ਪਟਿਆਲਾ : ਪਟਿਆਲਾ ਜ਼ਿਲ੍ਹੇ ਦੇ ਮਾਲ ਦਫ਼ਤਰਾਂ ਵਿੱਚ ਅੱਜ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਦਿੱਤੇ ਨਿਰਦੇਸ਼ਾਂ ਉੱਤੇ ਮਾਲ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਦੀ ਅਗਵਾਈ ਵਿੱਚ ਲੰਬਿਤ ਪਏ ਇੰਤਕਾਲ ਦਰਜ ਕਰਨ ਅਤੇ ਤਸਦੀਕ ਕਰਨ ਲਈ ਵਿਸ਼ੇਸ਼ ਕੈਂਪ ਲਗਾਏ ਗਏ, ਜਿਸ ਦਾ ਵੱਡੀ ਗਿਣਤੀ ਜ਼ਿਲ੍ਹਾ ਵਾਸੀਆਂ ਵੱਲੋਂ ਲਾਭ ਲਿਆ ਗਿਆ। ਛੁੱਟੀ ਵਾਲੇ ਦਿਨ ਲਗਾਏ ਗਏ ਵਿਸ਼ੇਸ਼ ਕੈਂਪਾਂ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਦੱਸਿਆ ਕਿ ਅੱਜ ਸਮੁੱਚੇ ਜ਼ਿਲ੍ਹੇ ਅੰਦਰ ਮਾਲ ਦਫ਼ਤਰਾਂ ਵਿੱਚ ਲੰਬਿਤ ਪਏ ਇੰਤਕਾਲ ਦਰਜ ਕਰਨ ਲਈ ਕੈਂਪ ਲਗਾਏ ਗਏ ਅਤੇ ਐਸ.ਡੀ.ਐਮਜ਼ ਵੱਲੋਂ ਵੀ ਕੈਂਪ ਵਿੱਚ ਸ਼ਮੂਲੀਅਤ ਕਰਕੇ ਲੋਕਾਂ ਦੀਆਂ ਇੰਤਕਾਲ ਸਬੰਧੀ ਸਮੱਸਿਆਵਾਂ ਦਾ ਮੌਕੇ 'ਤੇ ਹੱਲ ਕੀਤਾ ਗਿਆ। ਸਾਕਸ਼ੀ ਸਾਹਨੀ ਨੇ ਦੱਸਿਆ ਕਿ ਇਨ੍ਹਾਂ ਵਿਸ਼ੇਸ਼ ਕੈਂਪਾਂ ਦੌਰਾਨ ਅੱਜ 1800 ਤੋਂ ਵਧੇਰੇ ਲੰਬਿਤ ਪਏ ਇੰਤਕਾਲ ਦਰਜ਼ ਕੀਤੇ ਗਏ ਹਨ। ਵਿਸ਼ੇਸ਼ ਕੈਂਪਾਂ ਵਿੱਚ ਆਪਣਾ ਇੰਤਕਾਲ ਦਰਜ਼ ਕਰਵਾਉਣ ਆਏ ਲੋਕਾਂ ਨੇ ਵੀ ਪੰਜਾਬ ਸਰਕਾਰ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਨ੍ਹਾਂ ਕੈਂਪਾਂ ਦਾ ਆਮ ਲੋਕਾਂ ਨੂੰ ਵੱਡਾ ਲਾਭ ਹੋਇਆ ਹੈ ਕਿਉਂਕਿ ਮਾਲ ਵਿਭਾਗ ਵੱਲੋਂ ਮੌਕੇ 'ਤੇ ਹੀ ਸਾਰੀ ਕਾਰਵਾਈ ਮੁਕੰਮਲ ਕਰ ਦਿੱਤੀ ਗਈ ਹੈ