ਰੋਹਤਕ : ਬਲਾਤਕਾਰ ਦੇ ਮਾਮਲੇ ਵਿੱਚ 20 ਸਾਲ ਦੀ ਸਜ਼ਾ ਭੁਗਤ ਰਹੇ ਡੇਰਾ ਸੱਚਾ ਸੌਦਾ ਦੇ ਮੁਖੀ ਗੁਰਮੀਤ ਰਾਮ ਰਹੀਮ ਨੂੰ ਮੁੜ ਤੋਂ 50 ਦਿਨਾਂ ਦੀ ਪੈਰੋਲ ਮਿਲ ਗਈ ਹੈ ਅਤੇ ਉਹ ਸੁਨਾਰੀਆ ਜੇਲ੍ਹ ਵਿਚੋਂ ਬਾਹਰ ਆ ਗਿਆ ਹੈ। ਜ਼ਿਕਰਯੋਗ ਹੈ ਕਿ ਡੇਰਾ ਸਿਰਸਾ ਮੁਖੀ ਨੂੰ ਪਿਛਲੇ ਚਾਰ ਸਾਲਾਂ ਵਿੱਚ ਇਹ ਨੌਵੀਂ ਵਾਰ ਪੈਰੋਲ ਮਿਲੀ ਹੈ। ਬਹੁਤ ਹੀ ਅਹਿਮ ਗੱਲ ਇਹ ਹੈ ਕਿ ਡੇਰਾ ਸਿਰਸਾ ਮੁਖੀ ਨੂੰ 9ਵੀਂ ਵਾਰ ਪੈਰੋਲ ਮਿਲਣ ਤੋਂ ਬਾਅਦ ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇਸ ’ਤੇ ਸਖ਼ਤ ਇਤਰਾਜ ਜਿਤਾਇਆ ਹੈ। ਇਸ ਤੋਂ ਪਹਿਲਾਂ ਫਰਵਰੀ 2023 ਵਿੱਚ ਵੀ ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਵੱਲੋਂ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਇਕ ਪਟੀਸ਼ਨ ਦਾਇਰ ਕਰ ਕੇ ਡੇਰਾ ਸਿਰਸਾ ਮੁਖੀ ਨੂੰ ਵਾਰ ਵਾਰ ਪੈਰੋਲ ਦਿੱਤੇ ਜਾਣ ਦਾ ਵਿਰੋਧ ਕੀਤਾ ਗਿਆ ਸੀ। ਸ਼੍ਰੋਮਣੀ ਕਮੇਟੀ ਪ੍ਰਧਾਨ ਦਾ ਕਹਿਣਾ ਹੈ ਕਿ ਸਰਕਾਰ ਡੇਰਾ ਸਿਰਸਾ ਮੁਖੀ ਨੂੰ ਤਾਂ ਵਾਰ-ਵਾਰ ਪੈਰੋਲ ਦੇ ਰਹੀ ਹੈ ਪਰ ਦੂਜੇ ਪਾਸੇ ਜੇਲ੍ਹਾਂ ਵਿੱਚ ਨਜ਼ਰਬੰਦ ਸਿੱਖਾਂ ਬਾਰੇ ਨੀਤੀ ਵੱਖਰੀ ਅਪਣਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਡੇਰਾ ਸਿਰਸਾ ਮੁਖੀ ਨੂੰ ਇਸ ਤਰ੍ਹਾਂ ਪੈਰੋਲ ਦੇਣ ਨਾਲ ਸਿੱਖਾਂ ਦੇ ਹਿਰਦੇ ਵਲੂੰਧਰੇ ਜਾ ਰਹੇ ਹਨ।