ਸਾਹਿਬਜ਼ਾਦਾ ਅਜੀਤ ਸਿੰਘ ਨਗਰ : ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਗੁਰਪੁਰਬ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਜ਼ਿਲ੍ਹਾ, ਜੋ ਗੁਰੂ ਸਾਹਿਬ ਦੇ ਸਭ ਤੋਂ ਵੱਡੇ ਸਪੁੱਤਰ, ਸਾਹਿਬਜ਼ਾਦਾ ਅਜੀਤ ਸਿੰਘ ਦੇ ਨਾਮ 'ਤੇ ਬਣਾਇਆ ਗਿਆ ਸੀ, ਵਿਖੇਨਿਵੇਕਲੇ ਢੰਗ ਨਾਲ ਮਨਾਇਆ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰੀਮਤੀ ਆਸ਼ਿਕਾ ਜੈਨ ਜਿਨ੍ਹਾਂ ਪਿਛਲੇ ਦਿਨੀਂ ਜ਼ਿਲ੍ਹੇ ਦੇ ਵੱਖ-ਵੱਖ ਗੁਰਦੁਆਰਾ ਸਾਹਿਬਾਨ ਦਾ ਦੌਰਾ ਕਰਕੇ ਆਪਣੇ ਇਸ ਵਿਚਾਰ ਨੂੰ ਅਮਲੀ ਰੂਪ ਦੇਣ ਵਿੱਚ ਅਹਿਮ ਯੋਗਦਾਨ ਪਾਇਆ, ਨੇ ਦੱਸਿਆ ਕਿ ਲੋਕਾਂ ਨੂੰ ਜਾਗਰੂਕ ਕਰਨ ਅਤੇ ਗੁਰਦੁਆਰਾ ਬੋਰਡ (ਐਸ ਜੀ ਪੀ ਸੀ) ਚੋਣਾਂ ਲਈ ਵੋਟਰ ਵਜੋਂ ਨਾਮ ਦਰਜ ਕਰਵਾਉਣ ਲਈ ਸਮੂਹ ਗੁਰਦੁਆਰਾ ਸਾਹਿਬਾਨ ਵਿਖੇ ਵਿਸ਼ੇਸ਼ ਕੈਂਪ ਲਗਾਏ ਗਏ ਹਨ।
ਉਨ੍ਹਾਂ ਕਿਹਾ ਕਿ ਗੁਰਪੁਰਬ ਦੇ ਪਵਿੱਤਰ ਦਿਹਾੜੇ ਦਾ ਵੱਧ ਤੋਂ ਵੱਧ ਲਾਭ ਉਠਾਉਣ ਲਈ ਸਾਰੇ ਗੁਰਦੁਆਰਾ ਸਾਹਿਬਾਨ ਵਿੱਚ ਹੈਲਪ ਡੈਸਕ ਸਥਾਪਤ ਕਰਨ ਲਈ ਪੇਂਡੂ ਖੇਤਰਾਂ ਵਿੱਚ ਪਟਵਾਰੀਆਂ ਅਤੇ ਸ਼ਹਿਰੀ ਖੇਤਰਾਂ ਵਿੱਚ ਮਿਉਂਸਪਲ ਸਟਾਫ਼ ਦੀ ਡਿਊਟੀ ਲਗਾਈ ਗਈ, ਕਿਉਂਕਿ ਇਸ ਦਿਨ ਸੈਂਕੜੇ ਲੋਕ ਗੁਰਦੁਆਰਿਆਂ ਵਿੱਚ ਨਤਮਸਤਕ ਹੁੰਦੇ ਹਨ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਕੈਂਪ ਲਗਾਉਣ ਤੋਂ ਪਹਿਲਾਂ ਜ਼ਿਆਦਾਤਰ ਥਾਵਾਂ 'ਤੇ ਗੁਰਦੁਆਰਾ ਸਾਹਿਬਾਨ ਤੋਂ ਐਲਾਨਾਂ ਰਾਹੀਂ ਲੋਕਾਂ ਨੂੰ ਅਗਾਊਂ ਤੌਰ ਤੇ ਚੰਗੀ ਤਰ੍ਹਾਂ ਜਾਣੂ ਕਰਵਾਇਆ ਗਿਆ।
ਉਨ੍ਹਾਂ ਕਿਹਾ ਕਿ ਯੋਗ ਵੋਟਰਾਂ ਨੂੰ ਹਾਸਲ ਕਰਨ ਦੇ ਵਿਚਾਰ ਨੇ ਵਧੀਆ ਕੰਮ ਕੀਤਾ ਹੈ ਅਤੇ ਸਾਨੂੰ ਬਹੁਤ ਵਧੀਆ ਹੁੰਗਾਰਾ ਮਿਲਿਆ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਗੁਰਦੁਆਰਾ ਬੋਰਡ ਦੀਆਂ ਚੋਣਾਂ ਲਈ ਵੱਧ ਤੋਂ ਵੱਧ ਲੋਕਾਂ ਨੂੰ ਵੋਟ ਦੇ ਅਧਿਕਾਰ ਦਾ ਲਾਭ ਪਹੁੰਚਾਉਣ ਲਈ 29 ਫਰਵਰੀ ਤੱਕ ਇਹ ਉਪਰਾਲਾ ਜਾਰੀ ਰਹੇਗਾ। ਸ਼੍ਰੀਮਤੀ ਜੈਨ ਨੇ ਕਿਹਾ ਕਿ ਗੁਰਦੁਆਰਾ ਚੋਣਾਂ ਤੋਂ ਪਹਿਲਾਂ ਨਵੀਆਂ ਵੋਟਰ ਸੂਚੀਆਂ ਬਣਾਉਣੀਆਂ ਲਾਜ਼ਮੀ ਕੀਤਾ ਗਿਆ ਹੈ, ਇਸ ਲਈ ਅਸੀਂ ਨਵੇਂ ਅਤੇ ਹਰ ਸੰਭਵ ਢੰਗ ਨਾਲ ਵੋਟਰਾਂ ਤੱਕ ਪਹੁੰਚ ਕਰਕੇ ਉਨ੍ਹਾਂ ਨੂੰ ਰਜਿਸਟਰ ਕਰ ਰਹੇ ਹਾਂ।
ਡਿਪਟੀ ਕਮਿਸ਼ਨਰ ਨੇ ਯੋਗ ਸਿੱਖ ਵੋਟਰਾਂ ਨੂੰ ਪੁਰਜ਼ੋਰ ਅਪੀਲ ਕੀਤੀ ਕਿ ਉਹ ਗੁਰਦੁਆਰਾ ਬੋਰਡ ਦੀਆਂ ਚੋਣਾਂ ਲਈ ਵੋਟਰ ਵਜੋਂ ਰਜਿਸਟਰ ਹੋਣ। ਉਨ੍ਹਾਂ ਅੱਗੇ ਕਿਹਾ ਕਿ ਗੁਰਦੁਆਰਾ ਬੋਰਡ ਚੋਣਾਂ ਲਈ ਵੋਟਰ ਬਣਨ ਲਈ ਯੋਗਤਾ ਮਾਪਦੰਡ, ਸਿੱਖ ਗੁਰਦੁਆਰਾ ਐਕਟ, 1925, ਸੈਕਸ਼ਨ 49 ਵਿੱਚ ਦਰਸਾਏ ਅਨੁਸਾਰ, 21 ਸਾਲ ਜਾਂ ਇਸ ਤੋਂ ਵੱਧ ਉਮਰ ਦੇ ਕੇਸ਼ਾਧਾਰੀ ਸਿੱਖ ਹੋਣੇ ਚਾਹੀਦੇ ਹਨ, ਸ਼ਰਾਬ ਨਾ ਪੀਣ ਵਾਲੇ, ਤੰਬਾਕੂਨੋਸ਼ੀ ਨਾ ਕਰਨ ਵਾਲੇ ਅਤੇ ਦਾੜ੍ਹੀ-ਕੇਸਾਂ ਦੀ ਬੇਅਦਬੀ ਨਾ ਕਰਨ ਵਾਲੇ ਹੋਣ।