ਪਟਿਆਲਾ : ਐਸੋਸੀਏਸ਼ਨ ਆਫ਼ ਇੰਡੀਅਨ ਯੂਨੀਵਰਸਿਟੀਜ਼ (ਏ.ਆਈ.ਯੂ.), ਨਵੀਂ ਦਿੱਲੀ ਵੱਲੋਂ ਕਰਵਾਈ ਜਾਂਦੀ ਨੌਰਥ ਜ਼ੋਨ ਇੰਟਰ ਯੂਨੀਵਰਸਿਟੀ ਹਾਕੀ ਚੈਂਪੀਅਨਸ਼ਿਪ ਇਸ ਵਾਰ ਪੰਜਾਬੀ ਯੂਨੀਵਰਸਿਟੀ ਵਿਖੇ ਹੋ ਰਹੀ ਹੈ ਜਿਸ ਵਿੱਚ ਸਮੁੱਚੇ ਉੱਤਰੀ ਭਾਰਤ ਤੋਂ ਵੱਖ-ਵੱਖ ਸੂਬਿਆਂ ਦੀਆਂ ਟੀਮਾਂ ਸ਼ਿਰਕਤ ਕਰ ਰਹੀਆਂ ਹਨ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ 2019 ਦੌਰਾਨ ਇਸ ਚੈਂਪੀਅਨਸ਼ਿਪ ਦੀ ਮੇਜ਼ਬਾਨੀ ਪੰਜਾਬੀ ਯੂਨੀਵਰਸਿਟੀ ਦੇ ਹਿੱਸੇ ਆਈ ਸੀ। ਪੰਜਾਬੀ ਯੂਨੀਵਰਸਿਟੀ ਦੇ ਖੇਡ ਵਿਭਾਗ ਤੋਂ ਡਾਇਰੈਕਟਰ ਪ੍ਰੋ. ਅਜੀਤਾ ਨੇ ਦੱਸਿਆ ਕਿ ਇਹ ਚੈਂਪੀਅਨਸ਼ਿਪ ਲੜਕੀਆਂ ਨਾਲ਼ ਸੰਬੰਧਿਤ ਹੈ ਜੋ 24 ਦਸੰਬਰ ਤੱਕ ਜਾਰੀ ਰਹੇਗੀ। ਉਨ੍ਹਾਂ ਦੱਸਿਆ ਕਿ ਇਸ ਚੈਂਪੀਅਨਸ਼ਿਪ ਵਿੱਚ ਉੱਤਰੀ ਭਾਰਤ ਦੇ ਵੱਖ-ਵੱਖ ਸੂਬਿਆਂ ਤੋਂ 29 ਟੀਮਾਂ ਭਾਗ ਲੈ ਰਹੀਆਂ ਹਨ।
ਪੰਜਾਬੀ ਯੂਨੀਵਰਸਿਟੀ ਵਿਖੇ ਲੜਕੀਆਂ ਦੀ ਹਾਕੀ ਕੋਚ ਮੀਨਾਕਸ਼ੀ ਰੰਧਾਵਾ ਨੇ ਇਸ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਨ੍ਹਾਂ 29 ਟੀਮਾਂ ਵਿੱਚੋਂ ਜੇਤੂ ਰਹਿਣ ਵਾਲੀਆਂ ਚਾਰ ਟੀਮਾਂ ਨੈਸ਼ਨਲ ਚੈਂਪੀਅਨਸ਼ਿਪ ਲਈ ਕੁਆਲੀਫਾਈ ਕਰਨਗੀਆਂ। ਉਨ੍ਹਾਂ ਦੱਸਿਆ ਕਿ ਸਮੁੱਚੇ ਭਾਰਤ ਨੂੰ ਚਾਰ ਜ਼ੋਨਾਂ( ਉੱਤਰੀ, ਦੱਖਣੀ, ਪੂਰਬੀ, ਪੱਛਮੀ) ਵਿੱਚ ਸ੍ਰੇਣੀਬੱਧ ਕਰ ਕੇ ਇਹ ਚੈਂਪੀਅਨਸ਼ਿਪ ਕਰਵਾਈ ਜਾਂਦੀ ਹੈ। ਉੱਤਰੀ ਭਾਰਤ ਨਾਲ ਸੰਬੰਧਤ ਜ਼ੋਨ ਦੀ ਚੈਂਪੀਅਨਸ਼ਿਪ ਦੀ ਮੇਜ਼ਬਾਨੀ ਇਸ ਵਾਰ ਪੰਜਾਬੀ ਯੂਨੀਵਰਸਿਟੀ ਦੇ ਹਿੱਸੇ ਆਈ ਹੈ। ਹਰੇਕ ਜ਼ੋਨ ਵਿੱਚੋਂ ਜਿੱਤ ਕੇ ਜਾਣ ਵਾਲੀਆਂ ਚਾਰ-ਚਾਰ ਟੀਮਾਂ ਅੱਗੇ ਨੈਸ਼ਨਲ ਚੈਂਪੀਅਨਸ਼ਿਪ ਦੌਰਾਨ ਆਪਸ ਵਿੱਚ ਭਿੜਦੀਆਂ ਹਨ। ਵਾਈਸ ਚਾਂਸਲਰ ਪ੍ਰੋ. ਅਰਵਿੰਦ ਨੇ ਇਸ ਸੰਬੰਧੀ ਖੇਡ ਵਿਭਾਗ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਸ ਤਰ੍ਹਾਂ ਦੇ ਰਾਸ਼ਟਰ ਪੱਧਰੀ ਟੂਰਨਾਮੈਂਟ ਦੀ ਮੇਜ਼ਬਾਨੀ ਦਾ ਮੌਕਾ ਮਿਲਣਾ ਯੂਨੀਵਰਸਿਟੀ ਲਈ ਮਾਣ ਵਾਲੀ ਗੱਲ ਹੈ। ਇਹ ਜਿੱਥੇ ਇੱਕ ਪਾਸੇ ਯੂਨੀਵਰਸਿਟੀ ਦੇ ਵੱਕਾਰ ਨੂੰ ਉੱਚਾ ਚੁੱਕਦਾ ਹੈ ਉੱਥੇ ਹੀ ਦੂਜੇ ਪਾਸੇ ਯੂਨੀਵਰਸਿਟੀ ਕੈਂਪਸ ਵਿੱਚ ਖੇਡ ਸੱਭਿਆਚਾਰ ਨੂੰ ਪ੍ਰਫੁੱਲਿਤ ਕਰਨ ਵਿੱਚ ਆਪਣਾ ਯੋਗਦਾਨ ਪਾਉਂਦਾ ਹੈ।