ਸੁਨਾਮ : ਪਰਾਲੀ ਨੂੰ ਬਿਨਾਂ ਅੱਗ ਲਾਏ ਸੁਪਰ ਸੀਡਰ ਨਾਲ ਬੀਜੀ ਗਈ ਕਣਕ ਦੀ ਫਸਲ ਉੱਪਰ ਸੁੰਡੀ ਨੇ ਜ਼ੋਰਦਾਰ ਹਮਲਾ ਕਰ ਦਿੱਤਾ ਹੈ। ਸੁੰਡੀ ਦਾ ਇਹ ਹਮਲਾ ਪੰਜਾਬ ਦੇ ਵੱਖ-ਵੱਖ ਹਲਕਿਆਂ ਦੇ ਸੈਂਕੜੇ ਪਿੰਡਾਂ ਵਿੱਚ ਵੇਖਣ ਨੂੰ ਮਿਲ ਰਿਹਾ ਹੈ ਲੇਕਿਨ ਪੰਜਾਬ ਸਰਕਾਰ ਅਤੇ ਖੇਤੀਬਾੜੀ ਵਿਭਾਗ ਖਬਰਾਂ ਆਉਣ ਤੋਂ ਬਾਅਦ ਵੀ ਕੁੰਭਕਰਨੀ ਨੀਂਦ ਸੁੱਤਾ ਪਿਆ ਹੈ ਅਤੇ ਕਿਸਾਨ ਚਿੰਤਾ ਚ ਡੁੱਬੇ ਹੋਏ ਹਨ। ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਜ਼ਿਲ੍ਹਾ ਜਨਰਲ ਸਕੱਤਰ ਰਣ ਸਿੰਘ ਚੱਠਾ ਨੇ ਕਿਹਾ ਕਿ ਜਿੰਨਾ ਕਿਸਾਨਾਂ ਨੇ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਝੋਨੇ ਦੀ ਪਰਾਲੀ ਨੂੰ ਬਿਨਾਂ ਅੱਗ ਲਗਾਏ ਸੁਪਰ ਸੀਡਰ ਨਾਲ ਕਣਕ ਦੀ ਬਿਜਾਈ ਕਰਵਾਈ ਸੀ,ਉਨ੍ਹਾਂ ਕਿਸਾਨਾਂ ਦੀ ਕਣਕ ਦੀ ਫ਼ਸਲ ਪਹਿਲਾ ਪਾਣੀ ਲਾਉਣ ਤੋਂ ਬਾਅਦ ਹੀ ਪੀਲੀ ਪੈਣੀ ਸ਼ੁਰੂ ਹੋ ਗਈ। ਉਨ੍ਹਾਂ ਕਿਹਾ ਕਿ ਜਦੋਂ ਕਿਸਾਨਾਂ ਨੇ ਚੈੱਕ ਕੀਤਾ ਤਾਂ ਪਤਾ ਲੱਗਾ ਕਿ ਸੁਪਰ ਸੀਡਰ ਨਾਲ ਕੁਤਰੀ ਗਈ ਪਰਾਲੀ ਵਿਚ ਸੁੰਡੀ ਪੈਦਾ ਹੋ ਗਈ ਹੈ ਅਤੇ ਸੁੰਡੀ ਲਗਾਤਾਰ ਕਣਕ ਦੀ ਉੱਗ ਰਹੀ ਫਸਲ ਨੂੰ ਖਾ ਰਹੀ ਹੈ, ਜਿਸ ਕਾਰਨ ਕਣਕ ਦੀ ਫਸਲ ਤਬਾਹ ਹੋਣੀ ਸ਼ੁਰੂ ਹੋ ਗਈ ਹੈ। ਕਿਸਾਨ ਆਗੂ ਰਣ ਸਿੰਘ ਚੱਠਾ ਨੇ ਕਿਹਾ ਕਿ ਸੰਗਰੂਰ ਜ਼ਿਲ੍ਹੇ ਦੇ ਦਰਜਨਾਂ ਪਿੰਡਾਂ ਵਿੱਚ ਕਣਕ ਦੀ ਫਸਲ ਸੁੰਡੀ ਨੇ ਤਬਾਹ ਕਰ ਦਿੱਤੀ ਹੈ ਜਿਸ ਕਾਰਨ ਕਿਸਾਨਾਂ ਨੂੰ ਆਪਣੀ ਕਣਕ ਦੀ ਫਸਲ ਵਾਹੁਣ ਲਈ ਮਜਬੂਰ ਹੋਣਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਅਜੇ ਤੱਕ ਖੇਤੀਬਾੜੀ ਵਿਭਾਗ ਦਾ ਕੋਈ ਵੀ ਅਧਿਕਾਰੀ ਪਿੰਡਾਂ ਵਿੱਚ ਕਿਸਾਨਾਂ ਕੋਲ ਨਹੀਂ ਪੁੱਜਾ। ਉਨ੍ਹਾਂ ਕਿਹਾ ਕਿ ਜਿੰਨਾ ਕਿਸਾਨਾਂ ਨੇ ਖੇਤ ਚ ਝੋਨੇ ਦੀ ਰਹਿੰਦ ਖੂਹੰਦ ਪਰਾਲੀ ਨੂੰ ਅੱਗ ਲਗਾਕੇ ਕਣਕਾਂ ਦੀ ਬਿਜਾਈ ਕੀਤੀ ਸੀ ਉਨ੍ਹਾਂ ਕਿਸਾਨਾਂ ਦੀਆਂ ਕਣਕਾਂ ਬਹੁਤ ਵਧੀਆ ਖੜ੍ਹੀਆਂ ਹਨ। ਚੱਠਾ ਨੇ ਕਿਹਾ ਕਿ ਜਿੰਨਾ ਕਿਸਾਨਾਂ ਨੇ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਸੁਪਰ ਸੀਡਰ ਨਾਲ 2500 ਰੁਪਏ ਪ੍ਰਤੀ ਏਕੜ ਕਿਰਾਇਆ ਦੇਕੇ ਕਣਕ ਦੀ ਬਿਜਾਈ ਕਰਵਾਈ ਸੀ ਉਨ੍ਹਾਂ ਕਿਸਾਨਾਂ ਦੀ ਕਣਕ ਦੀ ਫਸਲ ਸੁੰਡੀ ਨੇ ਬਰਬਾਦ ਕਰ ਦਿੱਤੀ ਹੈ। ਸੁੰਡੀ ਦਾ ਇਹ ਹਮਲਾ ਉਨ੍ਹਾਂ ਖੇਤਾਂ ਉੱਪਰ ਹੀ ਹੋਇਆ ਹੈ, ਜਿੱਥੇ ਬਗੈਰ ਪਰਾਲੀ ਸਾੜੇ ਕਣਕ ਬੀਜੀ ਸੀ। ਚੱਠਾ ਨੇ ਕਿਹਾ ਕਿ ਕਿਸਾਨਾਂ ਅਤੇ ਜਥੇਬੰਦੀਆਂ ਵਿੱਚ ਗੁੱਸਾ ਹੈ ਕਿ ਪਰਾਲੀ ਸਾੜਨ ਤੋਂ ਰੋਕਣ ਲਈ ਅਫਸਰ ਛਾਪੇ ਮਾਰ ਰਹੇ ਸੀ ਪਰ ਹੁਣ ਕੋਈ ਗੱਲ ਸੁਣਨ ਨੂੰ ਤਿਆਰ ਨਹੀਂ । ਪੰਜਾਬ ਦਾ ਕਿਸਾਨ ਅਕਸਰ ਹੀ ਮੁਸੀਬਤਾਂ ਨਾਲ ਘਿਰਿਆ ਰਹਿੰਦਾ ਹੈ। ਪਹਿਲਾਂ ਪੁਲਿਸ ਤੇ ਸਿਵਲ ਪ੍ਰਸ਼ਾਸਨ ਕਿਸਾਨਾਂ ਦੇ ਖੇਤਾਂ ਵਿੱਚ ਜਾ ਕੇ ਪਰਾਲੀ ਨੂੰ ਅੱਗ ਲਾਉਣ ਤੋਂ ਰੋਕ ਰਿਹਾ ਸੀ। ਜਿਸ ਤੋਂ ਡਰਦਿਆਂ ਕਿਸਾਨਾਂ ਨੇ ਬਿਨਾਂ ਪਰਾਲੀ ਨੂੰ ਅੱਗ ਲਾਏ ਕਣਕ ਦੀ ਫਸਲ ਦੀ ਬਿਜਾਈ ਕੀਤੀ। ਹੁਣ ਉਨ੍ਹਾਂ ਕਿਸਾਨਾਂ ਦੀ ਕਣਕ ਸੂੰਡੀ ਨੇ ਬਿਲਕੁੱਲ ਬਰਬਾਦ ਕਰ ਦਿੱਤੀ ਹੈ। ਪਹਿਲਾਂ ਤਾਂ ਖੇਤਾਂ ਵਿੱਚ ਵੱਡੇ ਅਧਿਕਾਰੀ ਆ ਰਹੇ ਸੀ। ਜਮੀਨਾਂ ਦੇ ਰਿਕਾਰਡ ਵਿੱਚ ਰੈੱਡ ਐਂਟਰੀ ਕਰਨ ਤੇ ਜੁਰਮਾਨੇ ਦੀਆਂ ਗੱਲਾਂ ਹੋ ਰਹੀਆਂ ਸੀ। ਉਨ੍ਹਾਂ ਕਿਹਾ ਕਿ ਸਰਕਾਰਾਂ ਦੀਆਂ ਨੀਤੀਆਂ ਕਾਰਪੋਰੇਟ ਘਰਾਣਿਆਂ ਨੂੰ ਮਜਬੂਤ ਕਰ ਰਹੀਆਂ ਹਨ ਅਤੇ ਕਿਸਾਨੀ ਨੁੰ ਬਰਬਾਦ ਕਰ ਰਹੀਆਂ ਹਨ। ਕਾਰਪੋਰੇਟ ਘਰਾਣਿਆਂ ਨੂੰ ਖੁਸ਼ ਕਰਨ ਲਈ ਅਤੇ ਕਿਸਾਨਾਂ ਦੀਆਂ ਜਮੀਨਾਂ ਖੋਹਣ ਲਈ ਬੇਤੁਕੇ ਫੈਸਲੇ ਕਿਸਾਨਾਂ ਤੇ ਥੋਪੇ ਜਾ ਰਹੇ ਹਨ। ਕਿਸਾਨ ਆਗੂ ਰਣ ਸਿੰਘ ਚੱਠਾ ਨੇ ਕਿਹਾ ਪੰਜਾਬ ਸਰਕਾਰ ਕਿਸਾਨਾਂ ਦੀ ਸੁੰਡੀ ਨਾਲ ਤਬਾਹ ਹੋਈ ਕਣਕ ਦਾ ਚਾਲੀ ਹਜ਼ਾਰ ਰੁਪਏ ਪ੍ਰਤੀ ਏਕੜ ਮੁਆਵਜ਼ਾ ਤੁਰੰਤ ਜਾਰੀ ਕਰੇ।