ਫ਼ਤਹਿਗੜ੍ਹ ਸਾਹਿਬ : ਜ਼ਿਲ੍ਹਾ ਮੈਜਿਸਟਰੇਟ ਸ਼੍ਰੀਮਤੀ ਪਰਨੀਤ ਸ਼ੇਰਗਿੱਲ ਨੇ ਫੌਜਦਾਰੀ ਜਾਬਤਾ ਸੰਘਤਾ 1973 (2 ਆਫ 1974) ਦੀ ਧਾਰਾ 144 ਅਧੀਨ ਗਣਤੰਤਰ ਦਿਵਸ ਦੀ ਸੁਰੱਖਿਆ ਨੂੰ ਮੁੱਖ ਰੱਖਦੇ ਹੋਏ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੀ ਹਦੂਦ ਅੰਦਰ ਪ੍ਰਾਈਵੇਟ ਵਿਅਕਤੀਆਂ ਤੇ ਆਮ ਲੋਕਾਂ ਵੱਲੋਂ ਯੂ.ਏ.ਵੀ./ਡਰੋਨ ਕੈਮਰੇ ਚਲਾਉਣ ਤੇ ਪੂਰਨ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ। ਅਜਿਹਾ ਇਸ ਲਈ ਕੀਤਾ ਗਿਆ ਹੈ ਕਿਉਂਕਿ 26 ਜਨਵਰੀ ਨੂੰ ਖੇਡ ਸਟੇਡੀਅਮ ਮਾਧੋਪੁਰ (ਸਰਹਿੰਦ) ਵਿਖੇ ਗਣਤੰਤਰ ਦਿਵਸ ਦਾ ਜ਼ਿਲ੍ਹਾ ਪੱਧਰੀ ਸਮਾਗਮ ਆਯੋਜਿਤ ਕੀਤਾ ਜਾ ਰਿਹਾ ਹੈ । ਇਹ ਆਮ ਵੇਖਣ ਵਿੱਚ ਆਇਆ ਹੈ ਕਿ ਆਮ ਲੋਕਾਂ/ਪ੍ਰਾਈਵੇਟ ਵਿਅਕਤੀਆਂ ਵੱਲੋਂ ਯੂ.ਏ.ਵੀ./ਡਰੋਨ ਕੈਮਰੇ ਉਡਾਏ ਜਾਂਦੇ ਹਨ ਜੋ ਸੁਰੱਖਿਆ ਦੇ ਮੱਦੇ ਨਜ਼ਰ ਠੀਕ ਨਹੀਂ ਹੈ ਅਤੇ ਇਸ ਕਾਰਨ ਕੋਈ ਅਣ-ਸੁਖਾਂਵੀਂ ਘਟਨਾ ਵਾਪਰ ਸਕਦੀ ਹੈ। ਗਣਤੰਤਰ ਦਿਵਸ ਦੇ ਮੌਕੇ ਸੁਰੱਖਿਆ ਪ੍ਰਬੰਧਾਂ ਨੂੰ ਵੇਖਦੇ ਹੋਏ ਜ਼ਿਲ੍ਹਾ ਮੈਜਿਸਟਰੇਟ ਨੇ 25 ਜਨਵਰੀ ਤੋਂ 26 ਜਨਵਰੀ ਤੱਕ ਜ਼ਿਲ੍ਹੇ ਵਿੱਚ ਯੂ.ਏ.ਵੀ./ਡਰੋਨ ਕੈਮਰੇ ਚਲਾਉਣ ਤੇ ਪੂਰਨ ਪਾਬੰਦੀ ਲਗਾਈ ਹੈ।