ਪਟਿਆਲਾ : ਪੰਜਾਬ ਸਰਕਾਰ ਦੇ ਹੁਕਮਾਂ ਅਨੁਸਾਰ ਅੱਜ ਸ੍ਰੀਮਤੀ ਹਰਪ੍ਰੀਤ ਕੌਰ ਨੇ ਭਾਸ਼ਾ ਵਿਭਾਗ, ਪੰਜਾਬ ਦੇ ਨਿਰਦੇਸ਼ਕ (ਡਾਇਰੈਕਟਰ) ਵਜੋਂ ਵਿਭਾਗ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਦੀ ਹਾਜਰੀ ਵਿੱਚ ਅਹੁਦਾ ਸੰਭਾਲਿਆ। ਇਸ ਮੌਕੇ ਉਹਨਾਂ ਕਿਹਾ ਕਿ ਉਹ ਮੁੱਖ ਮੰਤਰੀ, ਪੰਜਾਬ ਸ. ਭਗਵੰਤ ਸਿੰਘ ਮਾਨ, ਉਚੇਰੀ ਸਿੱਖਿਆ ਅਤੇ ਭਾਸ਼ਾਵਾਂ ਮੰਤਰੀ, ਪੰਜਾਬ ਸ. ਹਰਜੋਤ ਸਿੰਘ ਬੈਂਸ ਅਤੇ ਸਕੱਤਰ ਉਚੇਰੀ ਸਿੱਖਿਆ ਤੇ ਭਾਸ਼ਾਵਾਂ ਸ੍ਰੀ ਕਮਲ ਕਿਸ਼ੋਰ ਯਾਦਵ ਦੇ ਅਤਿ ਧੰਨਵਾਦੀ ਹਨ ਜਿਨ੍ਹਾਂ ਨੇ ਪੰਜਾਬੀ ਮਾਂ ਬੋਲੀ ਦੀ ਸੇਵਾ ਕਰਨ ਲਈ ਡਾਇਰੈਕਟਰ, ਭਾਸ਼ਾ ਵਿਭਾਗ, ਪੰਜਾਬ ਦੀ ਜੁੰਮੇਵਾਰੀ ਸੌਂਪੀ ਹੈ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਜੋ ਜਿੰਮੇਵਾਰੀ ਸੌਂਪੀ ਗਈ ਹੈ, ਉਸਨੂੰ ਪੂਰੀ ਤਨਦੇਹੀ ਅਤੇ ਜਿੰਮੇਵਾਰੀ ਨਾਲ ਨਿਭਾਉਣ ਵਿੱਚ ਆਪਣਾ ਪੂਰਾ ਤਾਣ ਲਾਣਗੇ।
ਸ੍ਰੀਮਤੀ ਹਰਪ੍ਰੀਤ ਕੌਰ ਨੇ ਕਿਹਾ ਕਿ ਉਸਦੀ ਪੂਰੀ ਕੋਸ਼ਿਸ ਰਹੇਗੀ ਕਿ ਪੰਜਾਬ ਸਰਕਾਰ ਦੀਆਂ ਪੰਜਾਬੀ ਭਾਸ਼ਾ ਨੂੰ ਪ੍ਰਫੁੱਲਤ ਕਰਨ ਸਬੰਧੀ ਚਲਾਈਆਂ ਜਾ ਰਹੀਆਂ ਨੀਤੀਆਂ ਤੇ ਯੋਜਨਾਵਾਂ ਨੂੰ ਹੋਰ ਵੀ ਵਧੇਰੇ ਸ਼ਿੱਦਤ ਨਾਲ ਲਾਗੂ ਕਰਨ ਦੇ ਯਤਨ ਕੀਤੇ ਜਾਣ। ਇਸ ਦੇ ਨਾਲ ਹੀ ਉਹਨਾਂ ਭਾਸ਼ਾ ਵਿਭਾਗ, ਪੰਜਾਬ ਦੇ ਸਮੂਹ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਅਪੀਲ ਕੀਤੀ ਕਿ ਸਾਰੇ ਇਕਜੁੱਟ ਹੋ ਕੇ ਪੰਜਾਬੀ ਮਾਂ ਬੋਲੀ ਦੇ ਵਿਕਾਸ ਲਈ ਹੰਭਲੇ ਮਾਰੀਏ ਅਤੇ ਪੰਜਾਬੀ ਮਾਂ ਬੋਲੀ ਦਾ ਨਾਮ ਸਮੁੱਚੇ ਸੰਸਾਰ ਵਿਚ ਉਜਾਗਰ ਕਰੀਏ। ਉਹਨਾਂ ਇਹ ਵੀ ਵਾਅਦਾ ਕੀਤਾ ਕਿ ਪੰਜਾਬੀ ਮਾਂ ਬੋਲੀ ਦੀ ਸੇਵਾ ਕਰ ਰਹੇ ਸਾਹਿਤਕਾਰਾਂ/ਲੇਖਕਾਂ ਨੂੰ ਵਿਭਾਗ ਵੱਲੋਂ ਬਣਦਾ ਸਤਿਕਾਰ ਤੇ ਸਨਮਾਨ ਦਿੱਤਾ ਜਾਵੇਗਾ। ਇਸ ਮੌਕੇ ਭਾਸ਼ਾ ਵਿਭਾਗ, ਪੰਜਾਬ ਦੇ ਡਿਪਟੀ ਡਾਇਰੈਕਟਰ ਸ. ਸਤਨਾਮ ਸਿੰਘ, ਸਹਾਇਕ ਡਾਇਰੈਕਟਰ ਅਲੋਕ ਚਾਵਲਾ, ਅਮਰਿੰਦਰ ਸਿੰਘ, ਤੇਜਿੰਦਰ ਸਿੰਘ ਗਿੱਲ, ਸੁਖਪ੍ਰੀਤ ਕੌਰ ਅਤੇ ਜਸਪ੍ਰੀਤ ਕੌਰ ਸੁਪਰਡੰਟ ਭੁਪਿੰਦਰ ਸਿੰਘ ਤੇ ਭੁਪਿੰਦਰਪਾਲ ਸਿੰਘ, ਖੋਜ ਅਫਸਰ ਰਾਬੀਆ, ਸੰਤੋਖ ਸਿੰਘ (ਡਾ.), ਸੁਖਦਰਸ਼ਨ ਸਿੰਘ ਚਹਿਲ (ਡਾ.), ਸਤਪਾਲ ਸਿੰਘ, ਮਨਜਿੰਦਰ ਸਿੰਘ (ਡਾ.), ਬਲਦੇਵ ਸਿੰਘ ਭੁੱਲਰ, ਖੋਜ ਸਹਾਇਕ ਗੁਰਮੀਤ ਸਿੰਘ, ਹਰਪ੍ਰੀਤ ਸਿੰਘ, ਮਹੇਸ਼ਇੰਦਰ ਖੋਸਲਾ, ਸ਼ਰਨਜੀਤ ਕੌਰ ਤੋਂ ਇਲਾਵਾ ਨੇਹਾ ਵਰਮਾ, ਮਨਜਿੰਦਰ ਸਿੰਘ ਅਤੇ ਵਿਭਾਗ ਦੇ ਵੱਡੀ ਗਿਣਤੀ ਵਿਚ ਕਰਮਚਾਰੀ ਹਾਜਰ ਸਨ।