ਸੁਨਾਮ : ਸ਼੍ਰੋਮਣੀ ਅਕਾਲੀ ਦਲ ਸੰਯੁਕਤ ਦੇ ਸੀਨੀਅਰ ਆਗੂ ਅਤੇ ਸਾਬਕਾ ਖਜ਼ਾਨਾ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਨੇ ਕਿਹਾ ਕਿ ਪ੍ਰੋ: ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਵਿੱਚ ਦਿੱਲੀ ਸਰਕਾਰ ਦੀ ਭੂਮਿਕਾ ਨੇ ਆਮ ਆਦਮੀ ਪਾਰਟੀ ਦਾ ਪੰਜਾਬ ਅਤੇ ਸਿੱਖ ਵਿਰੋਧੀ ਚਿਹਰਾ ਨੰਗਾ ਕਰ ਦਿੱਤਾ ਹੈ। ਆਮ ਆਦਮੀ ਪਾਰਟੀ ਵੱਲੋਂ ਪੰਜਾਬ ਵਿੱਚ ਅਲੱਗ ਅਤੇ ਦਿੱਲੀ ਵਿੱਚ ਵੱਖਰੀ ਰਾਜਨੀਤਕ ਖੇਡ ਖੇਡੀ ਜਾ ਰਹੀ ਹੈ। ਬੁੱਧਵਾਰ ਨੂੰ ਸੁਨਾਮ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਾਬਕਾ ਖਜ਼ਾਨਾ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਨੇ ਕਿਹਾ ਕਿ ਦਵਿੰਦਰਪਾਲ ਸਿੰਘ ਭੁੱਲਰ ਦੇ ਮਾਮਲੇ ਨੂੰ ਨਿਪਟਾਉਣ ਲਈ ਦਿੱਲੀ ਸਰਕਾਰ ਦੀ ਕਮੇਟੀ ਜਾਣ ਬੁੱਝਕੇ ਲਟਕਾ ਰਹੀ ਹੈ। ਉਨ੍ਹਾਂ ਕਿਹਾ ਕਿ ਉਕਤ ਮਾਮਲੇ ਵਿੱਚ ਆਮ ਆਦਮੀ ਪਾਰਟੀ ਦਾ ਦੋਹਰਾ ਚਿਹਰਾ ਨੰਗਾ ਹੋ ਚੁੱਕਾ ਹੈ। ਭਗਵੰਤ ਮਾਨ ਦੀ ਅਗਵਾਈ ਹੇਠਲੀ ਸਰਕਾਰ ਪੰਜਾਬ ਵਿੱਚ ਲੋਕਤੰਤਰ ਦਾ ਘਾਣ ਕਰ ਰਹੀ ਹੈ। ਪੰਜਾਬ ਸਰਕਾਰ ਦੇ ਮੰਤਰੀਆਂ ਅਤੇ ਵਿਧਾਇਕਾਂ ਕੋਲ ਫੈਸਲੇ ਲੈਣ ਦੀ ਸ਼ਕਤੀ ਨਹੀਂ ਹੈ ਅਤੇ ਮੁੱਖ ਮੰਤਰੀ ਤੋਂ ਲੈ ਕੇ ਮੰਤਰੀਆਂ ਅਤੇ ਵਿਧਾਇਕਾਂ ਤੱਕ ਉਹ ਕੇਜਰੀਵਾਲ ਦੇ ਪਿਆਦਿਆਂ ਨੂੰ ਜਵਾਬਦੇਹ ਹਨ। ਉਨ੍ਹਾਂ ਕਿਹਾ ਕਿ ਲੋਕਤੰਤਰ ਦੀ ਹੱਤਿਆ ਕਰਨ ਅਤੇ ਜਨਤਕ ਫਤਵੇ ਦਾ ਮਜ਼ਾਕ ਉਡਾਉਣ ਵਾਲੇ ਅਜਿਹੇ ਅਨਸਰਾਂ ਨੂੰ ਪੰਜਾਬੀ ਕਦੇ ਵੀ ਮੁਆਫ਼ ਨਹੀਂ ਕਰਨਗੇ। ਸੂਬੇ ਦੀ ਸਰਕਾਰ ਬੁਰੀ ਤਰ੍ਹਾਂ ਫੇਲ੍ਹ ਹੋ ਚੁੱਕੀ ਹੈ। ਰਾਜ ਅੰਦਰ ਹਰ ਦਿਨ ਕਤਲ, ਡਕੈਤੀਆਂ ਅਤੇ ਲੁੱਟ ਖਸੁੱਟਾਂ ਹੋ ਰਹੀਆਂ ਹਨ। ਇਕ ਸਵਾਲ ਦੇ ਜਵਾਬ ਵਿੱਚ ਪਰਮਿੰਦਰ ਸਿੰਘ ਢੀਂਡਸਾ ਨੇ ਕਿਹਾ ਕਿ ਰਾਮ ਮੰਦਰ ਦਾ ਨਿਰਮਾਣ ਸਾਰਿਆਂ ਲਈ ਖੁਸ਼ੀ ਦਾ ਪਲ ਹੈ ਅਤੇ ਸਾਰਿਆਂ ਨੂੰ ਮਿਲ ਕੇ ਨਵੀਂ ਸ਼ੁਰੂਆਤ ਕਰਨੀ ਚਾਹੀਦੀ ਹੈ। ਇਸ ਮੁੱਦੇ 'ਤੇ ਮੁੱਖ ਮੰਤਰੀ ਭਗਵੰਤ ਮਾਨ ਦੀ ਚੁੱਪੀ ਬੇਹੱਦ ਮੰਦਭਾਗੀ ਹੈ। ਉਨ੍ਹਾਂ ਕਿਹਾ ਕਿ ਹੁਣ ਮਾਣਯੋਗ ਸੁਪਰੀਮ ਕੋਰਟ ਦੀਆਂ ਹਦਾਇਤਾਂ ਅਨੁਸਾਰ ਸਾਰਿਆਂ ਨੂੰ ਇਕੱਠੇ ਹੋ ਕੇ ਮਸਜਿਦ ਦੀ ਉਸਾਰੀ ਵਿੱਚ ਸਹਿਯੋਗ ਕਰਨਾ ਚਾਹੀਦਾ ਹੈ।ਇਸ ਮੌਕੇ ਸਾਬਕਾ ਨਗਰ ਕੌਂਸਲ ਪ੍ਰਧਾਨ ਬਘੀਰਥ ਰਾਏ ਗੀਰਾ , ਕੰਵਰਜੀਤ ਸਿੰਘ ਲੱਕੀ ਧਾਲੀਵਾਲ, ਯਾਦਵਿੰਦਰ ਸਿੰਘ ਨਿਰਮਾਣ, ਸਾਬਕਾ ਕੌਂਸਲਰ ਮੈਡਮ ਕਾਂਤਾ ਪੱਪਾ, ਕੌਂਸਲਰ ਵਰੁਣ ਮਧਾਨ ਮੋਂਟੀ, ਲਾਜਪਤ ਰਾਏ ਗਰਗ, ਪ੍ਰਿਤਪਾਲ ਸਿੰਘ ਕਾਲਾ ਕੋਕੋਮਾਜਰੀ , ਬੇਅੰਤ ਸਿੰਘ ਰੂਪਰਾਏ , ਜਸਪਾਲ ਸਿੰਘ ਥਿੰਦ , ਬਲਜਿੰਦਰ ਸਿੰਘ ਕਾਕਾ ਠੇਕੇਦਾਰ, ਜੀਤੂ ਗਡਵਾਲ, ਰਵਿੰਦਰ ਗੋਰਖਾ, ਰੰਜਨਾ ਸੈਣੀ ਤੇ ਹੋਰ ਆਗ ਹਾਜ਼ਰ ਸਨ।