ਮਾਲੇਰਕੋਟਲਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਦਿੱਤੇ ਨਿਰਦੇਸ਼ਾਂ ਉੱਤੇ ਅਮਲ ਕਰਦਿਆਂ ਡਿਪਟੀ ਕਮਿਸ਼ਨਰ ਡਾ ਪੱਲਵੀ ਦੀ ਅਗਵਾਈ ਵਿੱਚ ਛੁੱਟੀ ਵਾਲੇ ਦਿਨ ਅੱਜ ਸ਼ਨੀਵਾਰ ਨੂੰ ਜ਼ਿਲ੍ਹੇ ਦੀਆਂ ਤਿੰਨੇ ਸਬ ਡਵੀਜ਼ਨਾਂ ਤੇ ਵਿਸ਼ੇਸ਼ ਕੈਂਪ ਲਗਾ ਕੇ ਲੰਬਿਤ ਪਏ ਇੰਤਕਾਲ ਦਰਜ ਕਰਨ ਦੀ ਨਿਵੇਕਲੀ ਮੁਹਿੰਮ ਵਿੱਢੀ ਗਈ । ਵਿਧਾਇਕ ਮਾਲੇਰਕੋਟਲਾ ਡਾਕਟਰ ਜਮੀਲ ਉਰ ਰਹਿਮਾਨ ਨੇ ਸਬ ਡਵੀਜ਼ਨ ਮਾਲੇਰਕੋਟਲਾ ਤੇ ਤਹਿਸੀਲ ਦਫ਼ਤਰ ਵਿਖੇ ਲਗਾਏ ਵਿਸ਼ੇਸ਼ ਕੈਂਪ ਦਾ ਮੁਆਇਨਾ ਕੀਤਾ ਅਤੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਦੀ ਖੱਜਲ ਖ਼ੁਆਰੀ ਘਟਾਉਣ ਲਈ ਵਚਨਬੱਧ ਹੈ ਅਤੇ ਹਰ ਸੰਭਵ ਉਪਰਾਲੇ ਲਗਾਤਾਰ ਕੀਤੇ ਜਾ ਰਹੇ ਹਨ ਤਾਂ ਜੋ ਅਵਾਮ ਨੂੰ ਕਿਸੇ ਤਰ੍ਹਾਂ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ । ਉਨ੍ਹਾਂ ਕਿਹਾ ਕਿ ਮਾਲ ਵਿਭਾਗ ਦੇ ਕੰਮਕਾਰ ਨੂੰ ਚੁਸਤ ਦਰੁਸਤ ਅਤੇ ਸੁਚਾਰੂ ਕਰਨ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪੂਰੀ ਸੁਹਿਰਦਤਾ ਨਾਲ ਲੱਗੇ ਹੋਏ ਹਨ । ਲੰਬਿਤ ਪਏ ਇੰਤਕਾਲ ਦਰਜ ਕਰਨ ਦੀ ਨਿਵੇਕਲੀ ਮੁਹਿੰਮ ਦੀ ਸ਼ਲਾਘਾ ਕਰਦਿਆ ਉਨ੍ਹਾਂ ਕਿਹਾ ਕਿ ਮਾਲ ਵਿਭਾਗ ਦੀਆਂ ਸੇਵਾਵਾਂ ਲੋਕਾਂ ਤੱਕ ਸੁਚਾਰੂ ਤਰੀਕੇ ਨਾਲ ਪਹੁੰਚਾਉਣ ਦੀ ਦਿਸ਼ਾ ਵਿੱਚ ਇਹ ਵੱਡੀ ਪੁਲਾਂਘ ਭਰੀ ਹੈ ਜੋ ਕਿ ਭਵਿੱਖ ਵਿੱਚ ਮੀਲ ਦਾ ਪੱਥਰ ਸਾਬਤ ਹੋਵੇਗੀ ।
ਉਨ੍ਹਾਂ ਕਿਹਾ ਕਿ ਮਾਲ ਵਿਭਾਗ ਦੀ ਕਾਰਗੁਜ਼ਾਰੀ ਨੂੰ ਪਾਰਦਰਸ਼ੀ, ਖੱਜਲ-ਖ਼ੁਆਰੀ ਰਹਿਤ ਅਤੇ ਭ੍ਰਿਸ਼ਟਾਚਾਰ ਮੁਕਤ ਸੇਵਾਵਾਂ ਬਣਾਉਣ ਲਈ ਸਰਕਾਰ ਨੇ ਹੈਲਪ ਲਾਈਨ ਨੰਬਰ ਜਾਰੀ ਕੀਤਾ ਹੋਇਆ ਹੈ। ਮਾਲ ਵਿਭਾਗ ਵਿਚ ਵੀ ਜੇਕਰ ਕਿਸੇ ਵੀ ਪੱਧਰ ‘ਤੇ ਲੋਕਾਂ ਨੂੰ ਕੰਮ ਕਰਵਾਉਣ ਵਿਚ ਕੋਈ ਦਿੱਕਤ ਆਉਂਦੀ ਹੈ ਤਾਂ ਇਸ ਬਾਬਤ ਹੈਲਪ ਲਾਈਨ ਨੰਬਰ 8184900002 ਤੇ ਲਿਖਤੀ ਸ਼ਿਕਾਇਤ ਵੱਟਸਐਪ ਕੀਤੀ ਜਾ ਸਕਦੀ ਹੈ ।ਐਨ.ਆਰ.ਆਈਜ਼ ਆਪਣੀਆਂ ਲਿਖਤੀ ਸ਼ਿਕਾਇਤਾਂ 9464100168 ਨੰਬਰ ‘ਤੇ ਭੇਜ ਸਕਦੇ ਹਨ।
ਵਿਧਾਇਕ ਮਾਲੇਰਕੋਟਲਾ ਨੇ ਕਿਹਾ ਕਿ ਪੰਜਾਬ ਦੇ ਇਤਿਹਾਸ ਵਿੱਚ ਪਹਿਲੀ ਵਾਰ ਹੋਇਆ ਹੈ ਕਿ ਪੰਜਾਬ ਸਰਕਾਰ ਪ੍ਰਸ਼ਾਸਨਿਕ ਕੰਮਕਾਜ ਨੂੰ ਸੁਚਾਰੂ ਕਰਨ ਲਈ ਸਾਰਥਕ ਕੋਸ਼ਿਸ਼ਾਂ ਕਰ ਰਹੀ ਹੈ। ਇਸੇ ਤਹਿਤ 43 ਪ੍ਰਸ਼ਾਸਨਿਕ ਸੇਵਾਵਾਂ ਪਹਿਲਾਂ ਹੀ ਲੋਕਾਂ ਦੇ ਘਰਾਂ ਵਿੱਚ ਹੀ ਮੁਹੱਈਆ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਮਾਲ ਵਿਭਾਗ ਦੇ ਸਾਰੇ ਕੰਮਕਾਜ ਨੂੰ ਵੀ ਸੁਚਾਰੂ ਕੀਤਾ ਜਾ ਰਿਹਾ ਹੈ ਤਾਂ ਕਿ ਲੋਕਾਂ ਨੂੰ ਜਾਇਦਾਦਾਂ ਸਬੰਧੀ ਕਿਸੇ ਵੀ ਤਰ੍ਹਾਂ ਦੇ ਝਗੜਿਆਂ ਦਾ ਸਾਹਮਣਾ ਨਾ ਕਰਨਾ ਪਵੇ। ਡਿਪਟੀ ਕਮਿਸ਼ਨਰ ਡਾ ਪੱਲਵੀ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਦਿੱਤੇ ਨਿਰਦੇਸ਼ਾਂ ਉੱਤੇ ਮਾਲ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਦੀ ਅਗਵਾਈ ਵਿੱਚ ਮਾਲ ਵਿਭਾਗ ਛੁੱਟੀ ਵਾਲੇ ਦਿਨ ਲੰਬਿਤ ਪਏ ਇੰਤਕਾਲ ਦਰਜ ਕਰਨ ਲਈ ਮਾਲੇਰਕੋਟਲਾ ਜ਼ਿਲ੍ਹੇ 'ਚ ਤਹਿਸੀਲ ਮਾਲੇਰਕੋਟਲਾ,ਅਹਿਮਦਗੜ੍ਹ ਅਤੇ ਅਮਰਗੜ੍ਹ ਵਿਖੇ ਮਾਲ ਦਫ਼ਤਰਾਂ ਵਿੱਚ ਅਧਿਕਾਰੀ ਤੇ ਮੁਲਾਜ਼ਮ ਲੰਬਿਤ ਪਏ ਇੰਤਕਾਲ ਦਰਜ ਕਰਨ ਲਈ ਹਾਜ਼ਰ ਰਹੇ । ਤਿੰਨੇ ਸਬ ਡਵੀਜ਼ਨਾਂ ਵਿਖੇ ਲੰਮੇ ਸਮੇਂ ਤੋ ਲੰਬਿਤ ਪਏ ਕੁਲ 713 ਇੰਤਕਾਲ ਦਰਜ ਕੀਤੇ ਗਏ । ਉਨ੍ਹਾਂ ਦੱਸਿਆ ਕਿ ਐਸ.ਡੀ.ਐਮ. ਮਾਲੇਰਕੋਟਲਾ ਸ੍ਰੀਮਤੀ ਅਪਰਨਾ ਐਮ.ਬੀ.,ਐਸ.ਡੀ.ਐਮ.ਅਹਿਮਦਗੜ੍ਹ ਸ੍ਰੀ ਹਰਬੰਸ ਸਿੰਘ ਅਤੇ ਐਸ.ਡੀ.ਐਮ. ਅਮਰਗੜ੍ਹ ਸ੍ਰੀਮਤੀ ਸੁਰਿੰਦਰ ਕੌਰ ਦੀ ਨਿਗਰਾਨੀ ਹੇਠ ਤਹਿਸੀਲ ਦਫ਼ਤਰਾਂ ਵਿਖੇ ਪੈਡਿੰਗ ਇੰਤਕਾਲ ਦਰਜ ਕੀਤੇ ਗਏ । ਜ਼ਿਲ੍ਹਾ ਮਾਲ ਅਫ਼ਸਰ ਸ੍ਰੀ ਮਨਮੋਹਨ ਸਰਮਾਂ ਨੇ ਦੱਸਿਆ ਕਿ ਮਾਲੇਰਕੋਟਲਾ ਵਿਖੇ ਲੰਬਿਤ ਇੰਤਕਾਲਾ ਵਿੱਚੋਂ 436,ਅਹਿਮਦਗੜ੍ਹ ਵਿਖੇ 182 ਅਤੇ ਅਮਰਗੜ੍ਹ ਵਿਖੇ 95 ਇੰਤਕਾਲ ਦਰਜ ਕੀਤੇ ਗਏ