ਸੁਨਾਮ : ਸ਼ਹੀਦ ਊਧਮ ਸਿੰਘ ਸਰਕਾਰੀ ਕਾਲਜ਼ ਸੁਨਾਮ ਵਿਖੇ ਪ੍ਰਿੰਸੀਪਲ ਡਾਕਟਰ ਹਰਵਿੰਦਰ ਸਿੰਘ ਦੀ ਰਹਿਨੁਮਾਈ ਅਤੇ ਰੈਡ ਰਿਬਨ ਕਲੱਬ ਦੇ ਇੰਚਾਰਜ ਡਾਕਟਰ ਗਗਨਦੀਪ ਸਿੰਘ ਦੀ ਅਗਵਾਈ ਹੇਠ ਯੁਵਾ ਦਿਵਸ ਸਬੰਧੀ ਵਿਦਿਆਰਥੀਆਂ ਦੇ ਸਲੋਗਨ ਅਤੇ ਪੇਂਟਿੰਗ ਮੁਕਾਬਲੇ ਕਰਵਾਏ ਗਏ। ਵਿਦਿਆਰਥੀਆਂ ਨੂੰ ਸਵਾਮੀ ਵਿਵੇਕਾਨੰਦ ਜੀ ਦੇ ਜੀਵਨ ਬਾਰੇ ਜਾਣਕਾਰੀ ਦਿੱਤੀ ਗਈ। ਇਸ ਮੌਕੇ ਕਾਲਜ਼ ਪ੍ਰਿੰਸੀਪਲ ਡਾਕਟਰ ਹਰਵਿੰਦਰ ਸਿੰਘ ਨੇ ਕਿਹਾ ਕਿ ਨੌਜਵਾਨਾਂ ਨੂੰ ਸਵਾਮੀ ਵਿਵੇਕਾਨੰਦ ਜੀ ਦੇ ਜੀਵਨ ਅਤੇ ਫ਼ਲਸਫ਼ੇ ਤੋਂ ਸੇਧ ਲੈਕੇ ਸਮਾਜ ਦੀ ਭਲਾਈ ਲਈ ਕਾਰਜਸ਼ੀਲ ਰਹਿਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਅਜੋਕੇ ਮੁਕਾਬਲੇ ਦੇ ਯੁੱਗ ਅੰਦਰ ਵਿਦਿਆਰਥੀਆਂ ਨੂੰ ਸਮੇਂ ਦੇ ਹਾਣੀ ਬਣਨ ਲਈ ਯਤਨ ਕਰਨੇ ਚਾਹੀਦੇ ਹਨ ਤਾਂ ਜੋ ਨੌਜਵਾਨ ਉੱਚ ਮਿਆਰੀ ਸਿੱਖਿਆ ਹਾਸਲ ਕਰਕੇ ਮੁਲਕ ਅਤੇ ਸੂਬੇ ਦੀ ਬਿਹਤਰੀ ਲਈ ਕੰਮ ਕਰ ਸਕਣ। ਰੈੱਡ ਰਿਬਨ ਕਲੱਬ ਦੇ ਇੰਚਾਰਜ ਪ੍ਰੋਫੈਸਰ ਡਾਕਟਰ ਗਗਨਦੀਪ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹਨਾਂ ਮੁਕਾਬਲਿਆਂ ਵਿੱਚ ਪਹਿਲਾਂ ਸਥਾਨ ਮੁਨੀਸ਼ਾ ਰਾਣੀ ਐਮਏ ਪੰਜਾਬੀ ਭਾਗ ਦੂਜਾ ਅਤੇ ਦੂਜਾ ਸਥਾਨ ਮਿਤਾਲੀ ਬੀਐਸਸੀ ਭਾਗ ਪਹਿਲਾ ਅਤੇ ਤੀਜਾ ਸਥਾਨ ਰਾਜਨਦੀਪ ਕੌਰ ਤੇ ਪ੍ਰਾਚੀ ਬੀਐਸਸੀ ਭਾਗ ਪਹਿਲਾ ਨੇ ਹਾਸਿਲ ਕੀਤਾ। ਵਿਦਿਆਰਥੀਆਂ ਨੂੰ ਟਰਾਫੀਆਂ ਤੇ ਮੈਡਲ ਦੇ ਕੇ ਸਨਮਾਨਿਤ ਕਰਨ ਮੌਕੇ ਪ੍ਰਿੰਸੀਪਲ ਡਾਕਟਰ ਹਰਵਿੰਦਰ ਸਿੰਘ, ਡਾ ਗਗਨਦੀਪ ਸਿੰਘ ਤੇ ਪ੍ਰੋਫੈਸਰ ਪ੍ਰਭਜੀਤ ਕੌਰ ਭਰੂਰ ਆਦਿ ਹਾਜ਼ਰ ਸਨ।