Thursday, April 03, 2025
BREAKING NEWS
ਪੰਜਾਬੀ ਗਾਇਕ ਹੰਸ ਰਾਜ ਹੰਸ ਨੂੰ ਸਦਮਾ,ਪਤਨੀ ਦਾ ਹੋਇਆ ਦੇਹਾਂਤਮੋਹਾਲੀ ਅਦਾਲਤ ਨੇ ਪਾਸਟਰ ਬਜਿੰਦਰ ਨੂੰ ਸੁਣਾਈ ਉਮਰ ਕੈਦ ਦੀ ਸਜ਼ਾ ਪਟਿਆਲਾ ; ਬਾਦਸ਼ਾਹਪੁਰ ਪੁਲਿਸ ਚੌਂਕੀ ਨੇੜੇ ਧਮਾਕਾਪੰਜਾਬ ਰਾਜ ਬਿਜਲੀ ਰੈਗੂਲੇਟਰੀ ਕਮਿਸ਼ਨ ਵੱਲੋਂ ਵਿੱਤੀ ਸਾਲ 2025-26 ਲਈ ਬਿਜਲੀ ਦਰਾਂ ਜਾਰੀਮਾਂ ਚਰਨ ਕੌਰ ਨੇ ਨਿੱਕੇ ਸਿੱਧੂ ਦੇ ਪਹਿਲੇ ਜਨਮਦਿਨ ‘ਤੇ ਪਾਈ ਭਾਵੁਕ ਪੋਸਟਪੰਜਾਬ ਪੁਲਿਸ ਦੀ ਵੱਡੀ ਪ੍ਰਾਪਤੀ, ਸ਼ੀਹਾਂ ਦੌਦ ਬੱਚਾ ਅਗਵਾ ਕੇਸ 24 ਘੰਟਿਆਂ 'ਚ ਹੀ ਸੁਲਝਾਇਆਲੰਡਨ ‘ਚ ਭਾਰਤ ਦੇ ਵਿਦੇਸ਼ ਮੰਤਰੀ ਡਾ. ਐੱਸ ਜੈਸ਼ੰਕਰ ‘ਤੇ ਹਮਲੇ ਦੀ ਕੋਸ਼ਿਸ਼ਹੜਤਾਲ ‘ਤੇ ਗਏ ਮਾਲ ਅਧਿਕਾਰੀਆਂ ਨੂੰ ਮਾਨ ਸਰਕਾਰ ਦੀ ਚਿਤਾਵਨੀਤਹਿਸੀਲਦਾਰਾਂ ਦੀ ਹੜਤਾਲ ਵਿਚਾਲੇ CM ਮਾਨ ਪਹੁੰਚਣਗੇ ਖਰੜ ਤਹਿਸੀਲਹਰਪਾਲ ਸਿੰਘ ਚੀਮਾ ਵੱਲੋਂ ਨਸ਼ਾ ਤਸਕਰਾਂ ਨੂੰ ਆਖਰੀ ਚੇਤਾਵਨੀ: ਨਸ਼ਾ ਤਸਕਰੀ ਛੱਡ ਦਿਓ ਜਾਂ ਪੰਜਾਬ ਛੱਡੋ

Chandigarh

ਗਣਤੰਤਰ ਦਿਵਸ ਪਰੇਡ ਲਈ ਸੂਬੇ ਦੀ ਝਾਕੀ ਨੂੰ ਰੱਦ ਕਰਨ ਉਤੇ ਮੁੱਖ ਮੰਤਰੀ ਵੱਲੋਂ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੀ ਆਲੋਚਨਾ

December 29, 2023 02:04 PM
SehajTimes

ਚੰਡੀਗੜ੍ਹ : ਗਣਤੰਤਰ ਦਿਵਸ ਪਰੇਡ ਲਈ ਸੂਬੇ ਦੀ ਝਾਕੀ ਰੱਦ ਕਰਨ ਲਈ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੀ ਆਲੋਚਨਾ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੱਤਾ ਦੇ ਨਸ਼ੇ ਵਿੱਚ ਹੰਕਾਰੀ ਕੇਂਦਰ ਸਰਕਾਰ, ਸੁਤੰਤਰਤਾ ਸੰਗਰਾਮ ਵਿੱਚ ਪੰਜਾਬੀਆਂ ਵੱਲੋਂ ਦਿੱਤੇ ਲਾਮਿਸਾਲ ਬਲੀਦਾਨ ਦੀ ਨਿਰਾਦਰੀ ਕਰ ਰਹੀ ਹੈ। ਮੁੱਖ ਮੰਤਰੀ ਨੇ ਕਿਹਾ, “ਇਹ ਪਹਿਲੀ ਦਫ਼ਾ ਨਹੀਂ ਹੈ, ਸਗੋਂ ਪਿਛਲੇ ਸਾਲ ਵੀ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਨੇ ਅਜਿਹੀ ਸ਼ਰਾਰਤ ਕੀਤੀ ਸੀ ਅਤੇ ਇਸ ਸਾਲ ਵੀ ਝਾਕੀ ਰੱਦ ਕਰ ਕੇ ਉਹੀ ਹਰਕਤ ਦੁਹਰਾਈ ਹੈ। ਕੇਂਦਰ ਸਰਕਾਰ ਪੰਜਾਬ ਦੇ ਜ਼ਖ਼ਮਾਂ ਉਤੇ ਲੂਣ ਛਿੜਕ ਰਹੀ ਹੈ।” ਇੱਥੇ ਪੰਜਾਬ ਭਵਨ ਵਿਖੇ ਅੱਜ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਕ ਪਾਸੇ ਦੁਨੀਆ ਭਰ ਤੋਂ ਸ਼ਰਧਾਲੂ ਫਤਹਿਗੜ੍ਹ ਸਾਹਿਬ ਪੁੱਜ ਕੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ, ਬਾਬਾ ਫਤਹਿ ਸਿੰਘ ਤੇ ਮਾਤਾ ਗੁਜਰੀ ਜੀ ਦੀ ਸ਼ਹਾਦਤ ਅੱਗੇ ਨਤਮਸਤਕ ਹੋ ਰਹੇ ਹਨ, ਦੂਜੇ ਪਾਸੇ ਇਨ੍ਹਾਂ ਪਵਿੱਤਰ ਦਿਨਾਂ ਵਿੱਚ ਭਾਜਪਾ ਸਰਕਾਰ ਪੰਜਾਬ ਦੀ ਨਿਰਾਦਰੀ ਕਰਨ ਲਈ ਅਜਿਹੇ ਕੋਝੇ ਹਥਕੰਡੇ ਅਪਣਾ ਰਹੀ ਹੈ। ਉਨ੍ਹਾਂ ਕਿਹਾ ਕਿ ਸ਼ਹਾਦਤਾਂ ਤੇ ਬਲੀਦਾਨ ਸੂਬੇ ਦੀ ਮਹਾਨ ਵਿਰਾਸਤ ਦਾ ਹਿੱਸਾ ਹਨ, ਜਿਨ੍ਹਾਂ ਨੂੰ ਸੂਬੇ ਦੀਆਂ ਝਾਕੀਆਂ ਵਿੱਚ ਬਾਖੂਬੀ ਦਿਖਾਇਆ ਜਾਣਾ ਸੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਦੇਸ਼ ਭਗਤੀ ਦੇ ਵਿਚਾਰਾਂ ਵਾਲੀਆਂ ਝਾਕੀਆਂ ਨੂੰ ਰੱਦ ਕਰ ਕੇ ਕੇਂਦਰ ਸਰਕਾਰ ਨੇ ਮਹਾਨ ਦੇਸ਼ ਭਗਤਾਂ ਤੇ ਕੌਮੀ ਨਾਇਕਾਂ ਦੇ ਬਲੀਦਾਨ ਦੀ ਬੇਹੁਰਮਤੀ ਕੀਤੀ ਹੈ।

 

ਮੁੱਖ ਮੰਤਰੀ ਨੇ ਸਪੱਸ਼ਟ ਤੌਰ ਉਤੇ ਆਖਿਆ ਕਿ ਸੂਬੇ ਨਾਲ ਮਤਰੇਈ ਮਾਂ ਵਾਲਾ ਇਹ ਸਲੂਕ ਕਤਈ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਹ ਕਿੰਨੀ ਬਦਕਿਸਮਤੀ ਵਾਲੀ ਗੱਲ ਹੈ ਕਿ ਇਹ ਫੈਸਲਾ ਉਨ੍ਹਾਂ ਦਿਨਾਂ ਦੌਰਾਨ ਕੀਤਾ ਗਿਆ, ਜਦੋਂ ਸਮੁੱਚੀ ਦੁਨੀਆ ਛੋਟੇ ਸਾਹਿਬਜ਼ਾਦਿਆਂ ਤੇ ਮਾਤਾ ਗੁਜਰੀ ਜੀ ਵੱਲੋਂ ਦਿੱਤੇ ਲਾਮਿਸਾਲ ਬਲੀਦਾਨ ਅੱਗੇ ਸਿਰ ਝੁਕਾ ਰਹੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅੱਤਿਆਚਾਰੀ ਮੋਦੀ ਸਰਕਾਰ ਇਹ ਗੱਲ ਭੁੱਲ ਗਈ ਹੈ ਕਿ ਪੰਜਾਬੀਆਂ ਨੇ ਦੇਸ਼ ਦੀਆਂ ਸਰਹੱਦਾਂ ਦੀ ਰਾਖੀ ਦੇ ਨਾਲ-ਨਾਲ ਆਜ਼ਾਦੀ ਹਾਸਲ ਕਰਨ ਅਤੇ ਇਸ ਨੂੰ ਬਰਕਰਾਰ ਰੱਖਣ ਲਈ ਬੇਮਿਸਾਲ ਕੁਰਬਾਨੀਆਂ ਦਿੱਤੀਆਂ ਹਨ। ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੀਆਂ ਇਨ੍ਹਾਂ ਝਾਕੀਆਂ ਨਾਲ ਗਣਤੰਤਰ ਦਿਵਸ ਪਰੇਡ, ਜਿਸ ਵਿੱਚ ਇਸ ਸਾਲ ਫਰਾਂਸ ਦੇ ਰਾਸ਼ਟਰਪਤੀ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਣਗੇ, ਦਾ ਮਾਣ ਵਧਣਾ ਸੀ। ਉਨ੍ਹਾਂ ਕਿਹਾ ਕਿ ਇਸ ਪਰੇਡ ਵਿੱਚ ਹਰੇਕ ਸੂਬਾ ਆਪਣੀ ਵਿਰਾਸਤ ਨੂੰ ਦਰਸਾਉਂਦਾ ਹੈ ਪਰ ਮੋਦੀ ਸਰਕਾਰ ਨੇ ਪਿਛਲੇ ਦੋ ਸਾਲਾਂ ਵਿੱਚ ਜਾਣ ਬੁੱਝ ਕੇ ਪੰਜਾਬ ਨੂੰ ਇਸ ਤੋਂ ਬਾਹਰ ਰੱਖਿਆ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਸਾਲ ਵੀ ਝਾਕੀਆਂ ਲਈ ਚੁਣੇ ਗਏ ਸੂਬਿਆਂ ਵਿੱਚੋਂ 90 ਫੀਸਦੀ ਤੋਂ ਵੱਧ ਭਾਜਪਾ ਦੇ ਸ਼ਾਸਨ ਵਾਲੇ ਸੂਬੇ ਹਨ, ਜਿਸ ਤੋਂ ਝਲਕਦਾ ਹੈ ਕਿ ਮੋਦੀ ਸਰਕਾਰ ਵੱਲੋਂ ਸੁਤੰਤਰਤਾ ਦਿਵਸ ਤੇ ਗਣਤੰਤਰ ਦਿਵਸ ਦਾ ਸਿਆਸੀਕਰਨ ਕੀਤਾ ਜਾ ਰਿਹਾ ਹੈ।



ਮੁੱਖ ਮੰਤਰੀ ਨੇ ਕਿਹਾ ਕਿ ਇਸ ਸਾਲ ਵੀ ਪੰਜਾਬ ਸਰਕਾਰ ਨੇ ਤਿੰਨ ਵਿਸ਼ੇ ‘ਪੰਜਾਬ-ਸ਼ਹੀਦਾਂ ਅਤੇ ਕੁਰਬਾਨੀਆਂ ਦੀ ਗਾਥਾ’, ‘ਨਾਰੀ ਸ਼ਕਤੀ’ (ਮਾਈ ਭਾਗੋ-ਪਹਿਲੀ ਮਹਾਨ ਸਿੱਖ ਜੰਗਜੂ ਬੀਬੀ) ਅਤੇ ‘ਪੰਜਾਬ ਦੇ ਅਮੀਰ ਸੱਭਿਆਚਾਰ ਦੀ ਪੇਸ਼ਕਾਰੀ’ ਵਿਸ਼ਿਆਂ ਨੂੰ ਝਾਕੀਆਂ ਲਈ ਭੇਜਿਆ ਸੀ। ਉਨ੍ਹਾਂ ਕਿਹਾ ਕਿ ਮਨਜ਼ੂਰੀ ਲਈ ਇਹ ਵਿਸ਼ੇ ਸਮੇਂ ਸਿਰ ਕੇਂਦਰ ਸਰਕਾਰ ਕੋਲ ਭੇਜ ਦਿੱਤੇ ਸਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਇਨ੍ਹਾਂ ਵਿਸ਼ਿਆਂ ਨੂੰ ਰੱਦ ਕਰ ਕੇ ਸੂਬੇ ਦੇ ਯੋਗਦਾਨ ਨੂੰ ਨਜ਼ਰਅੰਦਾਜ਼ ਕੀਤਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਮੰਦੇਭਾਗੀਂ ਕੇਂਦਰ ਸਰਕਾਰ ਸੂਬੇ ਅਤੇ ਦੇਸ਼ ਨਿਰਮਾਣ ਵਿੱਚ ਇਸ ਦੇ ਲਾਮਿਸਾਲ ਯੋਗਦਾਨ ਦਾ ਮਜ਼ਾਕ ਉਡਾ ਰਹੀ ਹੈ। ਉਨ੍ਹਾਂ ਕੇਂਦਰ ਸਰਕਾਰ ਨੂੰ ਚੇਤੇ ਕਰਵਾਇਆ ਕਿ ਜੇ ਅੰਡੇਮਾਨ ਤੇ ਨਿਕੋਬਾਰ ਨੂੰ ਆਪਣੀ ਝਾਕੀ ਪੇਸ਼ ਕਰਨੀ ਪੈਂਦੀ ਤਾਂ ਪੰਜਾਬ ਉਸ ਵਿੱਚ ਵੀ ਹੋਣਾ ਸੀ ਕਿਉਂਕਿ ਭਾਰਤ ਦੀ ਆਜ਼ਾਦੀ ਦਾ ਸੰਘਰਸ਼ ਪੰਜਾਬ ਤੇ ਪੰਜਾਬੀਆਂ ਦੇ ਯੋਗਦਾਨ ਨਾਲ ਭਰਿਆ ਹੋਇਆ ਹੈ, ਜਿਸ ਨੂੰ ਕਦੇ ਵੀ ਨਜ਼ਰਅੰਦਾਜ਼ ਨਹੀਂ ਕੀਤਾ ਜਾ ਸਕਦਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੀ ਬਹੁਤ ਵੱਡੀ ਸਾਜ਼ਿਸ਼ ਹੈ ਤਾਂ ਕਿ ਦੇਸ਼ ਦੀ ਏਕਤਾ ਤੇ ਅਖੰਡਤਾ ਨੂੰ ਬਰਕਰਾਰ ਰੱਖਣ ਲਈ ਪੰਜਾਬ ਦੀਆਂ ਕੁਰਬਾਨੀਆਂ ਨੂੰ ਛੁਪਾਇਆ ਜਾ ਸਕੇ।



ਭਾਜਪਾ ਦੇ ਚਾਪਲੂਸਾਂ ਉਤੇ ਹਮਲੇ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਲੋਕ ਇਨ੍ਹੀਂ ਦਿਨੀਂ ਦੇਸ਼ ਭਰ ਵਿੱਚ ਚੱਲ ਰਹੀਆਂ ਮੋਦੀ ਦੀਆਂ ਝਾਕੀਆਂ ਦਾ ਗੁਣਗਾਣ ਕਰਨ ਲੱਗੇ ਹੋਏ ਹਨ ਪਰ ਉਹ ਸ਼ਹੀਦਾਂ ਦੀਆਂ ਝਾਕੀਆਂ ਦੇ ਵਿਚਾਰ ਦੇ ਖ਼ਿਲਾਫ਼ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਕਦਮ ਨਾਲ ਇਕ ਵਾਰ ਫਿਰ ਭਾਜਪਾ ਦਾ ਪੰਜਾਬ ਵਿਰੋਧੀ ਚਿਹਰਾ ਬੇਨਕਾਬ ਹੋਇਆ ਹੈ। ਉਨ੍ਹਾਂ ਕੈਪਟਨ ਅਮਰਿੰਦਰ ਸਿੰਘ, ਸੁਨੀਲ ਜਾਖੜ, ਆਰ.ਪੀ. ਸਿੰਘ, ਮਨਜਿੰਦਰ ਸਿਰਸਾ ਸਮੇਤ ਸਾਰੇ ਭਾਜਪਾ ਆਗੂਆਂ ਨੂੰ ਚੁਣੌਤੀ ਦਿੱਤੀ ਕਿ ਉਹ ਹੁਣ ਦੱਸਣ ਕਿ ਕੇਂਦਰ ਵਿਚਲੀ ਉਨ੍ਹਾਂ ਦੀ ਸਰਕਾਰ ਪੰਜਾਬ ਨਾਲ ਕਿਉਂ ਇੰਨੀ ਵੱਡੀ ਬੇਇਨਸਾਫ਼ੀ ਕਰ ਰਹੀ ਹੈ। ਮੁੱਖ ਮੰਤਰੀ ਨੇ ਦੁਹਰਾਇਆ ਕਿ ਮੋਦੀ ਸਰਕਾਰ ਪੰਜਾਬ ਵਿਰੋਧੀ ਮਾਨਸਿਕਤਾ ਰੱਖਦੀ ਹੈ, ਜਿਸ ਕਾਰਨ ਉਹ ਸੂਬੇ ਨੂੰ ਬਰਬਾਦ ਕਰਨ `ਤੇ ਤੁਲੀ ਹੋਈ ਹੈ। ਉਨ੍ਹਾਂ ਕਿਹਾ ਕਿ ਜੇਕਰ ਭਾਜਪਾ ਦੀ ਅਗਵਾਈ ਵਾਲੀ ਐਨ.ਡੀ.ਏ ਸਰਕਾਰ ਦਾ ਵੱਸ ਚੱਲੇ ਤਾਂ ਉਹ ਰਾਸ਼ਟਰੀ ਗੀਤ ਵਿੱਚੋਂ ਵੀ ਪੰਜਾਬ ਦਾ ਨਾਂ ਹਟਾ ਦੇਣਗੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਹੈਰਾਨੀ ਦੀ ਗੱਲ ਹੈ ਕਿ ਇਸ ਮਤਰੇਈ ਮਾਂ ਵਾਲੇ ਸਲੂਕ ਦੇ ਬਾਵਜੂਦ ਸੂਬੇ ਦੇ ਭਾਜਪਾ ਆਗੂ ਇਸ ਪੂਰੇ ਮਾਮਲੇ `ਤੇ ਚੁੱਪ ਹਨ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਆਮ ਆਦਮੀ ਦੀ ਭਲਾਈ ਲਈ ਲਏ ਗਏ ਸਾਰੇ ਲੋਕ ਪੱਖੀ ਫੈਸਲਿਆਂ ਨੂੰ ਕੇਂਦਰ ਸਰਕਾਰ ਹਜ਼ਮ ਨਹੀਂ ਕਰ ਪਾ ਰਹੀ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੇ ਰਾਸ਼ਟਰੀ ਸਿਹਤ ਮਿਸ਼ਨ ਤਹਿਤ ਆਮ ਆਦਮੀ ਕਲੀਨਿਕਾਂ ਲਈ ਫੰਡ ਰੋਕੇ ਹੋਏ ਹਨ ਅਤੇ ਕੇਂਦਰ ਸਰਕਾਰ ਵੱਲੋਂ 5500 ਕਰੋੜ ਰੁਪਏ ਦੇ ਪੇਂਡੂ ਵਿਕਾਸ ਫੰਡ ਵੀ ਰੋਕ ਦਿੱਤੇ ਗਏ ਹਨ ਤਾਂ ਜੋ ਸੂਬਾ ਸਰਕਾਰ ਨੂੰ ਪੇਂਡੂ ਖੇਤਰਾਂ ਵਿੱਚ ਸੜਕਾਂ ਬਣਾਉਣ ਤੋਂ ਰੋਕਿਆ ਜਾ ਸਕੇ। ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਅਗਾਊਂ ਭੁਗਤਾਨ ਕੀਤੇ ਜਾਣ ਦੇ ਬਾਵਜੂਦ ਸੂਬੇ ਨੂੰ ਰੇਲ ਗੱਡੀਆਂ ਨਾ ਦੇ ਕੇ ਕੇਂਦਰ ਸਰਕਾਰ ਨੇ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਨੂੰ ਰੋਕ ਦਿੱਤਾ ਹੈ।



ਮੁੱਖ ਮੰਤਰੀ ਨੇ ਕਿਹਾ ਕਿ ਵਾਰਾਣਸੀ, ਪਟਨਾ ਸਾਹਿਬ, ਨਾਂਦੇੜ ਸਾਹਿਬ, ਅਜਮੇਰ ਸ਼ਰੀਫ ਅਤੇ ਹੋਰ ਥਾਵਾਂ ਨੂੰ ਜਾਣ ਵਾਲੀਆਂ ਰੇਲਾਂ ਨੂੰ ਕੇਂਦਰ ਸਰਕਾਰ ਨੇ ਜਾਣ-ਬੁੱਝ ਕੇ ਰੋਕਿਆ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਕੇਂਦਰ ਦੀ ਇਸ ਕਾਰਵਾਈ ਦਾ ਇੱਕੋ-ਇਕ ਮਕਸਦ ਲੋਕਾਂ ਨੂੰ ਧਾਰਮਿਕ ਸਥਾਨਾਂ `ਤੇ ਮੱਥਾ ਟੇਕਣ ਤੋਂ ਵਾਂਝੇ ਰੱਖਣਾ ਹੈ ਅਤੇ ਕੇਂਦਰ ਸਰਕਾਰ ਦੇ ਇਨ੍ਹਾਂ ਮਨਸੂਬਿਆਂ ਨੂੰ ਕਾਮਯਾਬ ਨਹੀਂ ਹੋਣ ਦਿੱਤਾ ਜਾਵੇਗਾ। ਉਨ੍ਹਾਂ ਵਿਅੰਗ ਕਰਦਿਆਂ ਕਿਹਾ ਕਿ ਭਾਵੇਂ ਪ੍ਰਧਾਨ ਮੰਤਰੀ ਰੋਜ਼ਾਨਾ ਡਬਲ ਇੰਜਣ ਵਾਲੀ ਸਰਕਾਰ ਦੀ ਸ਼ੇਖੀ ਮਾਰ ਰਹੇ ਹਨ ਪਰ ਰੇਲਵੇ ਇਸ ਲੋਕ ਪੱਖੀ ਯੋਜਨਾ ਲਈ ਰੇਲ ਗੱਡੀਆਂ ਚਲਾਉਣ ਵਾਸਤੇ ਕੋਈ ਇੰਜਣ ਨਾ ਹੋਣ ਦਾ ਹਵਾਲਾ ਦੇ ਰਿਹਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਅਜਿਹੇ ਦੋਹਰੇ ਇੰਜਣ ਵਾਲੀ ਸਰਕਾਰ ਦਾ ਕੀ ਫਾਇਦਾ ਜੇ ਲੋਕਾਂ ਦੀ ਭਲਾਈ ਲਈ ਬਣਾਈਆਂ ਗਈਆਂ ਸਕੀਮਾਂ ਦਾ ਲਾਭ ਲੋਕਾਂ ਨੂੰ ਹੀ ਨਹੀਂ ਮਿਲਦਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਹ ਸੂਬੇ ਦੀ ਝਾਕੀ ਨੂੰ ਸ਼ਾਮਲ ਨਾ ਕਰਨ ਦਾ ਮੁੱਦਾ ਕੇਂਦਰ ਸਰਕਾਰ ਕੋਲ ਜ਼ੋਰਦਾਰ ਢੰਗ ਨਾਲ ਉਠਾਉਣਗੇ। ਉਨ੍ਹਾਂ ਕਿਹਾ ਕਿ ਜੇਕਰ ਕੇਂਦਰ ਵੱਲੋਂ ਗਣਤੰਤਰ ਦਿਵਸ ਦੀ ਪਰੇਡ ਵਿੱਚ ਇਹ ਝਾਕੀਆਂ ਸ਼ਾਮਲ ਨਹੀਂ ਕੀਤੀਆਂ ਜਾਂਦੀਆਂ ਤਾਂ ਵੀ ਸੂਬਾ ਸਰਕਾਰ ਵੱਲੋਂ 26 ਜਨਵਰੀ ਨੂੰ ਸੂਬੇ ਭਰ ਵਿੱਚ ਹੋਣ ਵਾਲੇ ਸਾਰੇ ਸਮਾਗਮਾਂ ਵਿੱਚ ਇਸ ਨੂੰ ‘ਕੇਂਦਰ ਸਰਕਾਰ ਵੱਲੋਂ ਰੱਦ’ ਦੇ ਬੈਨਰ ਹੇਠ ਸ਼ਾਮਲ ਕੀਤਾ ਜਾਵੇਗਾ ਅਤੇ ਸੂਬੇ ਦੀ ਅਮੀਰ ਵਿਰਾਸਤ ਨੂੰ ਲੋਕਾਂ ਸਾਹਮਣੇ ਪੇਸ਼ ਕੀਤਾ ਜਾਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੇ ਮੁਖੀ ਹੋਣ ਦੇ ਨਾਤੇ ਉਹ ਕੇਂਦਰ ਸਰਕਾਰ ਵੱਲੋਂ ਦਿੱਤੀ ਚੁਣੌਤੀ ਨੂੰ ਸਵੀਕਾਰ ਕਰਦੇ ਹਨ ਕਿਉਂਕਿ ਭਗਵਾ ਪਾਰਟੀ ਅਜਿਹੀਆਂ ਸੌੜੀਆਂ ਚਾਲਾਂ ਨਾਲ ਦੇਸ਼ ਦੇ ਅੰਨਦਾਤਾ ਅਤੇ ਦੇਸ਼ ਦੀਆਂ ਸਰਹੱਦਾਂ ਦੀ ਰਾਖੀ ਕਰਨ ਵਾਲੇ ਪੰਜਾਬ ਦਾ ਨਿਰਾਦਰ ਨਹੀਂ ਕਰ ਸਕਦੀ। ਉਨ੍ਹਾਂ ਕਿਹਾ ਕਿ ਇਹ ਅਸਵੀਕਾਰਯੋਗ ਹੈ ਕਿਉਂਕਿ ਇਸ ਨਾਲ ਹਰ ਪੰਜਾਬੀ ਦੇ ਸਵੈਮਾਣ `ਤੇ ਸਿੱਧੀ ਸੱਟ ਮਾਰੀ ਗਈ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਪੰਜਾਬ ਨੂੰ ਆਤਮ ਨਿਰਭਰ ਬਣਾਉਣ ਲਈ ਪਹਿਲਾਂ ਹੀ ਠੋਸ ਯਤਨ ਕਰ ਰਹੀ ਹੈ ਤਾਂ ਜੋ ਉਨ੍ਹਾਂ ਨੂੰ ਕਿਸੇ ਵੀ ਮਾਮਲੇ ਵਿੱਚ ਕੇਂਦਰ ਤੋਂ ਮਦਦ ਨਾ ਲੈਣੀ ਪਵੇ।

Have something to say? Post your comment

 

More in Chandigarh

ਬਾਬਾ ਸਾਹਿਬ ਅੰਬੇਡਕਰ ਦੇ ਬੁੱਤਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਜਸਵੀਰ ਸਿੰਘ ਗੜ੍ਹੀ ਨੇ ਡੀ.ਜੀ.ਪੀ. ਨੂੰ ਡੀ.ਓ.ਲਿਖਿਆ

ਪੰਜਾਬ ਪੁਲਿਸ ਵੱਲੋਂ ਪੁਲਿਸ ਕਲੀਅਰੈਂਸ ਸਰਟੀਫਿਕੇਟਾਂ ਲਈ ਕਿਊਆਰ ਕੋਡ ਪ੍ਰਮਾਣਿਕਤਾ ਦੀ ਸ਼ੁਰੂਆਤ

10000 ਰੁਪਏ ਰਿਸ਼ਵਤ ਲੈਂਦਾ ਪੀ.ਐਸ.ਪੀ.ਸੀ.ਐਲ. ਦਾ ਲਾਈਨਮੈਨ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਸਮਾਰਟ ਰਾਸ਼ਨ ਕਾਰਡ ਧਾਰਕ ਲਾਭਪਾਤਰੀਆਂ ਲਈ ਈ. ਕੇ. ਵਾਈ. ਸੀ. 30 ਅਪ੍ਰੈਲ ਤੱਕ ਲਾਜ਼ਮੀ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਆਬਕਾਰੀ ਤੇ ਕਰ ਇੰਸਪੈਕਟਰਾਂ ਅਤੇ ਕਲਰਕਾਂ ਨੂੰ ਨਿਯੁਕਤੀ ਪੱਤਰ ਸੌਂਪੇ

ਬਿਕਰਮ ਮਜੀਠੀਆ ਦੀ ਸੁਰੱਖਿਆ ਵਾਪਸ ਨਹੀਂ ਲਈ ਸਿਰਫ ਘਟਾਈ ਗਈ ਹੈ : ਪੰਜਾਬ ਪੁਲਿਸ

ਪੰਜਾਬ ਰਾਜ ਮਹਿਲਾ ਕਮਿਸ਼ਨ ਵੱਲੋਂ ਪਾਸਟਰ ਬਜਿੰਦਰ ਕੇਸ ਵਿੱਚ ਅਦਾਲਤ ਦੇ ਫੈਸਲੇ ਦਾ ਸਵਾਗਤ

ਪੰਜਾਬ ਵੱਲੋਂ ਆਬਕਾਰੀ ਮਾਲੀਆ ਵਿੱਚ ਇਤਿਹਾਸਕ ਰਿਕਾਰਡ ਸਥਾਪਤ, ਸਾਲ 2024-25 ਵਿੱਚ ਪ੍ਰਾਪਤ ਕੀਤੇ 10743.72 ਕਰੋੜ ਰੁਪਏ: ਹਰਪਾਲ ਸਿੰਘ ਚੀਮਾ

PSPCL ਨੇ ਵਿੱਤੀ ਸਾਲ 2024-25 ਵਿੱਚ ਪਛਵਾੜਾ ਕੋਲਖਾਨ ਵਿਖੇ ਪ੍ਰਾਪਤ ਕੀਤੀ ਪੀਕ ਰੇਟਿਡ ਕਪੈਸਟੀ : ਹਰਭਜਨ ਸਿੰਘ ਈ.ਟੀ.ਓ

ਭਾਜਪਾ ਦੇ ਨਕਸ਼ੇ ਕਦਮਾਂ 'ਤੇ ਚੱਲ ਰਹੀ ਹੈ ਮਾਨ ਸਰਕਾਰ': ਬਲਬੀਰ ਸਿੰਘ ਸਿੱਧੂ