Friday, November 22, 2024

Doaba

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸਰਕਾਰੀ ਦਫ਼ਤਰਾਂ ਦਾ ਅਚਨਚੇਤੀ ਦੌਰਾ ਜਾਰੀ, ਲੋਕਾਂ ਨੇ ਮੁੱਖ ਮੰਤਰੀ ਦੇ ਕੰਮ ਦੀ ਕੀਤੀ ਸ਼ਲਾਘਾ

December 15, 2023 02:51 PM
SehajTimes
ਹੁਸ਼ਿਆਰਪੁਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਰਕਾਰੀ ਦਫ਼ਤਰਾਂ ਦੀ ਅਚਨਚੇਤੀ ਜਾਂਚ ਦੀ ਕਾਰਵਾਈ ਨੂੰ ਜਾਰੀ ਰੱਖਦਿਆਂ ਵੀਰਵਾਰ ਨੂੰ ਸਥਾਨਕ ਤਹਿਸੀਲ ਕੰਪਲੈਕਸ ਵਿਖੇ ਲੋਕਾਂ ਨੂੰ ਨਾਗਰਿਕ ਕੇਂਦਰਿਤ ਸੇਵਾਵਾਂ ਨਿਰਵਿਘਨ ਮੁਹੱਈਆ ਕਰਵਾਉਣ ਲਈ ਚੈਕਿੰਗ ਕੀਤੀ। ਮੁੱਖ ਮੰਤਰੀ ਨੇ ਸ਼ਾਮੀਂ ਤਹਿਸੀਲ ਕੰਪਲੈਕਸ ਦਾ ਮੁਆਇਨਾ ਕੀਤਾ ਅਤੇ ਕੰਪਲੈਕਸ ਵਿੱਚ ਸਥਿਤ ਵੱਖ-ਵੱਖ ਦਫ਼ਤਰਾਂ ਦੀ ਚੈਕਿੰਗ ਕਰਨ ਤੋਂ ਇਲਾਵਾ ਲੋਕਾਂ ਨਾਲ ਗੱਲਬਾਤ ਵੀ ਕੀਤੀ। ਉਨ੍ਹਾਂ ਲੋਕਾਂ ਨੂੰ ਦਰਪੇਸ਼ ਸਮੱਸਿਆਵਾਂ ਬਾਰੇ ਕਿਹਾ ਕਿ ਜੇ ਉਨ੍ਹਾਂ ਨੂੰ ਕੋਈ ਮੁਸ਼ਕਲ ਪੇਸ਼ ਆ ਰਹੀ ਹੈ ਤਾਂ ਬਿਨਾਂ ਕਿਸੇ ਦੇਰੀ ਦੇ ਤੁਰੰਤ ਹੱਲ ਕਰਨ ਨੂੰ ਯਕੀਨੀ ਬਣਾਇਆ ਜਾਵੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਪੰਜਾਬ ਦੇ ਸਰਬਪੱਖੀ ਵਿਕਾਸ ਅਤੇ ਇੱਥੋਂ ਦੇ ਲੋਕਾਂ ਦੀ ਖੁਸ਼ਹਾਲੀ ਲਈ ਵਚਨਬੱਧ ਹੈ।
 

ਸਥਿਤੀ ਦਾ ਜਾਇਜ਼ਾ ਲੈਣ ਲਈ ਮੁੱਖ ਮੰਤਰੀ ਦੇ ਖੁਦ ਲੋਕਾਂ ਵਿੱਚ ਆਉਣ ਕਾਰਨ ਲੋਕਾਂ ਨੇ ਉਨ੍ਹਾਂ ਦਾ ਖੁੱਲ੍ਹ ਕੇ ਸਵਾਗਤ ਕੀਤਾ। ਆਪਣੀ ਸੁਰੱਖਿਆ ਦੀ ਪ੍ਰਵਾਹ ਕੀਤੇ ਬਿਨਾਂ ਭਗਵੰਤ ਸਿੰਘ ਮਾਨ ਨੇ ਵੀ ਲੋਕਾਂ ਨਾਲ ਜੋਸ਼ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਦਾ ਹਾਲ-ਚਾਲ ਪੁੱਛਿਆ। ਤਹਿਸੀਲ ਕੰਪਲੈਕਸ ਵਿੱਚ ਮੌਜੂਦ ਲੋਕਾਂ ਨੇ ਉਨ੍ਹਾਂ ਦੀ ਤਾਰੀਫ਼ ਕਰਦਿਆਂ ਕਿਹਾ ਕਿ ਉਹ ਚੰਗਾ ਕੰਮ ਕਰ ਰਹੇ ਹਨ ਅਤੇ ਜ਼ਾਹਰ ਹੈ ਕਿ ਰਾਜ ਵਿੱਚ ਮਹਾਰਾਜਾ ਰਣਜੀਤ ਸਿੰਘ ਦੇ ਰਾਜ ਵਰਗਾ ਚੰਗਾ ਸਮਾਂ ਵਾਪਸ ਆ ਗਿਆ ਹੈ। ਨਿਰੀਖਣ ਦੌਰਾਨ ਹਾਜ਼ਰ ਲੋਕਾਂ ਨੇ ਮੁੱਖ ਮੰਤਰੀ ਨਾਲ ਸੈਲਫੀ ਵੀ ਲਈਆਂ ਅਤੇ ਲੋਕ ਭਲਾਈ ਲਈ ਕੀਤੇ ਸ਼ਾਨਦਾਰ ਕੰਮ ਲਈ ਉਨ੍ਹਾਂ ਦਾ ਧੰਨਵਾਦ ਕੀਤਾ। ਇਸ ਦੌਰਾਨ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਸਮਾਜ ਦੇ ਹਰ ਵਰਗ ਦੇ ਸਰਵਪੱਖੀ ਵਿਕਾਸ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਇਸ ਨੇਕ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ ਅਤੇ ਲੋਕਾਂ ਨੂੰ ਇਸ ਦਾ ਭਰਪੂਰ ਲਾਭ ਮਿਲੇਗਾ। ਇਸ ਦੌਰਾਨ ਦਫ਼ਤਰਾਂ ਵਿੱਚ ਸਟਾਫ਼ ਨਾਲ ਗੱਲਬਾਤ ਦੌਰਾਨ ਮੁੱਖ ਮੰਤਰੀ ਨੇ ਉਨ੍ਹਾਂ ਨੂੰ ਮਿਸ਼ਨਰੀ ਭਾਵਨਾ ਨਾਲ ਲੋਕਾਂ ਦੀ ਸੇਵਾ ਕਰਨ ਦਾ ਸੱਦਾ ਦਿੱਤਾ।
 
 
ਭਗਵੰਤ ਸਿੰਘ ਮਾਨ ਨੇ ਉਨ੍ਹਾਂ ਨੂੰ ਸਮਾਜ ਦੇ ਲੋੜਵੰਦ ਅਤੇ ਪਛੜੇ ਵਰਗਾਂ ਦੀ ਮਦਦ ਲਈ ਆਪਣੀ ਕਲਮ ਦੀ ਵਰਤੋਂ ਕਰਨ ਲਈ ਕਿਹਾ। ਉਨ੍ਹਾਂ ਕਿਹਾ ਕਿ ਪਰਮਾਤਮਾ ਨੇ ਉਨ੍ਹਾਂ ਨੂੰ ਸ਼ਕਤੀ ਦਿੱਤੀ ਹੈ ਅਤੇ ਉਹ ਜਨਤਾ ਦੀ ਵੱਧ ਤੋਂ ਵੱਧ ਭਲਾਈ ਯਕੀਨੀ ਬਣਾਉਣ ਤਾਂ ਜੋ ਸਮਾਜ ਦੇ ਹਰ ਵਰਗ ਨੂੰ ਇਸ ਦਾ ਲਾਭ ਮਿਲ ਸਕੇ, ਉਨ੍ਹਾਂ ਨੇ ਡੀਸੀ ਅਤੇ ਐਸਐਸਪੀ ਨੂੰ ਕਿਹਾ ਕਿ ਉਹ ਲੋਕਾਂ ਦੇ ਮਸਲੇ ਹੱਲ ਕਰਨ ਲਈ ਤਹਿਸੀਲ ਕੰਪਲੈਕਸ ਵਿੱਚ ਆਪਣੇ ਕੈਂਪ ਦਫ਼ਤਰ ਸਥਾਪਤ ਕਰਨ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਲੋਕਾਂ ਨੂੰ 43 ਸੇਵਾਵਾਂ ਘਰ-ਘਰ ਮੁਹੱਈਆ ਕਰਵਾਉਣ ਲਈ 'ਭਗਵੰਤ ਮਾਨ ਸਰਕਾਰ, ਤੁਹਾਡੇ ਦੁਆਰ' ਸਕੀਮ ਸ਼ੁਰੂ ਕੀਤੀ ਹੈ। ਭਗਵੰਤ ਸਿੰਘ ਨੇ ਉਮੀਦ ਜ਼ਾਹਰ ਕੀਤੀ ਕਿ ਟੋਲ ਫਰੀ ਨੰਬਰ 1076 ਤੈਅ ਸਮੇਂ ਦੇ ਅੰਦਰ ਲੋਕਾਂ ਨੂੰ ਸਰਕਾਰੀ ਸੇਵਾਵਾਂ ਪ੍ਰਦਾਨ ਕਰਨ ਲਈ ਇਕ ਪ੍ਰੇਰਕ ਵਜੋਂ ਕੰਮ ਕਰੇਗਾ। ਉਨ੍ਹਾਂ ਕਿਹਾ ਕਿ ਉਹ ਪੁਰਾਣੇ ਆਗੂਆਂ ਦੇ ਉਲਟ ਆਮ ਲੋਕਾਂ ਨੂੰ ਲਾਭ ਪਹੁੰਚਾਉਣ ਲਈ ਜ਼ਮੀਨੀ ਪੱਧਰ ਦੀ ਸਥਿਤੀ ਦਾ ਜਾਇਜ਼ਾ ਲੈਣ ਲਈ ਲਗਾਤਾਰ ਸੂਬੇ ਦਾ ਦੌਰਾ ਕਰ ਰਹੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਨੇ ਹਮੇਸ਼ਾ ਹੀ ਹਰ ਖੇਤਰ ਵਿੱਚ ਦੇਸ਼ ਦੀ ਅਗਵਾਈ ਕੀਤੀ ਹੈ ਅਤੇ ਇਸ ਗੱਲ ਤੋਂ ਕੋਈ ਵੀ ਅਣਜਾਣ ਨਹੀਂ ਕਿ ਦੇਸ਼ ਲਈ ਆਪਣੀਆਂ ਜਾਨਾਂ ਵਾਰਨ ਵਾਲੇ 90 ਫੀਸਦ ਤੋਂ ਵੱਧ ਮਹਾਨ ਦੇਸ਼ ਭਗਤ ਪੰਜਾਬੀ ਸਨ। ਉਨ੍ਹਾਂ ਕਿਹਾ ਕਿ ਜਦੋਂ ਵੀ ਭਾਰਤ ਨੂੰ ਅੰਦਰੂਨੀ ਜਾਂ ਬਾਹਰੀ ਹਮਲੇ ਦੀ ਚੁਣੌਤੀ ਦਾ ਸਾਹਮਣਾ ਕਰਨਾ ਪਿਆ ਤਾਂ ਪੰਜਾਬੀਆਂ ਨੇ ਅੱਗੇ ਹੋ ਕੇ ਦੇਸ਼ ਦੀ ਅਗਵਾਈ ਕੀਤੀ।
 
 
ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਤੱਥ ਤੋਂ ਹਰ ਕੋਈ ਜਾਣੂ ਹੈ ਕਿ ਸੂਬੇ ਦੇ ਮਿਹਨਤੀ ਕਿਸਾਨਾਂ ਨੇ ਦੇਸ਼ ਨੂੰ ਅਨਾਜ ਉਤਪਾਦਨ ਵਿੱਚ ਆਤਮ-ਨਿਰਭਰ ਬਣਾਉਣ ਵਿੱਚ ਅਹਿਮ ਭੂਮਿਕਾ ਨਿਭਾਈ ਹੈ। ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਮੁੱਖ ਮੰਤਰੀ ਨੇ ਆਰ.ਡੀ.ਐਫ., ਐਨ.ਐਚ.ਐਮ. ਅਤੇ ਹੋਰ ਫੰਡਾਂ ਵਿੱਚ ਸੂਬੇ ਦੇ ਬਣਦੇ ਹਿੱਸੇ ਨੂੰ ਰੋਕਣ ਲਈ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੀ ਆਲੋਚਨਾ ਕੀਤੀ। ਉਨ੍ਹਾਂ ਕਿਹਾ ਕਿ ਕੇਂਦਰ ਵੱਲੋਂ ਸੂਬੇ ਨਾਲ ਮਤਰੇਈ ਮਾਂ ਵਾਲਾ ਸਲੂਕ ਕੀਤਾ ਜਾ ਰਿਹਾ ਹੈ, ਜੋ ਕਿ ਪੂਰੀ ਤਰ੍ਹਾਂ ਗਲਤ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਕੇਂਦਰ ਸਰਕਾਰ ਨੂੰ ਵੱਡੀ ਗਲਤਫਹਿਮੀ ਹੈ ਕਿਉਂਕਿ ਉਹ ਸਮਝਦੀ ਹੈ ਕਿ ਉਹ ਫੰਡਾਂ ਨੂੰ ਰੋਕ ਕੇ ਸੂਬੇ ਦੇ ਵਿਕਾਸ ਨੂੰ ਰੋਕ ਸਕਦੀ ਹੈ। ਇਸ ਗੱਲ ਨੂੰ ਦੁਹਰਾਉਂਦਿਆਂ ਕਿ ਪੰਜਾਬ ਕੋਲ ਦੂਜੇ ਸੂਬਿਆਂ ਨੂੰ ਦੇਣ ਲਈ ਪਾਣੀ ਦੀ ਇੱਕ ਬੂੰਦ ਵੀ ਨਹੀਂ ਹੈ, ਮੁੱਖ ਮੰਤਰੀ ਨੇ ਕਿਹਾ ਕਿ ਉਹ ਐਸ.ਵਾਈ.ਐਲ. ਮੁੱਦੇ 'ਤੇ ਕੇਂਦਰੀ ਜਲ ਸਰੋਤ ਮੰਤਰੀ ਵੱਲੋਂ ਬੁਲਾਈ ਗਈ ਮੀਟਿੰਗ ਵਿੱਚ ਜ਼ਰੂਰ ਸ਼ਾਮਲ ਹੋਣਗੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਹ ਮੀਟਿੰਗ ਵਿੱਚ ਸੂਬੇ ਦਾ ਮਾਮਲਾ ਦ੍ਰਿੜਤਾ ਨਾਲ ਕੇਂਦਰ ਸਰਕਾਰ ਅੱਗੇ ਰੱਖਣਗੇ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਕੋਲ ਕਿਸੇ ਹੋਰ ਸੂਬੇ ਨੂੰ ਦੇਣ ਲਈ ਕੋਈ ਵਾਧੂ ਪਾਣੀ ਨਹੀਂ ਹੈ ਅਤੇ ਮੀਟਿੰਗ ਵਿੱਚ ਇਹ ਮੁੱਦਾ ਠੋਸ ਰੂਪ ਨਾਲ ਪੇਸ਼ ਕੀਤਾ ਜਾਵੇਗਾ। ਮੁੱਖ ਮੰਤਰੀ ਨੇ ਵਿਅੰਗ ਕੱਸਦਿਆਂ ਕਿਹਾ ਕਿ ਉਹ ਕਿਸੇ ਤੋਂ ਨਹੀਂ ਡਰਦੇ ਅਤੇ ਸੂਬੇ ਦਾ ਇਹ ਮਾਮਲਾ ਕੇਂਦਰ ਸਰਕਾਰ ਅੱਗੇ ਠੋਸ ਰੂਪ ਵਿੱਚ ਪੇਸ਼ ਕਰਨਗੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਨਾ ਤਾਂ ਉਨ੍ਹਾਂ ਨੇ ਐਸ.ਵਾਈ.ਐਲ. ਬਾਰੇ ਸਰਵੇ ਦੀ ਮੰਗ ਕੀਤੀ ਸੀ ਅਤੇ ਨਾ ਹੀ ਉਹ ਇਸ ਨਹਿਰ ਦੇ ਚਾਂਦੀ ਦੀ ਕਹੀ ਨਾਲ ਨੀਂਹ ਪੱਥਰ ਰੱਖਣ ਸਬੰਧੀ ਸਮਾਗਮ ਵਿੱਚ ਸ਼ਾਮਲ ਸਨ। ਇਸ ਲਈ ਉਹ ਸੂਬੇ ਦੇ ਹਿੱਤਾਂ ਦੀ ਪੁਰਜ਼ੋਰ ਵਕਾਲਤ ਕਰਨਗੇ। ਉਨ੍ਹਾਂ ਕਿਹਾ ਕਿ ਜਿਨ੍ਹਾਂ ਨੇ ਇਹ ਪਾਪ ਕੀਤੇ ਹਨ, ਉਹ 1 ਨਵੰਬਰ ਨੂੰ ਬਹਿਸ ਤੋਂ ਭੱਜ ਗਏ ਸਨ ਕਿਉਂਕਿ ਉਹ ਸੂਬੇ ਨੂੰ ਢਾਹ ਲਗਾਉਣ ਵਾਲੀਆਂ ਘਿਨਾਉਣੀਆਂ ਹਰਕਤਾਂ ਦਾ ਹਿੱਸਾ ਸਨ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ‘ਤੇ ਨਿਸ਼ਾਨਾ ਸੇਧਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਲੋਕ ਸਭਾ ਮੈਂਬਰ ਵੱਲੋਂ ‘ਸਿਆਸੀ ਤੌਰ ’ਤੇ ਮਾਫੀ ਮੰਗਣ ਦਾ ਕੋਈ ਫਾਇਦਾ ਨਹੀਂ ਹੈ ਕਿਉਂਕਿ ਗਲਤੀਆਂ ਮੁਆਫ਼ ਹੋ ਸਕਦੀਆਂ ਹਨ ਪਰ ਅਪਰਾਧ ਨਹੀਂ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਬਾਦਲ ਪਰਿਵਾਰ ਨੂੰ ਸੂਬੇ ਅਤੇ ਇਸ ਦੇ ਲੋਕਾਂ ਵਿਰੁੱਧ ਕੀਤੇ ਬੱਜਰ ਗੁਨਾਹਾਂ ਲਈ ਕਦੇ ਵੀ ਮੁਆਫ ਨਹੀਂ ਕਰਨਗੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਬਾਦਲ ਪਰਿਵਾਰ ਨੇ ਆਪਣੇ ਨਿੱਜੀ ਹਿੱਤਾਂ ਦੀ ਪੂਰਤੀ ਲਈ ਸੱਤਾ ਦੀ ਦੁਰਵਰਤੋਂ ਕਰਦਿਆਂ ਸੂਬੇ ਨੂੰ ਬਰਬਾਦੀ ਵੱਲ ਧੱਕਿਆ ਹੈ।     

Have something to say? Post your comment

 

More in Doaba

ਡੇਅਰੀ ਵਿਕਾਸ ਵਿਭਾਗ ਨੇ ਪਿੰਡ ਢੁੱਡੀ ਵਿਖੇ ਦੁੱਧ ਉਤਪਾਦਕ ਜਾਗਰੂਕਤਾ ਕੈਂਪ ਲਾਇਆ

ਕਣਕ ਦੀ ਫ਼ਸਲ ਨੂੰ ਕੀੜਿਆਂ ਤੋਂ ਬਚਾਉਣ ਲਈ ਸਿਫਾਰਸ਼ਸ਼ੁਦਾ ਕੀਟਨਾਸ਼ਕ ਹੀ ਵਰਤੇ ਜਾਣ : ਡਾ.ਅਮਰੀਕ ਸਿੰਘ

ਡਿਪਟੀ ਸਪੀਕਰ ਰੌੜੀ ਵੱਲੋਂ ਨਵੇਂ ਚੁਣੇ ਗਏ ਪੰਚਾਂ ਨੂੰ ਪਿੰਡਾਂ ਦੇ ਵਿਕਾਸ ਲਈ ਸਮਰਪਿਤ ਹੋਣ ਦਾ ਸੱਦਾ

ਮਹਿੰਦਰ ਭਗਤ ਨੇ ਜਲੰਧਰ ’ਚ 5443 ਨਵੇਂ ਚੁਣੇ ਗਏ ਪੰਚਾਇਤ ਮੈਂਬਰਾਂ ਨੂੰ ਚੁਕਾਈ ਸਹੁੰ

ਨਵੀਂਆਂ ਚੁਣੀਆਂ ਪੰਚਾਇਤਾਂ ਪਿੰਡਾਂ ਦੇ ਸਰਬਪੱਖੀ ਵਿਕਾਸ ਤੇ ਲੋਕ ਭਲਾਈ ਲਈ ਡਟਕੇ ਕੰਮ ਕਰਨ- ਡਾ.ਰਵਜੋਤ ਸਿੰਘ

ਸੁਖਬੀਰ ਬਾਦਲ ਦੇ OSD ਸੰਦੀਪ ਸਿੰਘ ਸੰਨੀ ਬਰਾੜ ਨੇ ਦਿੱਤਾ ਅਸਤੀਫਾ

ਮਿਊਜ਼ਿਕ ਕੰਪਨੀ ਦੇ ਮਾਲਕ ਨੂੰ ਧਮਕੀ

ਸੰਤ ਪ੍ਰੀਤਮ ਦਾਸ ਮੇਮੋਰੀਅਲ ਚੈਰੀਟੇਬਲ ਹਸਪਤਾਲ ਰਾਏਪੁਰ ਵਿਖੇ ਅੱਖਾਂ ਦੇ ਮੁਫ਼ਤ ਕੈੰਪ ਦਾ ਕੀਤਾ ਸੰਤਾਂ ਮਹਾਪੁਰਸ਼ਾਂ ਨੇ ਉਦਘਾਟਨ

ਅਨਾਜ਼ ਮੰਡੀਆਂ ਵਿੱਚ ਹੁਣ ਤੱਕ 14.10 ਲੱਖ ਮੀਟ੍ਰਿਕ ਟਨ ਝੋਨੇ ਦੀ ਆਮਦ ਵਿੱਚੋਂ 97.71 ਫੀਸਦੀ ਝੋਨਾ ਖਰੀਦਿਆ ਜਾ ਚੁੱਕਾ ਹੈ : ਡੀ.ਸੀ ਜਤਿੰਦਰ ਜੋਰਵਾਲ

ਮੁੱਖ ਮੰਤਰੀ ਨੇ ਕੇਜਰੀਵਾਲ ਦੀ ਹਾਜ਼ਰੀ ਵਿੱਚ ਸੂਬੇ ਭਰ ਦੇ ਨਵੇਂ ਚੁਣੇ 10031 ਸਰਪੰਚਾਂ ਨੂੰ ਚੁਕਾਈ ਸਹੁੰ