ਬਠਿੰਡਾ : ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਕਿਸਾਨ ਵਿਰੋਧੀ ਕਾਨੂੰਨਾਂ ਦਾ ਵਿਰੋਧ ਕਰਨ ਵਾਲੇ ਅਤੇ ਸਮਾਜ ਸੇਵੀ ਲੱਖਾ ਸਿਧਾਣਾ ਭਰਾ ਗੁਰਦੀਪ ਸਿੰਘ ਮੁੰਡੀ ਸਿਧਾਣਾ ਨੂੰ ਦਿੱਲੀ ਪੁਲਿਸ ਵੱਲੋਂ ਜ਼ਬਰੀ ਚੁੱਕ ਕੇ ਬਰਹਿਮੀ ਨਾਲ ਕੁੱਟਮਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ।
ਦਿੱਲੀ ਪੁਲਿਸ ਵੱਲੋਂ ਲੱਖਾ ਸਿਧਾਣਾ ਦੇ ਭਰਾ ’ਤੇ ਕੀਤੇ ਤਸ਼ੱਦਦ ਬਾਰੇ ਉਸ ਦੇ ਭਰਾ ਨੇ ਲਾਈਵ ਹੋ ਕੇ ਦਸਿਆ ਕਿ ਪੁਲਿਸ ਨੇ ਉਸ ਦੀ ਬਹੁਤ ਕੁੱਟਮਾਰ ਕੀਤੀ ਅਤੇ ਇਸ ਉਸ ਨੂੰ ਇਹ ਵੀ ਧਮਕੀ ਦਿੱਤੀ ਹੈ ਕਿ ਜੇਕਰ ਲੱਖਾ ਸਿਧਾਣਾ ਦਿੱਲੀ ਪੁਲਿਸ ਕੋਲ ਪੇਸ਼ ਨਾ ਹੋਇਆ ਤਾਂ ਦਿੱਲੀ ਪੁਲਿਸ ਉਸ ਦਾ ਇੰਨਕਾਊਂਟਰ (Encounter) ਕਰ ਦੇਵੇਗੀ।
ਸੰਯੁਕਤ ਕਿਸਾਨ ਮੋਰਚੇ ਵੱਲੋਂ ਲੱਖਾ ਸਿਧਾਣਾ ਦੇ ਭਰਾ ਦੀ ਦਿੱਲੀ ਪੁਲਿਸ ਵੱਲੋਂ ਕੀਤੀ ਗਈ ਕੁੱਟਮਾਰ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਗਈ ਹੈ। ਇਸ ਤੋਂ ਇਲਾਵਾ ਨਵਜੋਤ ਸਿੰਘ ਸਿੱਧੂ ਨੇ ਦਿੱਲੀ ਪੁਲਿਸ ਦੀ ਕਾਰਵਾਈ ਨੂੰ ਬਹੁਤ ਹੀ ਸ਼ਰਮਨਾਕ ਕਿਹਾ ਹੈ।
ਦੂਜੇ ਪਾਸੇ ਲੱਖਾ ਸਿਧਾਣਾ ਨੇ ਸ਼ੋਸ਼ਲ ਮੀਡੀਆ ਰਾਹੀਂ ਪੰਜਾਬ ਸਰਕਾਰ ਕੋਲੋਂ ਅਪੀਲ ਕੀਤੀ ਹੈ ਕਿ ਸਰਕਾਰ ਦਿੱਲੀ ਪੁਲਿਸ ’ਤੇ ਮਾਮਲਾ ਦਰਜ ਕਰੇ। ਇਸ ਤੋਂ ਇਲਾਵਾ ਉਨ੍ਹਾਂ ਸੰਯੁਕਤ ਮੋਰਚੇ ਦੇ ਆਗੂਆਂ ਨੂੰ ਵੀ ਅਪੀਲ ਕੀਤੀ ਉਹ ਇਸ ਵਿਰੁਧ ਸਖ਼ਤ ਐਕਸ਼ਨ ਲੈਣ ਨਹੀਂ ਅਜਿਹਾ ਕਿਸੇ ਨਾਲ ਕੀਤਾ ਜਾ ਸਕਦਾ ਹੈ। ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਜੇਕਰ ਦਿੱਲੀ ਪੁਲਿਸ ਵਿਰੁਧ ਸਰਕਾਰ ਨੇ ਪਰਚਾ ਦਰਜ ਨਾ ਕੀਤਾ ਤਾਂ ਉਹ ਇਨਸਾਫ਼ ਲਈ ਸੜਕਾਂ ’ਤੇ ਉਤਰਨਗੇ।
ਜ਼ਿਕਰਯੋਗ ਹੈ ਕਿ ਦਿੱਲੀ ਪੁਲਿਸ ਵੱਲੋਂ ਲੱਖਾ ਸਿਧਾਣਾ ਦੇ ਭਰਾ ਗੁਰਦੀਪ ਸਿੰਘ ਨੂੰ ਪਟਿਆਲਾ ਤੋਂ ਚੁੱਕਿਆ ਸੀ। ਇਸ ਤੋਂ ਇਲਾਵਾ ਦਿੱਲੀ ਪੁਲਿਸ ਵੱਲੋਂ ਕੁੱਝ ਦਿਨ ਪਹਿਲਾਂ ਰੁਲਦੁੂ ਸਿੰਘ ਮਾਨਸਾ ਦੇ ਪੋਤੇ ਨੂੰ ਵੀ ਚੁੱਕਿਆ ਸੀ ਜਿਸ ਨੂੰ ਕੇ ਬਾਅਦ ਵਿਚ ਛੱਡ ਦਿੱਤਾ ਗਿਆ ਸੀ।