ਫ਼ਤਹਿਗੜ੍ਹ ਸਾਹਿਬ : ਡਿਪਟੀ ਕਮਿਸ਼ਨਰ ਸ਼੍ਰੀਮਤੀ ਪਰਨੀਤ ਸ਼ੇਰਗਿੱਲ ਨੇ ਬੱਚਤ ਭਵਨ ਵਿਖੇ ਜ਼ਿਲ੍ਹੇ ਅੰਦਰ ਚੱਲ ਰਹੇ ਵੱਖ-ਵੱਖ ਵਿਕਾਸ ਕਾਰਜਾਂ ਸਬੰਧੀ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਜਿਸ ਵਿੱਚ ਉਨ੍ਹਾਂ ਵਿਕਾਸ ਕਾਰਜਾਂ ਨੂੰ ਤੈਅ ਸਮੇਂ ਅੰਦਰ ਪੂਰਾ ਨਾ ਕਰਨ ਅਤੇ ਵਿਕਾਸ ਕਾਰਜਾਂ ਲਈ ਜਾਰੀ ਹੋਈਆਂ ਗ੍ਰਾਂਟਾਂ ਦੇ ਵਰਤੋਂ ਸਰਟੀਫਿਕੇਟ ਜਮ੍ਹਾਂ ਨਾ ਕਰਵਾਉਣ ਵਾਲੇ ਅਧਿਕਾਰੀਆਂ ਨੂੰ ਸਖਤ ਹਦਾਇਤ ਜਾਰੀ ਕਰਦਿਆਂ ਕਿਹਾ ਕਿ ਅਜਿਹਾ ਨਾ ਕਰਨ ਵਾਲੇ ਅਧਿਕਾਰੀਆਂ ਨੂੰ ਕਿਸੇ ਵੀ ਕੀਮਤ ਤੇ ਬਖਸ਼ਿਆ ਨਹੀਂ ਜਾਵੇਗਾ ਅਤੇ ਅਜਿਹੇ ਅਧਿਕਾਰੀਆਂ ਵਿਰੁੱਧ ਸਖਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੇ ਸਮੂਹ ਕਾਰਜ ਸਾਧਕ ਅਫਸਰਾਂ ਨੂੰ ਹਦਾਇਤ ਕੀਤੀ ਕਿ ਆਪਣੇ ਘਰਾਂ ਕੂੜਾ ਕਰਕਟ ਵੱਖ-ਵੱਖ ਕਰਕੇ ਦੇਣ ਵਾਲੇ ਨਾਗਰਿਕਾਂ ਦਾ ਸਨਮਾਨ ਕਰਨ ਲਈ 26 ਜਨਵਰੀ ਤੋਂ 15 ਫਰਵਰੀ ਤੱਕ ਵਿਸ਼ੇਸ਼ ਮੁਹਿੰਮ ਚਲਾਈ ਜਾਵੇ ਤਾਂ ਜੋ ਹੋਰਨਾਂ ਨਾਗਰਿਕਾਂ ਨੂੰ ਇਸ ਤੋਂ ਪ੍ਰੇਰਨਾ ਮਿਲ ਸਕੇ।
ਉਨ੍ਹਾਂ ਕਾਰਜ ਸਾਧਕ ਅਫਸਰਾਂ ਨੂੰ ਇਹ ਵੀ ਕਿਹਾ ਕਿ ਮਾਣਯੋਗ ਅਦਾਲਤ ਵੱਲੋਂ ਸਿੰਗਲ ਯੂਜ ਪਲਾਸਟਿਕ ਤੇ ਲਗਾਈ ਗਈ ਰੋਕ ਨੂੰ ਸਖਤੀ ਨਾਲ ਲਾਗੂ ਕਰਨ ਲਈ ਤੁਰੰਤ ਕਦਮ ਚੁੱਕੇ ਜਾਣ ਤਾਂ ਜੋ ਪਲਾਸਟਿਕ ਤੋਂ ਬਣੇ ਲਿਫਾਫਿਆਂ ਤੇ ਹੋਰ ਵਸਤਾਂ ਦੀ ਵਰਤੋਂ ਨਾਲ ਹੋਣ ਵਾਲੀਆਂ ਬਿਮਾਰੀਆਂ ਤੇ ਰੋਕ ਲਗਾਈ ਜਾ ਸਕੇ। ਉਨ੍ਹਾਂ ਕਾਰਜ ਸਾਧਕ ਅਫਸਰਾਂ ਨੂੰ ਇਹ ਵੀ ਕਿਹਾ ਕਿ ਹੋਣ ਵਾਲੇ ਵਿਕਾਸ ਕਾਰਜਾਂ ਦਾ ਤੁਰੰਤ ਟੈਂਡਰ ਜਾਰੀ ਕੀਤੇ ਜਾਣ ਤਾਂ ਜੋ ਅਗਾਮੀ ਲੋਕ ਸਭਾ ਚੋਣਾਂ ਸਬੰਧੀ ਲੱਗਣ ਵਾਲੇ ਆਦਰਸ਼ ਚੋਣ ਜਾਬਤੇ ਤੋਂ ਪਹਿਲਾਂ-ਪਹਿਲਾਂ ਵਿਕਾਸ ਕਾਰਜ ਸ਼ੁਰੂ ਕਰਵਾਏ ਜਾ ਸਕਣ।
ਸ਼੍ਰੀਮਤੀ ਪਰਨੀਤ ਸ਼ੇਰਗਿੱਲ ਨੇ ਸਮੂਹ ਬਲਾਕ ਵਿਕਾਸ ਤੇ ਪੰਚਾਇਤ ਅਫਸਰਾਂ ਨੂੰ ਹਦਾਇਤ ਕੀਤੀ ਕਿ ਸਰਕਾਰ ਵੱਲੋਂ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਲਈ ਸ਼ੁਰੂ ਕੀਤੀ ਗਈ " ਪਾਣੀ ਬਚਾਓ ਪੈਸੇ ਕਮਾਓ" ਮੁਹਿੰਮ ਅਧੀਨ ਪਿੰਡਾਂ ਵਿੱਚ ਵੱਧ ਤੋਂ ਵੱਧ ਕੈਂਪ ਲਗਾ ਕੇ ਲੋਕਾਂ ਨੂੰ ਇਸ ਮੁਹਿੰਮ ਨਾਲ ਜੋੜਿਆ ਜਾਵੇ ਤਾਂ ਜੋ ਧਰਤੀ ਹੇਠਲੇ ਪਾਣੀ ਦੀ ਸੰਭਾਲ ਕੀਤੀ ਜਾ ਸਕੇ। ਉਨ੍ਹਾਂ ਸਮੂਹ ਬੀ.ਡੀ.ਪੀ.ਓਜ਼ ਨੂੰ ਇਹ ਹਦਾਇਤ ਵੀ ਕੀਤੀ ਕਿ ਵਿਕਾਸ ਕਾਰਜਾਂ ਲਈ ਜਾਰੀ ਹੋਈਆਂ ਗ੍ਰਾਂਟਾਂ ਦੇ ਵਰਤੋਂ ਸਰਟੀਫਿਕੇਟ ਤੈਅ ਸਮੇਂ ਅੰਦਰ ਜਮ੍ਹਾਂ ਕਰਵਾਉਣ ਨੂੰ ਯਕੀਨੀ ਬਣਾਇਆ ਜਾਵੇ ਤਾਂ ਜੋ ਵਿਕਾਸ ਕਾਰਜਾਂ ਲਈ ਗ੍ਰਾਂਟਾਂ ਜਾਰੀ ਕਰਨ ਵਿੱਚ ਕਿਸੇ ਕਿਸਮ ਦੀ ਪ੍ਰੇਸ਼ਾਨੀ ਨਾ ਝੱਲਣੀ ਪਵੇ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਸ਼੍ਰੀਮਤੀ ਈਸ਼ਾ ਸਿੰਗਲ, ਐਸ.ਪੀ. (ਡੀ) ਸ਼੍ਰੀ ਰਾਕੇਸ਼ ਯਾਦਵ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ਼੍ਰੀ ਸੁਰਿੰਦਰ ਸਿੰਘ ਧਾਲੀਵਾਲ, ਮੁੱਖ ਮੰਤਰੀ ਦੇ ਫੀਲਡ ਅਫਸਰ ਸ਼੍ਰੀ ਅਭਿਸ਼ੇਕ ਸ਼ਰਮਾ, ਸਹਾਇਕ ਕਮਿਸ਼ਨਰ ਸ਼੍ਰੀਮਤੀ ਮਨਦੀਪ ਕੌਰ, ਡੀ.ਡੀ.ਪੀ.ਓ. ਹਿਤੇਨ ਕਪਿਲਾ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜਰ ਸਨ।