ਸੁਨਾਮ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੇ ਮੈਂਬਰ ਜਥੇਦਾਰ ਇੰਦਰਮੋਹਨ ਸਿੰਘ ਲਖਮੀਰਵਾਲਾ ਨੇ ਕਿਹਾ ਕਿ ਨੌਜਵਾਨਾਂ ਨੂੰ ਬਾਣੀ ਅਤੇ ਬਾਣੇ ਨਾਲ ਜੋੜਨ ਲਈ ਐਸਜੀਪੀਸੀ ਵੱਲੋਂ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਧਰਮ ਪ੍ਰਚਾਰ ਲਹਿਰ ਤਹਿਤ ਪਿੰਡਾਂ ਅੰਦਰ ਗੁਰਬਾਣੀ ਕੰਠ ਮੁਕਾਬਲੇ ਕਰਵਾਏ ਜਾ ਰਹੇ ਹਨ। ਐਤਵਾਰ ਨੂੰ ਸੁਨਾਮ ਨੇੜਲੇ ਪਿੰਡ ਘਾਸੀਵਾਲਾ ਵਿਖੇ ਗੁਰਦੁਆਰਾ ਸਾਹਿਬ ਲਈ ਕੀਰਤਨੀ ਸਾਜ ਦੇਣ ਮੌਕੇ ਇਕੱਤਰ ਹੋਈ ਸੰਗਤ ਨੂੰ ਸੰਬੋਧਨ ਕਰਦਿਆਂ ਜਥੇਦਾਰ ਇੰਦਰਮੋਹਨ ਸਿੰਘ ਲਖਮੀਰਵਾਲਾ ਨੇ ਕਿਹਾ ਕਿ ਨੌਜਵਾਨਾਂ ਨੂੰ ਨਸ਼ਿਆਂ ਵਰਗੀਆਂ ਅਲਾਮਤਾਂ ਤੋਂ ਬਚਾਕੇ ਰੱਖਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸਰਹੱਦੀ ਇਲਾਕੇ ਅੰਦਰ ਇਸਾਈਅਤ ਦੇ ਵਧ ਰਹੇ ਪ੍ਰਭਾਵ ਨੂੰ ਰੋਕਣ ਲਈ ਗੁਰਮਤਿ ਕੈਂਪ ਆਯੋਜਿਤ ਕੀਤੇ ਜਾ ਰਹੇ ਹਨ। ਉਨ੍ਹਾਂ ਨੌਜਵਾਨਾਂ ਨੂੰ ਸੱਦਾ ਦਿੱਤਾ ਕਿ ਉਹ ਗੁਰੂ ਸਾਹਿਬਾਨ ਵੱਲੋਂ ਦਰਸਾਏ ਮਾਰਗ ਤੇ ਚੱਲਕੇ ਸਿੱਖ ਧਰਮ ਦੀ ਵਿਲੱਖਣਤਾ ਨੂੰ ਪਿੰਡ ਪਿੰਡ ਜਾ ਕੇ ਪ੍ਰਚਾਰ ਕਰਨ ਨੂੰ ਯਕੀਨੀ ਬਣਾਉਣ। ਉਨ੍ਹਾਂ ਸੰਗਤਾਂ ਨੂੰ ਬਾਣੀ ਅਤੇ ਬਾਣੀ ਨਾਲ ਜੁੜਨ ਅਤੇ ਗ੍ਰੰਥੀ ਸਿੰਘਾਂ ਦੇ ਵੱਧ ਤੋਂ ਵੱਧ ਸਤਿਕਾਰ ਕਰਨ ਦੀ ਅਪੀਲ ਕੀਤੀ। ਇਸ ਸਮੇਂ ਪਿੰਡ ਘਾਸੀਵਾਲਾ ਦੀ ਸਮੂਹ ਸੰਗਤ ਵੱਲੋਂ ਜਥੇਦਾਰ ਇੰਦਰਮੋਹਨ ਸਿੰਘ ਲਖਮੀਰਵਾਲਾ ਦਾ ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਕਮੇਟੀ ਮੈਂਬਰ ਬਣਨ ਉਪਰੰਤ ਪਹਿਲੀ ਵਾਰ ਪਿੰਡ ਆਉਣ ਤੇ ਸਨਮਾਨ ਕੀਤਾ ਗਿਆ । ਇਸ ਸਮੇਂ ਛੋਟਾ ਸਿੰਘ ਸਾਬਕਾ ਸਰਪੰਚ ਕੋਟੜਾ ਅਮਰੂ, ਮਨਵੀਰ ਸਿੰਘ ਚੱਠੇ ਨੱਕਟੇ, ਸੁਰਿੰਦਰ ਸਿੰਘ ਘਾਸੀਵਾਲਾ ਦਾ ਵੀ ਸਨਮਾਨ ਕੀਤਾ ਗਿਆ। ਸਮਾਗਮ ਵਿੱਚ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਹਿੰਦਰ ਸਿੰਘ, ਭਗਵਾਨ ਸਿੰਘ, ਗਮਦੂਰ ਸਿੰਘ, ਲਖਵਿੰਦਰ ਸਿੰਘ ਘਾਸੀਵਾਲਾ ਵੀ ਹਾਜ਼ਰ ਸਨ।