ਸੁਨਾਮ : ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੰਜਾਬ ਨੂੰ ਰੰਗਲਾ ਬਣਾਉਣ ਦੇ ਦਾਅਵੇ ਸ਼ਹੀਦ ਊਧਮ ਸਿੰਘ ਦੀ ਜਨਮ ਭੂਮੀ ਦੀਆਂ ਅੰਦਰੂਨੀ ਸੜਕਾਂ ਦੀ ਮਾੜੀ ਦਸ਼ਾ ਬਿਆਨ ਕਰ ਰਹੀਆਂ ਹਨ। ਸੜਕਾਂ ਤੇ ਪਏ ਟੋਇਆਂ ਕਾਰਨ ਰਾਹਗੀਰਾਂ ਨੂੰ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਸ਼ਹਿਰ ਦੇ ਵਸਨੀਕਾਂ ਜਸਵਿੰਦਰ ਸਿੰਘ, ਕਰਨੈਲ ਸਿੰਘ, ਜਗਪਾਲ ਸਿੰਘ ਅਤੇ ਸੁਖਦੇਵ ਸਿੰਘ ਦਾ ਕਹਿਣਾ ਹੈ ਕਿ ਜਲਿਆਂਵਾਲਾ ਬਾਗ਼ ਦੇ ਖ਼ੂਨੀ ਸਾਕੇ ਦਾ ਬਦਲਾ ਲੈਣ ਵਾਲੇ ਸੁਨਾਮ ਦੇ ਜੰਮਪਲ ਸ਼ਹੀਦ ਊਧਮ ਸਿੰਘ ਦੀ ਜਨਮ ਭੂਮੀ ਦੀਆਂ ਅੰਦਰੂਨੀ ਸੜਕਾਂ ਦੀ ਮਾੜੀ ਹਾਲਤ ਕਾਰਨ ਲੋਕਾਂ ਨੂੰ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਜੱਦੀ ਜ਼ਿਲ੍ਹੇ ਅੰਦਰ ਅਜਿਹਾ ਵਰਤਾਰਾ ਸਰਕਾਰ ਦੀ ਕਾਰਜਸ਼ੈਲੀ ਤੇ ਸਵਾਲ ਖੜ੍ਹੇ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਸੂਬਾ ਲਗਾਤਾਰ ਨਿਘਾਰ ਵੱਲ ਜਾ ਰਿਹਾ ਹੈ। ਦੱਸਣਯੋਗ ਹੈ ਕਿ ਸੁਨਾਮ ਹਲਕੇ ਦਾ ਵਿਧਾਇਕ ਕੈਬਨਿਟ ਮੰਤਰੀ ਹੋਣ ਦੇ ਬਾਵਜੂਦ ਸੜਕਾਂ ਦੀ ਹਾਲਤ ਮਾੜੀ ਹੈ, ਸਰਕਾਰ ਦੇ ਕਾਰਜਕਾਲ ਦਾ ਸਮਾਂ ਦੋ ਸਾਲ ਬੀਤ ਚੁੱਕਾ ਹੈ। ਸ਼ਹਿਰ ਦੀ ਮਾੜੀ ਹਾਲਤ ਵਿਕਾਸ ਨੂੰ ਮੂੰਹ ਚਿੜਾਉਂਦੀ ਹੋਈ ਨਜ਼ਰ ਆਉਂਦੀ ਹੈ । ਸਥਾਨਕ ਸ਼ਹਿਰ ਦੇ ਮੁੱਖ ਬਜ਼ਾਰ ਮੋਦੀ ਮਿੱਲ ਰੋਡ, ਨਵਾਂ ਬਾਜ਼ਾਰ ਅਤੇ ਗੀਤਾ ਭਵਨ ਰੋਡ ਦੀਆਂ ਸੜਕਾਂ ਬੁਰੀ ਤਰ੍ਹਾਂ ਟੁੱਟ ਚੁੱਕੀਆਂ ਹਨ ਇਨ੍ਹਾਂ ਸੜਕਾਂ ਤੋਂ ਲੰਘਣ ਵਾਲੇ ਬਜ਼ੁਰਗ ਅਤੇ ਸਕੂਲ ਜਾਂਦੇ ਬੱਚੇ ਡਿੱਗਕੇ ਸੱਟਾਂ ਖਾ ਚੁੱਕੇ ਹਨ ਅਤੇ ਇਥੋਂ ਦੇ ਦੁਕਾਨਦਾਰਾਂ ਨੂੰ ਵੀ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ । ਬਰਸਾਤ ਦੇ ਦਿਨਾਂ ਵਿੱਚ ਇੱਥੇ ਪਾਣੀ ਜਮ੍ਹਾਂ ਹੋ ਜਾਂਦਾ ਹੈ ਜਿਸ ਕਾਰਨ ਟੋਇਆਂ ਦਾ ਪਤਾ ਨਹੀਂ ਲੱਗਦਾ ਪਰ ਸਰਕਾਰ ਅਤੇ ਪ੍ਰਸ਼ਾਸਨ ਇਸ ਵੱਲ ਕੋਈ ਧਿਆਨ ਨਹੀਂ ਦੇ ਰਿਹਾ । ਇਸੇ ਦੌਰਾਨ ਸੀਟੂ ਆਗੂ ਕਾਮਰੇਡ ਵਰਿੰਦਰ ਕੌਸ਼ਿਕ ਨੇ ਕਿਹਾ ਕਿ ਸਰਕਾਰ ਸ਼ਹਿਰ ਦੀਆਂ ਖਸਤਾ ਹਾਲ ਸੜਕਾਂ ਨੂੰ ਪਹਿਲ ਦੇ ਆਧਾਰ ਤੇ ਬਣਾਉਣ ਨੂੰ ਯਕੀਨੀ ਬਣਾਵੇ ਤਾਂ ਜੋ ਰਾਹਗੀਰਾਂ ਨੂੰ ਆ ਰਹੀਆਂ ਦਿੱਕਤਾਂ ਤੋਂ ਨਿਜਾਤ ਮਿਲ ਸਕੇ।