ਚੰਡੀਗੜ੍ਹ : ਪੰਜਾਬ ਦੇ ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਅੱਜ ਲੋਕਾਂ ਨੂੰ ਆਪਣੇ ਵਾਹਨਾਂ 'ਤੇ ਹਾਈ ਸਕਿਉਰਿਟੀ ਰਜਿਸਟ੍ਰੇਸ਼ਨ ਨੰਬਰ ਪਲੇਟਾਂ ਲੁਆਉਣ ਦੀ ਅਪੀਲ ਕੀਤੀ ਹੈ। ਇੱਥੇ ਜਾਰੀ ਪ੍ਰੈਸ ਬਿਆਨ ਵਿੱਚ ਟਰਾਂਸਪੋਰਟ ਮੰਤਰੀ ਨੇ ਦੱਸਿਆ ਕਿ ਸੁਪਰੀਮ ਕੋਰਟ ਦੇ ਹੁਕਮਾਂ ਅਤੇ ਕੇਂਦਰੀ ਸੜਕੀ ਆਵਾਜਾਈ ਅਤੇ ਰਾਜਮਾਰਗ ਮੰਤਰਾਲੇ ਦੀ ਨੋਟੀਫਿਕੇਸ਼ਨ ਅਨੁਸਾਰ ਵਾਹਨਾਂ 'ਤੇ ਹਾਈ ਸਕਿਉਰਿਟੀ ਨੰਬਰ ਪਲੇਟ (ਐਚ.ਐਸ.ਆਰ.ਪੀ) ਲੁਆਉਣਾ ਲਾਜ਼ਮੀ ਹੈ। ਇਨ੍ਹਾਂ ਦਿਸ਼ਾ-ਨਿਰਦੇਸ਼ਾਂ ਤਹਿਤ ਹੀ ਪੰਜਾਬ ਰਾਜ ਵਿੱਚ ਵੀ ਹਾਈ ਸਕਿਉਰਿਟੀ ਨੰਬਰ ਪਲੇਟ ਸਾਰੇ ਵਾਹਨਾਂ ਲਈ ਲਾਜ਼ਮੀ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲੋਕਾਂ ਦੀ ਸਹੂਲਤ ਲਈ ਹਾਈ ਸਕਿਉਰਿਟੀ ਨੰਬਰ ਪਲੇਟਾਂ ਲਗਾਉਣ ਸਬੰਧੀ ਵੱਖਰੇ ਫਿਟਮੈਂਟ ਸੈਂਟਰ ਖੋਲ੍ਹੇ ਗਏ ਹਨ। ਇਸ ਤੋਂ ਇਲਾਵਾ ਘਰ ਵਿੱਚ ਜਾ ਕੇ ਹਾਈ ਸਕਿਉਰਿਟੀ ਨੰਬਰ ਪਲੇਟ ਲਗਾਉਣ ਦੀ ਸਹੂਲਤ ਵੀ ਦਿੱਤੀ ਗਈ ਹੈ ਜਿਸ ਦਾ ਲੋਕ ਲਾਭ ਲੈ ਸਕਦੇ ਹਨ।
ਉਨ੍ਹਾਂ ਦੱਸਿਆ ਕਿ ਪਿਛਲੇ ਸਮੇਂ ਦੌਰਾਨ ਲੋਕਾਂ ਨੂੰ ਹਾਈ ਸਕਿਉਰਿਟੀ ਨੰਬਰ ਪਲੇਟ ਲੁਆਉਣ ਸਬੰਧੀ ਜਾਗਰੂਕ ਕਰਨ ਲਈ ਵੱਖ-ਵੱਖ ਮੀਡੀਆ ਮਾਧਿਅਮਾਂ ਰਾਹੀਂ ਮੁਹਿੰਮ ਚਲਾਈ ਗਈ ਸੀ ਜਿਸ ਸਦਕਾ ਜ਼ਿਆਦਾਤਰ ਲੋਕਾਂ ਵੱਲੋਂ ਆਪਣੇ ਵਾਹਨਾਂ 'ਤੇ ਹਾਈ ਸਕਿਉਰਿਟੀ ਰਜਿਸਟ੍ਰੇਸ਼ਨ ਨੰਬਰ ਪਲੇਟ ਲੁਆਈ ਜਾ ਚੁੱਕੀ ਹੈ। ਉਨ੍ਹਾਂ ਮੁੜ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਵਾਹਨ 'ਤੇ ਹਾਈ ਸਕਿਉਰਿਟੀ ਰਜਿਸਟ੍ਰੇਸ਼ਨ ਨੰਬਰ ਪਲੇਟ ਲਗਾਉਣਾ ਯਕੀਨੀ ਬਣਾਉਣ। ਉਨ੍ਹਾਂ ਕਿਹਾ ਕਿ ਅਜਿਹਾ ਨਾ ਕਰਨ ਦੀ ਸੂਰਤ ਵਿੱਚ ਚਲਾਨ ਦੇ ਨਾਲ-ਨਾਲ ਭਾਰੀ ਜੁਰਮਾਨਾ ਵੀ ਭਰਨਾ ਪੈ ਸਕਦਾ ਹੈ।