Thursday, November 21, 2024

Doaba

ਮੁੱਖ ਮੰਤਰੀ ਵੱਲੋਂ ਸਨਅਤੀ ਸ਼ਹਿਰ ਲੁਧਿਆਣਾ ਲਈ ਵੱਡੇ ਵਿਕਾਸ ਪ੍ਰਾਜੈਕਟਾਂ ਦਾ ਐਲਾਨ

December 30, 2023 01:53 PM
SehajTimes

ਲੁਧਿਆਣਾ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਲੁਧਿਆਣਾ ਦੀ ਨੁਹਾਰ ਬਦਲਣ ਲਈ ਵੱਡੇ ਵਿਕਾਸ ਪ੍ਰਾਜੈਕਟਾਂ ਦਾ ਐਲਾਨ ਕਰਦਿਆਂ ਕਿਹਾ ਕਿ ਇਸ ਇਸ ਮੰਤਵ ਲਈ ਕਰੋੜਾਂ ਰੁਪਏ ਦੇ ਨਵੇਂ ਪ੍ਰਾਜੈਕਟ ਸ਼ੁਰੂ ਅਤੇ ਚੱਲ ਰਹੇ ਪ੍ਰਾਜੈਕਟ ਸਮਾਂਬੱਧ ਢੰਗ ਨਾਲ ਮੁਕੰਮਲ ਕੀਤੇ ਜਾਣਗੇ । ਇੱਥੇ ਇੱਕ ਉੱਚ ਪੱਧਰੀ ਮੀਟਿੰਗ ਦੌਰਾਨ ਸ਼ਹਿਰ ਵਿੱਚ ਚੱਲ ਰਹੇ ਵਿਕਾਸ ਪ੍ਰਾਜੈਕਟਾਂ ਦਾ ਜਾਇਜ਼ਾ ਲੈਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਇਸ ਸਨਅਤੀ ਸ਼ਹਿਰ ਦੇ ਸਰਵਪੱਖੀ ਵਿਕਾਸ ਨੂੰ ਹੁਲਾਰਾ ਦੇਣ ਲਈ ਵਚਨਬੱਧ ਹੈ। ਉਨ੍ਹਾਂ ਦੱਸਿਆ ਕਿ ਸ਼ਹਿਰ ਨੂੰ ਹਰਿਆ ਭਰਿਆ ਬਣਾਉਣ ਲਈ 28.91 ਕਰੋੜ ਰੁਪਏ ਦੀ ਲਾਗਤ ਨਾਲ ਬੂਟੇ ਲਗਾਉਣ ਦੇ 46 ਪ੍ਰਾਜੈਕਟ ਵਿਚਾਰੇ ਗਏ ਹਨ, ਜਿਨ੍ਹਾਂ ਚੋਂ 14.18 ਕਰੋੜ ਰੁਪਏ ਦੇ 19 ਕਾਰਜ ਪਹਿਲਾਂ ਹੀ ਮੁਕੰਮਲ ਹੋ ਚੁੱਕੇ ਹਨ ਅਤੇ ਬਾਕੀ ਆਉਂਦੇ ਦਿਨਾਂ ਵਿੱਚ ਮੁਕੰਮਲ ਕਰ ਲਏ ਜਾਣਗੇ। ਭਗਵੰਤ ਸਿੰਘ ਮਾਨ ਨੇ ਦੱਸਿਆ ਕਿ ਸਮਾਰਟ ਸਿਟੀ ਸਕੀਮ ਤਹਿਤ 930 ਕਰੋੜ ਰੁਪਏ ਦੇ 72 ਪ੍ਰਾਜੈਕਟ ਸ਼ੁਰੂ ਕੀਤੇ ਗਏ ਸਨ, ਜਿਨ੍ਹਾਂ ਵਿੱਚੋਂ 219 ਕਰੋੜ ਰੁਪਏ ਦੇ ਪ੍ਰਾਜੈਕਟ ਮੁਕੰਮਲ ਹੋ ਚੁੱਕੇ ਹਨ ਅਤੇ 549.10 ਕਰੋੜ ਰੁਪਏ ਦੇ ਪ੍ਰਾਜੈਕਟਾਂ ’ਤੇ ਕੰਮ ਚੱਲ ਰਿਹਾ ਹੈ ਅਤੇ 161.90 ਰੁਪਏ ਦੇ ਪ੍ਰਾਜੈਕਟਾਂ ਦੇ ਟੈਂਡਰ ਅਲਾਟ ਕਰ ਦਿੱਤੇ ਗਏ ਗਏ ਹਨ। ਮੁੱਖ ਮੰਤਰੀ ਨੇ ਕਿਹਾ ਕਿ ਇੰਟੀਗਰੇਟਿਡ ਕਮਾਂਡ ਐਂਡ ਕੰਟਰੋਲ ਸੈਂਟਰ, ਆਲ ਵੈਦਰ ਇਨਡੋਰ ਸਵਿਮਿੰਗ ਪੂਲ, ਐਲ.ਈ.ਡੀ. ਸਟਰੀਟ ਲਾਈਟਾਂ, ਲੁਧਿਆਣਾ ਲਈ ਸਤਹੀ ਪਾਣੀ ਦੀ ਸਪਲਾਈ, ਬੁੱਢਾ ਦਰਿਆ ਦੀ ਸੁਰਜੀਤੀ, ਠੋਸ ਰਹਿੰਦ-ਖੂੰਹਦ ਪ੍ਰਬੰਧਨ ਵਰਗੇ ਅਤੇ ਹੋਰ ਵੱਡੇ ਪ੍ਰੋਜੈਕਟ ਸ਼ਹਿਰ ਨੂੰ ਨਵਾਂ ਰੂਪ ਦੇਣਗੇ। ਉਨ੍ਹਾਂ ਕਿਹਾ ਕਿ ਕਮਿਊਨਿਟੀ ਕਲੱਬ, ਸੀਨੀਅਰ ਸਿਟੀਜ਼ਨ ਕਲੱਬ ਅਤੇ ਸਿਲਾਈ ਸੈਂਟਰ, ਸੈਕਟਰ 32, ਲੁਧਿਆਣਾ, ਸਿਹਤ ਕੇਂਦਰ (ਸਪੋਰਟਸ ਸੈਂਟਰ), ਸੈਕਟਰ 32-ਏ, ਲੁਧਿਆਣਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਸੈਕਟਰ 32, ਲੁਧਿਆਣਾ ਵਿੱਚ ਸਵੀਮਿੰਗ ਪੂਲ ਅਤੇ ਪੰਪ ਚੈਂਬਰ ਅਤੇ ਫੇਜ਼-3 ਅਰਬਨ ਅਸਟੇਟ ਤੋਂ ਜੈਨ ਮੰਦਰ ਦੁੱਗਰੀ, ਲੁਧਿਆਣਾ ਤੱਕ 200'-00” ਚੌੜੀ ਸੜਕ ਦੀ ਉਸਾਰੀ ਦਾ ਕੰਮ ਵੀ ਜ਼ੋਰਾਂ ’ਤੇ ਚੱਲ ਰਿਹਾ ਹੈ। ਭਗਵੰਤ ਸਿੰਘ ਮਾਨ ਨੇ ਅੱਗੇ ਦੱਸਿਆ ਕਿ ਲੁਧਿਆਣਾ-ਧੂਰੀ ਰੇਲਵੇ ਲਾਈਨ 'ਤੇ 25.69 ਕਰੋੜ ਰੁਪਏ ਦੀ ਲਾਗਤ ਨਾਲ ਆਰ.ਓ.ਬੀ ਦੀ ਉਸਾਰੀ ਅਤੇ ਪਹੁੰਚ ਸੜਕਾਂ ਬਣਾਉਣ ਦਾ ਕੰਮ ਵੀ ਅਲਾਟ ਕੀਤਾ ਗਿਆ ਹੈ।



ਲੁਧਿਆਣਾ ਦੇ ਵਸਨੀਕਾਂ ਨੂੰ ਵੱਡੀ ਰਾਹਤ ਦਿੰਦਿਆਂ ਮੁੱਖ ਮੰਤਰੀ ਨੇ ਐਲਾਨ ਕੀਤਾ ਕਿ ਪਿੰਡ ਖਵਾਜਕੇ ਤੋਂ ਮੱਤੇਵਾੜਾ ਤੱਕ ਰਾਹੋਂ ਰੋਡ ਦੇ 16 ਕਿਲੋਮੀਟਰ ਹਿੱਸੇ ਦੀ ਰੀ-ਕਾਰਪੇਟਿੰਗ ਦਾ ਕੰਮ, ਜੋ ਪਿਛਲੇ 15 ਸਾਲਾਂ ਤੋਂ ਨਹੀਂ ਹੋਇਆ, ਆਉਣ ਵਾਲੇ ਦਿਨਾਂ ਵਿੱਚ ਸ਼ੁਰੂ ਹੋ ਜਾਵੇਗਾ ਕਿਉਂਕਿ ਇਸ ਲਈ ਟੈਂਡਰ ਅਲਾਟ ਹੋ ਚੁੱਕੇ ਹਨ। ਉਨ੍ਹਾਂ ਕਿਹਾ ਕਿ ਇਸ ਪ੍ਰਾਜੈਕਟ ਦੇ ਮੁਕੰਮਲ ਹੋਣ ਨਾਲ ਲੁਧਿਆਣਾ ਵਾਸੀਆਂ ਦੀ ਚਿਰੋਕਣੀ ਮੰਗ ਪੂਰੀ ਹੋਵੇਗੀ। ਭਗਵੰਤ ਸਿੰਘ ਮਾਨ ਨੇ ਭਰੋਸਾ ਦਿਵਾਇਆ ਕਿ ਉਹ ਸਾਰੇ ਕੰਮਾਂ ਦੀ ਖੁਦ ਨਿਗਰਾਨੀ ਕਰਨਗੇ ਤਾਂ ਜੋ ਸ਼ਹਿਰ ਦੇ ਪ੍ਰਾਜੈਕਟਾਂ ਨੂੰ ਸਮਾਂਬੱਧ ਢੰਗ ਨਾਲ ਮੁਕੰਮਲ ਕੀਤਾ ਜਾ ਸਕੇ। ਮੁੱਖ ਮੰਤਰੀ ਨੇ ਲੋਕਾਂ ਵਿੱਚ ਸੁਰੱਖਿਆ ਦੀ ਭਾਵਨਾ ਪੈਦਾ ਕਰਨ ਲਈ ਲੁਧਿਆਣਾ ਦੇ ਹਰੇਕ ਵਿਧਾਨ ਸਭਾ ਹਲਕੇ ਵਿੱਚ 1500 ਸਟਰੀਟ ਲਾਈਟਾਂ, ਸੀਸੀਟੀਵੀ ਕੈਮਰੇ ਲਗਾਉਣ ਦਾ ਵੀ ਐਲਾਨ ਕੀਤਾ। ਉਨ੍ਹਾਂ ਦੱਸਿਆ ਕਿ ਟੈਂਡਰ ਜਾਰੀ ਹੋ ਚੁੱਕੇ ਹਨ ਅਤੇ ਜਲਦੀ ਹੀ ਕੰਮ ਅਲਾਟ ਕਰ ਦਿੱਤਾ ਜਾਵੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਬੁੱਢੇ ਨਾਲੇ ਦਾ ਮਸਲਾ ਵੀ ਜਲਦੀ ਹੱਲ ਕਰ ਲਿਆ ਜਾਵੇਗਾ ਅਤੇ ਜਲੰਧਰ ਸੜਕ ਨੂੰ ਜੋੜਨ ਵਾਲੇ ਨਾਲੇ 'ਤੇ ਬਣੇ ਪੁਲ ਦੀ ਉਸਾਰੀ ਦਾ ਕੰਮ ਸ਼ੁਰੂ ਕਰਵਾਇਆ ਜਾਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਪਰਵਾਸੀ ਭਾਰਤੀ ਮਾਮਲਿਆਂ ਬਾਰੇ ਵਿਭਾਗ ਨੂੰ ਹੋਰ ਮਜ਼ਬੂਤ ਕੀਤਾ ਜਾਵੇਗਾ ਅਤੇ ਵਿਦੇਸ਼ਾਂ ਤੋਂ ਪੰਜਾਬੀਆਂ ਦੀਆਂ ਲਾਸ਼ਾਂ ਵਾਪਸ ਲਿਆਉਣ ਤੇ ਧੋਖੇਬਾਜ਼ ਟਰੈਵਲ ਏਜੰਟਾਂ ਵਿਰੁੱਧ ਕਾਰਵਾਈ ਕਰਨ ਲਈ ਵਿਭਾਗ ਨੂੰ ਅਧਿਕਾਰਤ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਲੋਕਾਂ ਨੂੰ ਉਨ੍ਹਾਂ ਦੇ ਸਫ਼ਰ ਵਿੱਚ ਸਹਾਇਤਾ ਲਈ ਆਈ.ਜੀ.ਆਈ. ਏਅਰਪੋਰਟ ਦਿੱਲੀ ਵਿਖੇ ਪੰਜਾਬ ਹੈਲਪ ਡੈਸਕ ਸ਼ੁਰੂ ਕੀਤਾ ਜਾ ਰਿਹਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਐਨ.ਆਰ.ਆਈਜ਼ ਦੇ ਲੰਬਿਤ ਮਸਲਿਆਂ ਦੇ ਹੱਲ ਲਈ 3 ਫਰਵਰੀ ਤੋਂ ਐਨ.ਆਰ.ਆਈ. ਮੀਟਿੰਗਾਂ ਜਾਂ ਮਿਲਣੀਆਂ ਕਰਵਾਈਆਂ ਜਾਣਗੀਆਂ।

ਮੁੱਖ ਮੰਤਰੀ ਨੇ ਕਿਹਾ ਕਿ 15 ਫਰਵਰੀ ਤੋਂ ਹਲਵਾੜਾ ਟਰਮੀਨਲ ਤੋਂ ਉਡਾਣਾਂ ਸ਼ੁਰੂ ਹੋ ਜਾਣਗੀਆਂ, ਜਿਸ ਨਾਲ ਇਸ ਖੇਤਰ ਵਿੱਚ ਆਰਥਿਕ ਅਤੇ ਉਦਯੋਗਿਕ ਗਤੀਵਿਧੀਆਂ ਨੂੰ ਹੋਰ ਹੁਲਾਰਾ ਮਿਲੇਗਾ। ਉਨ੍ਹਾਂ ਅੱਗੇ ਕਿਹਾ ਕਿ ਸੂਬੇ ਦੇ ਵਿਆਪਕ ਵਿਕਾਸ ਅਤੇ ਲੋਕਾਂ ਦੀ ਖੁਸ਼ਹਾਲੀ ਨੂੰ ਯਕੀਨੀ ਬਣਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਦੇ ਅਣਥੱਕ ਯਤਨਾਂ ਸਦਕਾ ਉਹ ਦਿਨ ਦੂਰ ਨਹੀਂ ਜਦੋਂ ਪੰਜਾਬ ਹਰ ਖੇਤਰ ਵਿੱਚ ਮੋਹਰੀ ਬਣ ਕੇ ਉਭਰੇਗਾ। ਮੀਟਿੰਗ ਉਪਰੰਤ, ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਮੁੱਖ ਮੰਤਰੀ ਨੇ ਭਾਜਪਾ ਆਗੂ ਸੁਨੀਲ ਜਾਖੜ ਨੂੰ ਪੰਜਾਬ ਸਰਕਾਰ ਦੀ ਝਾਕੀ ਬਾਰੇ ਲਗਾਏ ਆਪਣੇ ਦੋਸ਼ਾਂ ਨੂੰ ਸਾਬਤ ਕਰਨ ਦੀ ਚੁਣੌਤੀ ਦਿੱਤੀ, ਜਿਸ ਵਿੱਚ ਭਾਜਪਾ ਆਗੂ ਨੇ ਕਿਹਾ ਸੀ ਕਿ ‘ਆਪ’ ਸਰਕਾਰ ਝਾਕੀ ਵਿੱਚ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਦੀਆਂ ਫੋਟੋਆਂ ਲਾਉਣ ‘ਤੇ ਅੜੀ ਹੋਈ ਹੈ ਜਿਸ ਕਾਰਨ ਸਬੰਧਤ ਕਮੇਟੀ ਨੇ ਝਾਕੀ ਨੂੰ ਰੱਦ ਕਰ ਦਿੱਤਾ ਹੈ। ਇਸ ਨੂੰ ਜਾਖੜ ਦਾ ਇੱਕ ਹੋਰ ਝੂਠ ਦੱਸਦਿਆਂ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਜੇਕਰ ਇਹ ਦੋਸ਼ ਸਹੀ ਸਾਬਤ ਹੋਏ ਤਾਂ ਉਹ ਸਿਆਸਤ ਛੱਡ ਦੇਣਗੇ। ਉਨ੍ਹਾਂ ਕਿਹਾ ਕਿ ਜਾਖੜ ਹਾਲ ਹੀ 'ਚ ਭਾਜਪਾ 'ਚ ਸ਼ਾਮਲ ਹੋਏ ਹਨ, ਇਸ ਲਈ ਉਨ੍ਹਾਂ ਨੂੰ ਭਾਜਪਾ ਦੇ ਹੋਰ ਤਜਰਬੇਕਾਰ ਆਗੂਆਂ ਵਾਂਗ ਝੂਠ ਬੋਲਣ ਦੀ ਕਲਾ 'ਚ ਅਜੇ ਪੂਰੀ ਮੁਹਾਰਤ ਹਾਸਲ ਨਹੀਂ ਹੋਈ। ਮੁੱਖ ਮੰਤਰੀ ਨੇ ਕਿਹਾ ਕਿ ਭਾਜਪਾ ਆਗੂ ਅਸਲ ਤੱਥਾਂ ਨੂੰ ਛੁਪਾਉਣ ਲਈ ਹਮੇਸ਼ਾ ਆਪਣੇ ਹਾਈਕਮਾਂਡ ਤੋਂ ਤਿਆਰ-ਬਰ-ਤਿਆਰ ਸਕ੍ਰਿਪਟਾਂ ਪ੍ਰਾਪਤ ਕਰਦੇ ਹਨ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ 26 ਜਨਵਰੀ ਨੂੰ ਪੰਜਾਬ ਭਰ ਵਿੱਚ ਹੋਣ ਵਾਲੇ ਸਾਰੇ ਸਮਾਗਮਾਂ ਵਿੱਚ ਇਨ੍ਹਾਂ ਝਾਕੀਆਂ ਨੂੰ ਸ਼ਾਮਲ ਕਰਕੇ ਸੂਬੇ ਦੀ ਅਮੀਰ ਵਿਰਾਸਤ ਨੂੰ ਲੋਕਾਂ ਅੱਗੇ ਪੇਸ਼ ਕੀਤਾ ਜਾਵੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਦੀ ਅਮੀਰ ਸੱਭਿਆਚਾਰਕ ਵਿਰਾਸਤ ਦੇ ਨਾਲ-ਨਾਲ ਆਜ਼ਾਦੀ ਦੀ ਪ੍ਰਾਪਤੀ ਲਈ ਸਾਡੇ ਸ਼ਹੀਦਾਂ ਦੇ ਬਲਿਦਾਨ ਨੂੰ ਪ੍ਰਦਰਸ਼ਿਤ ਕਰਨ ਲਈ 20 ਜਨਵਰੀ ਤੋਂ ਰਾਸ਼ਟਰੀ ਰਾਜਧਾਨੀ ਦੇ ਪੰਜਾਬ ਭਵਨ ਵਿਖੇ ਇਹਨਾਂ ਝਾਕੀਆਂ ਨੂੰ ਪ੍ਰਦਰਸ਼ਿਤ ਕੀਤਾ ਜਾਵੇਗਾ।

Have something to say? Post your comment

 

More in Doaba

ਡੇਅਰੀ ਵਿਕਾਸ ਵਿਭਾਗ ਨੇ ਪਿੰਡ ਢੁੱਡੀ ਵਿਖੇ ਦੁੱਧ ਉਤਪਾਦਕ ਜਾਗਰੂਕਤਾ ਕੈਂਪ ਲਾਇਆ

ਕਣਕ ਦੀ ਫ਼ਸਲ ਨੂੰ ਕੀੜਿਆਂ ਤੋਂ ਬਚਾਉਣ ਲਈ ਸਿਫਾਰਸ਼ਸ਼ੁਦਾ ਕੀਟਨਾਸ਼ਕ ਹੀ ਵਰਤੇ ਜਾਣ : ਡਾ.ਅਮਰੀਕ ਸਿੰਘ

ਡਿਪਟੀ ਸਪੀਕਰ ਰੌੜੀ ਵੱਲੋਂ ਨਵੇਂ ਚੁਣੇ ਗਏ ਪੰਚਾਂ ਨੂੰ ਪਿੰਡਾਂ ਦੇ ਵਿਕਾਸ ਲਈ ਸਮਰਪਿਤ ਹੋਣ ਦਾ ਸੱਦਾ

ਮਹਿੰਦਰ ਭਗਤ ਨੇ ਜਲੰਧਰ ’ਚ 5443 ਨਵੇਂ ਚੁਣੇ ਗਏ ਪੰਚਾਇਤ ਮੈਂਬਰਾਂ ਨੂੰ ਚੁਕਾਈ ਸਹੁੰ

ਨਵੀਂਆਂ ਚੁਣੀਆਂ ਪੰਚਾਇਤਾਂ ਪਿੰਡਾਂ ਦੇ ਸਰਬਪੱਖੀ ਵਿਕਾਸ ਤੇ ਲੋਕ ਭਲਾਈ ਲਈ ਡਟਕੇ ਕੰਮ ਕਰਨ- ਡਾ.ਰਵਜੋਤ ਸਿੰਘ

ਸੁਖਬੀਰ ਬਾਦਲ ਦੇ OSD ਸੰਦੀਪ ਸਿੰਘ ਸੰਨੀ ਬਰਾੜ ਨੇ ਦਿੱਤਾ ਅਸਤੀਫਾ

ਮਿਊਜ਼ਿਕ ਕੰਪਨੀ ਦੇ ਮਾਲਕ ਨੂੰ ਧਮਕੀ

ਸੰਤ ਪ੍ਰੀਤਮ ਦਾਸ ਮੇਮੋਰੀਅਲ ਚੈਰੀਟੇਬਲ ਹਸਪਤਾਲ ਰਾਏਪੁਰ ਵਿਖੇ ਅੱਖਾਂ ਦੇ ਮੁਫ਼ਤ ਕੈੰਪ ਦਾ ਕੀਤਾ ਸੰਤਾਂ ਮਹਾਪੁਰਸ਼ਾਂ ਨੇ ਉਦਘਾਟਨ

ਅਨਾਜ਼ ਮੰਡੀਆਂ ਵਿੱਚ ਹੁਣ ਤੱਕ 14.10 ਲੱਖ ਮੀਟ੍ਰਿਕ ਟਨ ਝੋਨੇ ਦੀ ਆਮਦ ਵਿੱਚੋਂ 97.71 ਫੀਸਦੀ ਝੋਨਾ ਖਰੀਦਿਆ ਜਾ ਚੁੱਕਾ ਹੈ : ਡੀ.ਸੀ ਜਤਿੰਦਰ ਜੋਰਵਾਲ

ਮੁੱਖ ਮੰਤਰੀ ਨੇ ਕੇਜਰੀਵਾਲ ਦੀ ਹਾਜ਼ਰੀ ਵਿੱਚ ਸੂਬੇ ਭਰ ਦੇ ਨਵੇਂ ਚੁਣੇ 10031 ਸਰਪੰਚਾਂ ਨੂੰ ਚੁਕਾਈ ਸਹੁੰ