੇ ਵੱਡੀ ਗਿਣਤੀ ਵਿੱਚ ਪਤਵੰਤੇ ਅਤੇ ਸ਼ਹਿਰ ਵਾਸੀ ਹਾਜ਼ਰ ਸਨ।