ਸੁਨਾਮ : ਸੂਬੇ ਦੀ ਭਗਵੰਤ ਮਾਨ ਸਰਕਾਰ ਵੱਲੋਂ ਨਵੀਂ ਖੇਤੀ ਨੀਤੀ ਲਾਗੂ ਨਾ ਕਰਨ ਦੇ ਰੋਸ ਵਜੋਂ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ 22 ਤੋਂ 26 ਜਨਵਰੀ ਤੱਕ ਡਿਪਟੀ ਕਮਿਸ਼ਨਰ ਦਫ਼ਤਰਾਂ ਅੱਗੇ ਦਿੱਤੇ ਜਾਣ ਵਾਲੇ ਧਰਨਿਆਂ ਦੀਆਂ ਤਿਆਰੀਆਂ ਨੂੰ ਲੈਕੇ ਪਿੰਡਾਂ ਅੰਦਰ ਲਾਮਬੰਦੀ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ। ਜਥੇਬੰਦੀ ਦੇ ਬਲਾਕ ਪ੍ਰਧਾਨ ਜਸਵੰਤ ਸਿੰਘ ਤੋਲਾਵਾਲ ਦੀ ਅਗਵਾਈ ਹੇਠ ਹੋਈ ਮੀਟਿੰਗ ਨੂੰ ਸੰਬੋਧਨ ਕਰਦਿਆਂ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਜ਼ਿਲ੍ਹਾ ਪ੍ਰਧਾਨ ਅਮਰੀਕ ਸਿੰਘ ਗੰਢੂਆਂ ਨੇ ਕਿਹਾ ਕਿ ਸੂਬੇ ਦੀ ਭਗਵੰਤ ਮਾਨ ਸਰਕਾਰ ਨੇ ਨਵੀਂ ਖੇਤੀ ਨੀਤੀ ਲਿਆਉਣ ਦਾ ਵਾਅਦਾ ਕੀਤਾ ਸੀ ਲੇਕਿਨ ਵੋਟਾਂ ਬਟੋਰ ਕੇ ਹੁਣ ਚੁੱਪ ਧਾਰ ਲਈ ਹੈ। ਉਨ੍ਹਾਂ ਕਿਹਾ ਕਿ ਜਥੇਬੰਦੀ ਨੇ ਸਰਕਾਰ ਨੂੰ 21 ਜਨਵਰੀ ਤੱਕ ਨਵੀਂ ਖੇਤੀ ਨੀਤੀ ਲਿਆਉਣ ਦਾ ਅਲਟੀਮੇਟਮ ਦਿੱਤਾ ਸੀ ਲੇਕਿਨ ਭਗਵੰਤ ਮਾਨ ਸਰਕਾਰ ਮੂਕ ਦਰਸ਼ਕ ਬਣ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦੀਆਂ ਕਿਸਾਨ ਵਿਰੋਧੀ ਨੀਤੀਆਂ ਕਾਰਨ 22 ਜਨਵਰੀ ਤੋਂ 26 ਜਨਵਰੀ ਤੱਕ ਰਾਜ ਦੇ ਡਿਪਟੀ ਕਮਿਸ਼ਨਰ ਦਫ਼ਤਰਾਂ ਅੱਗੇ ਧਰਨੇ ਦਿੱਤੇ ਜਾਣਗੇ। ਉਨ੍ਹਾਂ ਕਿਹਾ ਕਿ ਧਰਨਿਆਂ ਵਿੱਚ ਕਿਸਾਨਾਂ ਦੀ ਭਰਵੀਂ ਸ਼ਮੂਲੀਅਤ ਨੂੰ ਯਕੀਨੀ ਬਣਾਉਣ ਲਈ ਪਿੰਡਾਂ ਅੰਦਰ ਲਾਮਬੰਦੀ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੇ ਵਾਅਦੇ ਮੁਤਾਬਕ ਨਵੀਂ ਖੇਤੀ ਨੀਤੀ ਲਾਗੂ ਕਰਵਾਉਣ ਦੇ ਸੰਬੰਧ ਚ,ਜ਼ੋ ਜਥੇਬੰਦੀ ਵੱਲੋਂ ਖਰੜਾ ਤਿਆਰ ਕਰਕੇ ਸੌਂਪਿਆ ਗਿਆ ਸੀ, ਜਿਸ ਵਿੱਚ ਕਿਸਾਨੀ ਕਰਜ਼ਾ ਮੁੱਖ ਮੰਗਾਂ ਵਿਚੋਂ ਇੱਕ ਹੈ, ਨਹਿਰੀ ਪਾਣੀ ਹਰ ਖੇਤ ਤੱਕ ਪਹੁੰਚਦਾ ਕੀਤਾ ਜਾਵੇ , ਹੋਰ ਵੀ ਖੇਤੀ ਨਾਲ ਸਬੰਧਤ ਮੰਗਾਂ ਹਨ,ਉਹਨਾਂ ਸਾਰੀਆਂ ਮੰਗਾਂ ਨੂੰ ਲੈਕੇ ਜਥੇਬੰਦੀ ਵੱਡੀ ਲਾਮਬੰਦੀ ਦੀ ਤਿਆਰੀ ਕਰ ਰਹੀ ਹੈ, ਇਸ ਰੈਲੀ ਨੂੰ ਜ਼ਿਲ੍ਹਾ ਪ੍ਰਧਾਨ ਅਮਰੀਕ ਸਿੰਘ ਗੰਢੂਆਂ ਨੇ ਵਿਸ਼ੇਸ਼ ਤੌਰ ਤੇ ਸੰਬੋਧਨ ਕੀਤਾ। ਇਸ ਮੌਕੇ ਬਲਾਕ ਆਗੂ ਰਾਮ ਸਰਨ ਸਿੰਘ ਉਗਰਾਹਾਂ, ਮਹਿੰਦਰ ਸਿੰਘ ਨਮੋਲ,ਪਾਲ ਸਿੰਘ ਦੋਲੇਵਾਲ, ਲਾਲੀ ਦੋਲੇਵਾਲ, ਮਨੀ ਸਿੰਘ ਭੈਣੀ, ਆਦਿ ਹਾਜ਼ਰ ਸਨ।