ਫ਼ਤਹਿਗੜ੍ਹ ਸਾਹਿਬ : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਨੇ ਪੰਜਾਬ ਦੇ ਲੋਕਾਂ ਨੂੰ ਵੱਖ-ਵੱਖ ਤੀਰਥ ਸਥਾਨਾਂ ਦੇ ਮੁਫਤ ਦਰਸ਼ਨ ਕਰਵਾਉਣ ਲਈ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਸ਼ੁਰੂ ਕਰਕੇ ਲੋਕਾਂ ਨੂੰ ਇੱਕ ਵੱਡਾ ਤੋਹਫਾ ਦਿੱਤਾ ਹੈ ਅਤੇ ਇਸ ਸਕੀਮ ਅਧੀਨ ਹੁਣ ਕੋਈ ਵੀ ਨਾਗਰਿਕ ਮੁਫਤ ਵਿੱਚ ਤੀਰਥ ਸਥਾਨਾਂ ਤੇ ਦਰਸ਼ਨ ਕਰ ਸਕਦਾ ਹੈ। ਇਹ ਪ੍ਰਗਟਾਵਾ ਹਲਕਾ ਵਿਧਾਇਕ ਐਡਵੋਕੇਟ ਲਖਵੀਰ ਸਿੰਘ ਰਾਏ ਨੇ ਤੀਰਥ ਯਾਤਰਾ ਸਕੀਮ ਅਧੀਨ ਫ਼ਤਹਿਗੜ੍ਹ ਸਾਹਿਬ ਹਲਕੇ ਦੀ ਪਹਿਲੀ ਬੱਸ ਨੂੰ ਸ਼੍ਰੀ ਅੰਮ੍ਰਿਤਸਰ ਲਈ ਰਵਾਨਾਂ ਕਰਨ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਦੱਸਿਆ ਕਿ ਅੱਜ ਰਵਾਨਾਂ ਕੀਤੀ ਵੋਲਵੋ ਬੱਸ ਸ਼੍ਰੀ ਅੰਮ੍ਰਿਤਸਰ ਵਿਖੇ ਰਾਤ ਨੂੰ ਠਹਿਰੇਗੀ ਅਤੇ ਕੱਲ ਸਵੇਰੇ ਸ਼੍ਰੀ ਅਨੰਦਪੁਰ ਸਾਹਿਬ ਸਮੇਤ ਹੋਰ ਵੱਖ-ਵੱਖ ਗੁਰਦੁਆਰਾ ਸਾਹਿਬਾਨ ਦੇ ਦਰਸ਼ਨ ਕਰਕੇ ਵਾਪਸ ਫ਼ਤਹਿਗੜ੍ਹ ਸਾਹਿਬ ਪੁੱਜੇਗੀ। ਵਿਧਾਇਕ ਨੇ ਦੱਸਿਆ ਕਿ ਇਸ ਤੀਰਥ ਯਾਤਰਾ ਦੌਰਾਨ ਯਾਤਰੀਆਂ ਦੇ ਰਹਿਣ-ਸਹਿਣ ਤੇ ਖਾਣ ਪੀਣ ਦਾ ਪ੍ਰਬੰਧ ਵੀ ਕੀਤਾ ਗਿਆ ਹੈ ਅਤੇ ਲੋੜ ਅਨੁਸਾਰ ਮੈਡੀਕਲ ਸਹੂਲਤ ਵੀ ਮੁਹੱਈਆ ਕਰਵਾਈ ਜਾਵੇਗੀ। ਉਨ੍ਹਾਂ ਕਿਹਾ ਕਿ ਵੱਖ-ਵੱਖ ਤੀਰਥ ਸਥਾਨਾਂ ਦੇ ਦਰਸ਼ਨ ਕਰਨ ਦੀ ਆਸ ਤਾਂ ਹਰੇਕ ਵਿਅਕਤੀ ਅੰਦਰ ਹੁੰਦੀ ਹੈ ਪ੍ਰੰਤੂ ਕਈ ਅਜਿਹੇ ਪਰਿਵਾਰ ਵੀ ਹਨ ਜੋ ਕਿ ਆਰਥਿਕ ਤੰਗੀ ਜਾਂ ਕਿਸੇ ਹੋਰ ਕਾਰਨ ਕਰਕੇ ਤੀਰਥ ਸਥਾਨਾਂ ਦੇ ਦਰਸ਼ਨ ਨਹੀਂ ਕਰ ਸਕਦੇ ਸਨ। ਇਸੇ ਗੱਲ ਨੂੰ ਮੁੱਖ ਰੱਖਦੇ ਹੋਏ ਪੰਜਾਬ ਸਰਕਾਰ ਵੱਲੋਂ ਤੀਰਥ ਯਾਤਰਾ ਸਕੀਮ ਸ਼ੁਰੂ ਕੀਤੀ ਗਈ ਹੈ ਤਾਂ ਜੋ ਕੋਈ ਵੀ ਵਿਅਕਤੀ ਤੀਰਥ ਸਥਾਨਾਂ ਦੇ ਦਰਸ਼ਨ ਕਰਨ ਤੋਂ ਵਾਂਝਾ ਨਾ ਰਹੇ।
ਐਡਵੋਕੇਟ ਲਖਵੀਰ ਸਿੰਘ ਰਾਏ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਲੋਕ ਹਿੱਤਾਂ ਲਈ ਜੋ ਫੈਸਲੇ ਲੈ ਰਹੇ ਹਨ ਉਹ ਇਤਿਹਾਸਕ ਹਨ ਜੋ ਕਿ ਪਹਿਲਾਂ ਕਿਸੇ ਵੀ ਮੁੱਖ ਮੰਤਰੀ ਨੇ ਨਹੀਂ ਸੋਚਿਆ । ਉਨ੍ਹਾਂ ਕਿਹਾ ਕਿ ਸਰਕਾਰ ਤੁਹਾਡੇ ਦੁਆਰ ਨਾਮ ਹੇਠ ਸ਼ੁਰੂ ਕੀਤੀ ਗਈ ਸਕੀਮ ਤਹਿਤ ਲੋਕਾਂ ਨੂੰ 43 ਵੱਖ-ਵੱਖ ਸੇਵਾਵਾਂ ਉਨ੍ਹਾਂ ਦੇ ਘਰਾਂ ਤੱਕ ਮੁਹੱਈਆ ਹੋ ਰਹੀਆਂ ਹਨ। ਇਸ ਸਕੀਮ ਦਾ ਲਾਭ ਲੈਣ ਲਈ ਸਿਰਫ 1076 ਨੰਬਰ ਤੇ ਟੈਲੀਫੋਨ ਕਰਨਾ ਪੈਂਦਾ ਹੈ ਜੋ ਕਿ ਵਿਅਕਤੀ ਦੀ ਸਹੂਲਤ ਅਨੁਸਾਰ ਜੋ ਸਮਾਂ ਵੀ ਸਹੀ ਹੋਵੇਗਾ ਉਸ ਸਮੇਂ ਉਸ ਦੇ ਘਰ ਆ ਕੇ ਸਾਰੀ ਕਾਰਵਾਈ ਪੂਰੀ ਕਰਨਗੇ। ਤੀਰਥ ਯਾਤਰਾ ਸਕੀਮ ਅਧੀਨ ਬੱਸ ਵਿੱਚ ਜਾ ਰਹੇ ਆਦਮਪੁਰ ਦੇ ਸਾਬਕਾ ਸਰਪੰਚ ਸ. ਨਾਹਰ ਸਿੰਘ, ਪਿੰਡ ਬਧੌਛੀ ਦੀ ਸ਼੍ਰੀਮਤੀ ਕਰਨੈਲ ਕੌਰ ਅਤੇ ਪਿੰਡ ਲਟੌਰ ਦੇ ਗਿਆਨ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਤੀਰਥ ਯਾਤਰਾ ਸਕੀਮ ਇੱਕ ਸ਼ਲਾਘਾਯੋਗ ਫੈਸਲਾ ਹੈ ਜਿਸ ਲਈ ਉਨ੍ਹਾਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦਾ ਧੰਨਵਾਦ ਵੀ ਕੀਤਾ। ਇਸ ਮੌਕੇ ਗੁਰਸਤਿੰਦਰ ਜੱਲਾ, ਚਮਨ ਕੁਰੈਸ਼ੀ, ਆਸ਼ੀਸ਼ ਕੁਮਾਰ , ਪ੍ਰਿਤਪਾਲ ਜੱਸੀ, ਜਗਰੂਪ ਸਿੰਘ ਨੰਬਰਦਾਰ, ਕਰਮ ਸਿੰਘ ਜੱਲਾ, ਬਲਦੇਵ ਭੱਲਮਾਜਰਾ, ਪਵੇਲ ਹਾਂਡਾ ਤੋਂ ਇਲਾਵਾ ਹੋਰ ਪਤਵੰਤੇ ਵੀ ਮੌਜੂਦ ਸਨ।