ਸੁਨਾਮ : ਜਲਿਆਂਵਾਲਾ ਬਾਗ ਦੇ ਖ਼ੂਨੀ ਸਾਕੇ ਦਾ ਬਦਲਾ ਲੈਣ ਵਾਲੇ ਸੁਨਾਮ ਦੇ ਜੰਮਪਲ ਮਹਾਨ ਸਪੂਤ ਸ਼ਹੀਦ ਊਧਮ ਸਿੰਘ ਦੇ ਪਰਿਵਾਰਕ ਮੈਂਬਰਾਂ ਨੇ ਪੰਜਾਬ ਸਰਕਾਰ ਦੀ ਨੀਅਤ 'ਤੇ ਸਵਾਲ ਖੜ੍ਹੇ ਕੀਤੇ ਹਨ। ਸ਼ਹੀਦ ਊਧਮ ਸਿੰਘ ਦਾ ਪਰਿਵਾਰਕ ਮੈਂਬਰ ਹੋਣ ਦਾ ਦਾਅਵਾ ਕਰਨ ਵਾਲੇ ਹਰਦਿਆਲ ਸਿੰਘ ਕੰਬੋਜ਼ ਨੇ ਸੂਬੇ ਦੀ ਭਗਵੰਤ ਮਾਨ ਸਰਕਾਰ ਤੇ ਤੰਜ਼ ਕਸਦਿਆਂ ਕਿਹਾ ਕਿ 26 ਦਸੰਬਰ 2023 ਨੂੰ ਸ਼ਹੀਦ ਊਧਮ ਸਿੰਘ ਦੇ ਜਨਮ ਦਿਨ ਮੌਕੇ ਪੰਜਾਬ ਸਰਕਾਰ ਨੇ ਪ੍ਰਿੰਟ ਅਤੇ ਮੀਡੀਆ ਵਿੱਚ ਸ਼ਹੀਦ ਊਧਮ ਸਿੰਘ ਦਾ ਜਨਮ ਦਿਨ ਰਸਮੀ ਤੌਰ ’ਤੇ ਨਹੀਂ ਮਨਾਇਆ ਜਦਕਿ ਹਰਿਆਣਾ ਸਰਕਾਰ ਅਤੇ ਕੇਂਦਰ ਸਰਕਾਰ ਨੇ ਪ੍ਰਿੰਟ ਮੀਡੀਆ ਵਿੱਚ ਸ਼ਹੀਦ ਊਧਮ ਸਿੰਘ ਨੂੰ ਉਨ੍ਹਾਂ ਦੇ ਜਨਮ ਦਿਨ 'ਤੇ ਰਸਮੀ ਤੌਰ 'ਤੇ ਸ਼ਰਧਾਂਜਲੀ ਦਿੱਤੀ ਹੈ। ਇਸ ਨਾਲ ਉਸ ਦੇ ਮਨ ਨੂੰ ਡੂੰਘੀ ਸੱਟ ਵੱਜੀ ਹੈ। ਉਨ੍ਹਾਂ ਕਿਹਾ ਕਿ ਸੂਬੇ ਦੀ ਹਾਕਮ ਧਿਰ ਦੇ ਆਗੂਆਂ ਨੇ ਸ਼ਹੀਦਾਂ ਦੇ ਵਿਚਾਰਾਂ 'ਤੇ ਪਹਿਰਾ ਦੇਣ ਦਾ ਪ੍ਰਣ ਲੈਕੇ ਸੱਤਾ ਸੰਭਾਲੀ ਸੀ ਲੇਕਿਨ ਹੁਣ ਸ਼ਹੀਦਾਂ ਨੂੰ ਅਣਗੌਲਿਆਂ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸੁਨਾਮ ਦੇ ਜੰਮਪਲ ਊਧਮ ਸਿੰਘ ਨੇ ਸਾਡੇ ਦੇਸ਼ ਦੇ 1919 ਦੀ ਸਭ ਤੋਂ ਸ਼ਰਮਨਾਕ ਅਤੇ ਦਰਦਨਾਕ ਜਲ੍ਹਿਆਂਵਾਲਾ ਬਾਗ ਕਾਂਡ ਦਾ ਬਦਲਾ ਲਿਆ ਸੀ ਪਰੰਤੂ ਪੰਜਾਬ ਸਰਕਾਰ ਦੇ ਇਸ ਵਿਤਕਰੇ ਨੂੰ ਦੇਖਕੇ ਸ਼ਹੀਦਾਂ ਦੇ ਪਰਿਵਾਰਾਂ ਦਾ ਦਿਲ ਟੁੱਟ ਗਿਆ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਇਸ ਸਰਕਾਰ ਤੋਂ ਅਜਿਹੀ ਕੋਈ ਉਮੀਦ ਨਹੀਂ ਹੈ। ਇਸ ਦੌਰਾਨ ਉਨ੍ਹਾਂ ਮੰਗ ਕੀਤੀ ਕਿ ਸ਼ਹੀਦ ਦੀ ਯਾਦ ਵਿੱਚ ਇੱਥੇ ਮੈਡੀਕਲ ਯੂਨੀਵਰਸਿਟੀ ਦੀ ਸਥਾਪਨਾ ਕੀਤੀ ਜਾਵੇ। ਤਾਂ ਜੋ ਸ਼ਹੀਦ ਇਲਾਕੇ ਦੇ ਨੌਜਵਾਨ ਮੈਡੀਕਲ ਦੀ ਸਿੱਖਿਆ ਪ੍ਰਾਪਤ ਕਰਕੇ ਦੇਸ਼ ਦੀ ਸੇਵਾ ਕਰ ਸਕਣ। ਹੁਣ ਤੱਕ ਦੀਆਂ ਸਰਕਾਰਾਂ ਅਜਿਹਾ ਕਰਨ ਵਿੱਚ ਅਸਫਲ ਰਹੀਆਂ ਹਨ। ਉਨ੍ਹਾਂ ਕਿਹਾ ਕਿ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੀ ਸ਼ਹੀਦ ਊਧਮ ਸਿੰਘ ਪ੍ਰਤੀ ਵਿਸ਼ੇਸ਼ ਸਨੇਹ ਅਤੇ ਸਤਿਕਾਰ ਰੱਖਦੇ ਹਨ, ਜਦਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਸ਼ਹੀਦ ਊਧਮ ਸਿੰਘ ਦੇ ਇਲਾਕੇ ਨਾਲ ਸਬੰਧਤ ਹੋਣ ਦੇ ਬਾਵਜੂਦ ਸ਼ਹੀਦਾਂ ਦੀ ਸ਼ਹਾਦਤ ਨੂੰ ਵਿਸਾਰ ਰਹੇ ਹਨ।