ਫਤਿਹਗੜ੍ਹ ਸਾਹਿਬ :- ਡਿਪਟੀ ਕਮਿਸ਼ਨਰ ਸ੍ਰੀਮਤੀ ਪਰਨੀਤ ਸ਼ੇਰਗਿੱਲ ਨੇ ਅੱਜ ਆਪਣੀ ਦਫਤਰੀ ਟੀਮ ਸਮੇਤ ਸਿਵਲ ਸਰਜਨ ਦਫਤਰ ਦੀ ਚੈਕਿੰਗ ਕੀਤੀ। ਇਸ ਚੈਕਿੰਗ ਦੌਰਾਨ ਉਨ੍ਹਾਂ ਜਨਮ ਮੌਤ ਬਰਾਂਚ, ਰੀ ਇੰਬਰਸਮੈਂਟ ਬਰਾਂਚ ਵਿੱਚ ਮੈਡੀਕਲ ਬਿਲ, ਅੰਕੜਾ, ਅਮਲਾ, ਲੇਖਾ-ਜੋਖਾ ਆਦਿ ਬਰਾਂਚਾਂ ਦਾ ਸਮੁੱਚਾ ਰਿਕਾਰਡ ਚੈੱਕ ਕੀਤਾ । ਇਸ ਮੌਕੇ ਉਨ੍ਹਾਂ ਦੇ ਨਾਲ ਸਿਵਲ ਸਰਜਨ ਡਾ: ਦਵਿੰਦਰਜੀਤ ਕੌਰ ਵੀ ਮੌਜੂਦ ਸਨ।
ਇਸ ਚੈਕਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਸਮੂਹ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਆਪੋ ਆਪਣੀ ਡਿਊਟੀ ਪੂਰੀ ਇਮਾਨਦਾਰੀ ਤੇ ਤਨਦੇਹੀ ਨਾਲ ਅਦਾ ਕਰਨ ਅਤੇ ਆਪਣੇ ਕੰਮਾਂ ਲਈ ਸਿਵਲ ਸਰਜਨ ਦਫ਼ਤਰ ਵਿੱਚ ਆਉਣ ਵਾਲੇ ਲੋਕਾਂ ਨਾਲ ਵਧੀਆ ਵਤੀਰਾ ਰੱਖਿਆ ਜਾਵੇ। ਉਨ੍ਹਾਂ ਇਹ ਵੀ ਕਿਹਾ ਕਿ ਆਪਣੇ ਕੰਮਾਂ ਲਈ ਆਉਣ ਵਾਲੇ ਆਮ ਨਾਗਰਿਕਾਂ ਦੇ ਕੰਮਾਂ ਨੂੰ ਪਹਿਲ ਦੇ ਆਧਾਰ ਤੇ ਨਿਪਟਾਇਆ ਜਾਵੇ ਅਤੇ ਦਫ਼ਤਰ ਵਿੱਚ ਕਿਸੇ ਵੀ ਤਰ੍ਹਾਂ ਦੀ ਕੋਈ ਡਾਕ ਜਾਂ ਕਿਸੇ ਕਿਸਮ ਦੇ ਬਿਲ ਲੰਬਿਤ ਨਾ ਰੱਖੇ ਜਾਣ।
ਜਨਮ ਤੇ ਮੌਤ ਰਜਿਸਟਰੇਸ਼ਨ ਬਰਾਂਚ ਦੀ ਚੈਕਿੰਗ ਦੌਰਾਨ ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਕਿਹਾ ਕਿ ਲੋਕਾਂ ਨੂੰ ਜਨਮ ਤੇ ਮੌਤ ਦੀ ਰਜਿਸਟਰੇਸ਼ਨ ਜਰੂਰ ਕਰਵਾਉਣ ਲਈ ਵੱਧ ਤੋਂ ਵੱਧ ਜਾਗਰੂਕ ਕੀਤਾ ਜਾਵੇ ਅਤੇ ਇਸ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਵਾਲੇ ਬੋਰਡ ਵੀ ਪ੍ਰਮੁੱਖ ਸਥਾਨਾਂ ਤੇ ਲਗਵਾਏ ਜਾਣ। ਉਨ੍ਹਾਂ ਇਹ ਵੀ ਕਿਹਾ ਕਿ ਸਿਹਤ ਨਾਲ ਸਬੰਧਤ ਅੰਕੜਿਆਂ ਨੂੰ ਪੋਰਟਲ ਤੇ ਅਪਲੋਡ ਕਰਨ ਲਈ ਵੀ ਕਿਹਾ ਤੇ ਮੈਡੀਕਲ ਬਿਲਾਂ ਦੇ ਰਜਿਸਟਰਾਂ ਦੀ ਨੰਬਰਿੰਗ ਕਰਨ ਤੇ ਗਰਭਵਤੀ ਮਾਵਾਂ ਵੱਲ ਵਿਸ਼ੇਸ਼ ਤਵੱਜੋ ਦੇ ਕੇ ਗਰਭ ਦੌਰਾਨ ਮੌਤਾਂ ਦੀ ਦਰ ਨੂੰ ਹੋਰ ਘਟਾਉਣ ਲਈ ਕਿਹਾ। ਪੰਜਾਬ ਸਰਕਾਰ ਵੱਲੋਂ ਆਮ ਨਾਗਰਿਕਾਂ ਨੂੰ ਸਿਹਤ ਵਿਭਾਗ ਰਾਹੀਂ ਮੁਹੱਈਆ ਕਰਵਾਈਆਂ ਜਾ ਰਹੀਆਂ ਸਹੂਲਤਾਂ ਦਾ ਹੇਠਲੇ ਪੱਧਰ ਤੱਕ ਲਾਭ ਪਹੁੰਚਾਉਣ ਨੂੰ ਯਕੀਨੀ ਬਣਾਇਆ ਜਾਵੇ।