ਖਰੜ : ਸ੍ਰੀਮਤੀ ਸੁਰਭੀ ਪਰਾਸ਼ਰ, ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ ਵੱਲੋਂ ਅੱਜ ਜੋਤੀ ਸਰੂਪ ਕੰਨਿਆ ਆਸ਼ਰਮ, ਖਰੜ ਦਾ ਦੌਰਾ ਕੀਤਾ ਗਿਆ ਅਤੇ ਆਸ਼ਰਮ ਵਿਚ ਰਹਿ ਰਹੀਆਂ ਬੱਚੀਆਂ ਨੂੰ ਸਰਕਾਰ ਵੱਲੋਂ ਉਨ੍ਹਾਂ ਦੇ ਹੱਕਾਂ ਦੀ ਰਾਖੀ ਲਈ ਬਣਾਏ ਗਏ ਵੱਖ-ਵੱਖ ਕਾਨੂੰਨਾਂ ਅਤੇ ਸਕੀਮਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ। ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ ਵੱਲੋਂ ਆਸ਼ਰਮ ਵਿੱਚ ਰਹਿ ਰਹੀਆਂ ਕੁੜੀਆਂ ਨੂੰ ਸਿੱਖਿਆ ਦੀ ਮਹੱਤਤਾ ਅਤੇ ਸਿਹਤ ਸੰਭਾਲ ਸਬੰਧੀ ਜਾਗਰੂਕ ਕੀਤਾ ਗਿਆ। ਇਸ ਦੇ ਨਾਲ ਹੀ ਉਨ੍ਹਾਂ ਵੱਲੋਂ ਆਸ਼ਰਮ ਵਿੱਚ ਰਹਿ ਰਹੀਆਂ ਕੁੜੀਆਂ ਨੂੰ ਮੁਫਤ ਕਾਨੂੰਨੀ ਸਹਾਇਤਾ ਸਕੀਮ ਪ੍ਰਤੀ ਜਾਣਕਾਰੀ ਦਿੱਤੀ ਗਈ ਅਤੇ ਸੰਸਥਾ ਦੇ ਪ੍ਰਬੰਧਕਾਂ ਨੂੰ ਲੜਕੀਆਂ ਨੂੰ ਉਨ੍ਹਾਂ ਦੀ ਜਰੂਰਤ ਦੇ ਹਿਸਾਬ ਨਾਲ ਸੰਤੁਲਿਤ ਭੋਜਨ ਮੁਹੱਈਆ ਕਰਵਾਉਣ ਦੀ ਹਦਾਇਤ ਕੀਤੀ ਗਈ।
ਇਸ ਮੌਕੇ ਤੇ ਪੁਕਾਰ ਫਾਊਂਡੇਸ਼ਨ, ਐਨ.ਜੀ.ਓ ਵੱਲੋਂ ਜੋਤੀ ਸਰੂਪ ਕੰਨਿਆ ਆਸ਼ਰਮ, ਖਰੜ ਵਿਖੇ ਲੋਹੜੀ ਦੇ ਮੌਕੇ ਤੇ ਇੱਕ ਵਿਸ਼ੇਸ਼ ਪ੍ਰੋਗਰਾਮ ਦਾ ਆਯੋਜਨ ਕਰਵਾਇਆ ਗਿਆ ਜਿਸ ਵਿੱਚ ਸ੍ਰੀਮਤੀ ਸੁਰਭੀ ਪਰਾਸ਼ਰ, ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ ਵੱਲੋਂ ਪ੍ਰੋਗਰਾਮ ਵਿੱਚ ਮੁੱਖ ਮਹਿਮਾਨ ਵੱਜੋਂ ਸਿਰਕਤ ਕੀਤੀ ਗਈ ।