ਮਾਲੇਰਕੋਟਲਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਰਾਜ ਦੇ ਸਰਕਾਰੀ ਸਕੂਲਾਂ ਅਤੇ ਸਿੱਖਿਆ ਦੇ ਪੱਧਰ ਨੂੰ ਵਿਸ਼ਵ ਪੱਧਰ ਦਾ ਕਰਨ ਲਈ ਲਗਾਤਾਰ ਉਪਰਾਲੇ ਕਰ ਰਹੀ ਹੈ।10 ਕਰੋੜ 63 ਲੱਖ ਰੁਪਏ ਦੀ ਲਾਗਤ ਨਾਲ ਹਲਕਾ ਮਾਲੇਰਕੋਟਲਾ ਦੇ ਸਮੁੱਚੇ ਸਰਕਾਰੀ ਸਕੂਲਾਂ ਦੀ ਨੁਹਾਰ ਬਦਲੀ ਜਾਵੇਗੀ। ਇਸ ਤੋਂ ਇਲਾਵਾ ਮੁੱਖ ਮੰਤਰੀ ਪੰਜਾਬ ਵਲੋਂ ਹਲਕਾ ਮਾਲੇਰਕੋਟਲਾ ਦੇ ਸਰਵਪੱਖੀ ਵਿਕਾਸ ਲਈ ਜਾਰੀ ਕੀਤੀ 63 ਲੱਖ ਰੁਪਏ ਦੀ ਸਪੈਸ਼ਲ ਗਰਾਂਟ ਨਾਲ ਹਲਕੇ ਦੇ ਵਿਕਾਸ ਕਾਰਜ ਉਲੀਕੇ ਜਾਣਗੇ। ਇਸ ਗੱਲ ਦੀ ਜਾਣਕਾਰੀ ਵਿਧਾਇਕ ਮਾਲੇਰਕੋਟਲਾ ਡਾ ਜਮੀਲ ਉਰ ਰਹਿਮਾਨ ਨੇ ਸਰਕਾਰੀ ਪ੍ਰਾਇਮਰੀ ਸਕੂਲ ਲੋਹਾ ਬਜਾਰ ਵਿਖੇ 22 ਲੱਖ ਰੁਪਏ ਦੀ ਰਾਸ਼ੀ ਨਾਲ ਉਸਾਰੇ ਜਾਣ ਵਾਲੇ ਕਮਰਿਆਂ ਦਾ ਨੀਂਹ ਪਥਰ ਰੱਖਣ ਮੌਕੇ ਦਿੱਤੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਹਰ ਹਲਕੇ ਵਿੱਚ ਸਰਵਪੱਖੀ ਵਿਕਾਸ ਕਰਵਾਉਣ ਲਈ ਵਚਨਬੱਧ ਹੈ। ਉਨਾਂ ਕਿਹਾ ਕਿ ਛੇਤੀ ਹੀ ਸਿੱਖਿਆ ਖੇਤਰ ਵਿੱਚ ਪੰਜਾਬ ਦੇਸ਼ ਹੀ ਨਹੀਂ ਸਗੋਂ ਵਿਸ਼ਵ ਦਾ ਮੋਹਰੀ ਸੂਬਾ ਬਣੇਗਾ। ਉਨ੍ਹਾਂ ਕਿਹਾ ਕਿ ਸਿੱਖਿਆ ਪ੍ਰਣਾਲੀ ਨੂੰ ਮਜ਼ਬੂਤ ਕਰਨਾ ਸਮੇਂ ਦੀ ਲੋੜ ਹੈ ਕਿਉਂਕਿ ਸਿੱਖਿਅਤ ਸਮਾਜ ਹੀ ਰਾਜ ਨੂੰ ਤਰੱਕੀ ਦੇ ਰਾਹਾਂ ਤੇ ਲਿਜਾਕੇਸ਼ਹੀਦਾਂ ਦੇ ਸੁਪਨਿਆ ਦੇ ਰੰਗਲੇ ਪੰਜਾਬ ਦਾ ਸੁਪਨਾ ਸਾਕਾਰ ਕਰ ਸਕਦਾ ਹੈ। ਉਨ੍ਹਾਂ ਕਿਹਾ ਕਿ ਸਕੂਲਾਂ ਦੇ ਬੁਨਿਆਦੀ ਢਾਂਚੇ ਵਿੱਚ ਸੁਧਾਰ ਹੋਣ ਨਾਲ ਸਾਫ਼ ਸੁਥਰੇ ਮਾਹੋਲ ਵਿੱਚ ਬੱਚਿਆ ਨੂੰ ਪੜ੍ਹਾਈ ਕਰਨ ਦਾ ਚੰਗਾ ਵਾਤਾਵਰਨ ਮਿਲੇਗਾ ਅਤੇ ਉਹ ਨਵੀਂ ਸੋਚ ਲੈ ਕੇ ਅੱਗੇ ਵਧਣਗੇ ।