ਮਾਲੇਰਕੋਟਲਾ : ਦੇਸ਼ ਦੇ 75ਵੇਂ ਗਣਤੰਤਰ ਦਿਵਸ ਦੇ ਮੌਕੇ ‘ਤੇ 26 ਜਨਵਰੀ ਨੂੰ ਹੋਣ ਵਾਲੇ ਜ਼ਿਲ੍ਹਾ ਪੱਧਰੀ ਸਮਾਗਮ ਦੀ ਫੁੱਲ ਡਰੈੱਸ ਰਿਹਰਸਲ ਸਥਾਨਕ ਡਾ ਜ਼ਾਕਿਰ ਹੁਸੈਨ ਖੇਡ ਸਟੇਡੀਅਮ ਵਿਖੇ ਹੋਈ , ਜਿਸ ਦੌਰਾਨ ਡਿਪਟੀ ਕਮਿਸ਼ਨਰ ਡਾ.ਪੱਲਵੀ ਨੇ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ । ਇਸ ਮੌਕੇ ਡਿਪਟੀ ਕਮਿਸ਼ਨਰ ਅਤੇ ਐਸ.ਐਸ.ਪੀ. ਹਰਕਮਲਪ੍ਰੀਤ ਸਿੰਘ ਨੇ ਪਰੇਡ ਦਾ ਨਰੀਖਣ ਕੀਤਾ। ਉਨ੍ਹਾਂ ਦੇ ਨਾਲ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਸੁਰਿੰਦਰ ਸਿੰਘ ਵੀ ਹਾਜ਼ਰ ਸਨ। ਮਾਰਚ ਪਾਸਟ ਦੀ ਅਗਵਾਈ ਡੀ.ਐਸ.ਪੀ. ਅਮਰਗੜ੍ਹ ਸ੍ਰੀ ਜਤਿਨ ਬਾਂਸਲ ਵੱਲੋਂ ਕੀਤੀ ਗਈ । ਜਿਸ ਵਿੱਚ ਪੰਜਾਬ ਪੁਲਿਸ ਪੁਰਸ਼ ,ਮਹਿਲਾ,ਹੋਮਗਾਰਡ,ਐਨ.ਸੀ.ਸੀ. ਤੋਂ ਇਲਾਵਾ ਪੰਜਾਬ ਪੁਲਿਸ ਤੇ ਸਕੂਲੀ ਵਿਦਿਆਰਥੀਆਂ ਦੇ ਬੈਂਡ ਨੇ ਭਾਗ ਲਿਆ। ਸਕੂਲੀ ਵਿਦਿਆਰਥੀਆਂ ਵੱਲੋਂ ਰਾਸ਼ਟਰੀ ਗਾਣ ਪੇਸ਼ ਕੀਤਾ ਗਿਆ। ਵੱਖ ਵੱਖ ਵਿਭਾਗਾਂ ਵੱਲੋਂ ਪੰਜਾਬ ਸਰਕਾਰ ਦੀਆਂ ਭਲਾਈ ਸਕੀਮਾਂ ਨੂੰ ਦਰਸਾਉਂਦੀਆਂ ਝਾਕੀਆਂ ਵੀ ਕੱਢੀਆਂ ਗਈਆਂ । ਇਸ ਤੋਂ ਬਾਅਦ ਵੱਖ-ਵੱਖ ਸਕੂਲੀ ਵਿਦਿਆਰਥੀਆਂ ਵੱਲੋਂ ਦੇਸ਼ ਭਗਤੀ ਦੇ ਰੰਗ ਵਿੱਚ ਰੰਗਿਆ ਸਭਿਆਚਾਰਕ ਪ੍ਰੋਗਰਾਮ ਅਤੇ ਪੰਜਾਬ ਦਾ ਲੋਕ ਨਾਚ ਗਿੱਧਾ ਤੇ ਭੰਗੜਾ ਪੇਸ਼ ਕੀਤਾ ਗਿਆ। ਇਸ ਉਪਰੰਤ ਡਿਪਟੀ ਕਮਿਸ਼ਨਰ ਅਤੇ ਐਸ.ਐਸ.ਪੀ ਨੇ ਸਾਂਝੇ ਤੌਰ ਤੇ ਗਣਤੰਤਰ ਦਿਵਸ ਦੇ ਮੌਕੇ ਆਯੋਜਿਤ ਹੋਣ ਵਾਲੇ ਜ਼ਿਲ੍ਹਾ ਪੱਧਰੀ ਸਮਾਗਮ ਸਬੰਧੀ ਅਧਿਕਾਰੀਆਂ ਨਾਲ ਮੀਟਿੰਗ ਕੀਤੀ । ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਮਾਲੇਰਕੋਟਲਾ ਵਿਖੇ ਹੋਣ ਵਾਲੇ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਕੈਬਨਿਟ ਮੰਤਰੀ ,ਪੰਜਾਬ ਸ੍ਰ.ਕੁਲਦੀਪ ਸਿੰਘ ਧਾਲੀਵਾਲ ਐਨ.ਆਰ.ਆਈ.ਅਫੇ਼ਰਜ਼ ਅਤੇ ਪ੍ਰਬੰਧਕੀ ਸੁਧਾਰ ਮੰਤਰੀ ਪੰਜਾਬ ਕੌਮੀ ਝੰਡਾ ਫਹਿਰਾਉਣ ਦੀ ਰਸਮ ਅਦਾ ਕਰਨਗੇ ਅਤੇ ਸਲਾਮੀ ਲੈਣਗੇ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਇਸ ਰਾਸ਼ਟਰੀ ਸਮਾਗਮ ਦੌਰਾਨ ਆਪਣੀ ਡਿਊਟੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣ ।ਉਨ੍ਹਾਂ ਦੱਸਿਆ ਕਿ ਆਜ਼ਾਦੀ ਘੁਲਾਟੀਏ ਤੇ ਉਨ੍ਹਾਂ ਦੇ ਪਰਿਵਾਰਕ ਮੈਂਬਰ ਤੇ ਸ਼ਹੀਦ ਸੈਨਿਕਾਂ ਦੇ ਪਰਿਵਾਰਕ ਮੈਂਬਰ ਵੀ ਸਮਾਗਮ ਵਿੱਚ ਖ਼ਾਸ ਤੌਰ ’ਤੇ ਸ਼ਾਮਲ ਹੋਣਗੇ। ਉਨ੍ਹਾਂ ਦੱਸਿਆ ਕਿ ਸਮਾਰੋਹ ਦੌਰਾਨ ਵੱਖ-ਵੱਖ ਵਿਭਾਗਾਂ ਦੀ ਲੋਕ ਭਲਾਈ ਸਕੀਮਾਂ ਅਤੇ ਸਰਕਾਰ ਦੇ ਫਲੈਗਸ਼ਿਪ ਪ੍ਰੋਗਰਾਮਾਂ ’ਤੇ ਆਧਾਰਿਤ ਝਾਕੀਆਂ ਖਿੱਚ ਦਾ ਕੇਂਦਰ ਬਣਨਗੀਆਂ ਅਤੇ ਸਕੂਲੀ ਵਿਦਿਆਰਥੀਆਂ ਵੱਲੋਂ ਭੰਗੜਾ,ਗਿੱਧਾ ਤੇ ਹੋਰ ਦੇਸ਼ ਭਗਤੀ ਅਧਾਰਿਤ ਸਭਿਆਚਾਰਕ ਪ੍ਰੋਗਰਾਮ ਪੇਸ਼ ਕੀਤੇ ਜਾਣਗੇ ।ਐਸ. ਐਸ. ਪੀ ਸ੍ਰੀ ਹਰਕਮਲਪ੍ਰੀਤ ਸਿੰਘ ਖੱਖ ਨੇ ਕਿਹਾ ਕਿ ਫ਼ਿਰਕੂ ਸਦਭਾਵਨਾ ਅਤੇ ਜਨਤਕ ਵਿਵਸਥਾ ਨੂੰ ਬਰਕਰਾਰ ਰੱਖਣ ਲਈ ਪੁਲਿਸ ਪ੍ਰਸ਼ਾਸਨ ਤਤਪਰ ਹੈ। ਫ਼ਿਰਕੂ ਸਦਭਾਵਨਾ ਜਾਂ ਅਮਨ-ਕਾਨੂੰਨ ਨੂੰ ਭੰਗ ਕਰਨ ਦੀ ਕਿਸੇ ਵੀ ਕੋਸ਼ਿਸ਼ਾਂ ਨਾਲ ਸਖ਼ਤੀ ਨਾਲ ਨਿਪਟਿਆ ਜਾਵੇਗਾ। ਉਨ੍ਹਾਂ ਲੋਕਾਂ ਨੂੰ ਸ਼ੱਕੀ ਗਤੀਵਿਧੀਆਂ ਬਾਰੇ ਤੁਰੰਤ ਪੁਲਿਸ ਕੰਟਰੋਲ ਰੂਮ ਨੂੰ ਸੂਚਿਤ ਕਰਨ ਅਤੇ ਸੋਸ਼ਲ ਮੀਡੀਆ ਤੇ ਅਫ਼ਵਾਹਾਂ ਫੈਲਾਉਣ ਤੋਂ ਗੁਰੇਜ਼ ਕਰਨ ਦੀ ਸਲਾਹ ਦਿੱਤੀ। ਉਨ੍ਹਾਂ ਹੋਰ ਕਿਹਾ ਕਿ ਮਲੇਰਕੋਟਲਾ ਸਾਈਬਰ ਸੈੱਲ ਸੋਸ਼ਲ ਮੀਡੀਆ ਦੀਆਂ ਗਤੀਵਿਧੀਆਂ ਤੇ ਬਾਜ ਦੀ ਨਿੱਘਾ ਰੱਖ ਰਿਹਾ ਹੈ। ਨਾਗਰਿਕਾਂ ਨੂੰ ਸਲਾਹ ਦਿੱਤੀ ਜਾਂਦੀ ਹੈ ਕਿ ਉਹ ਅਜਿਹੀਆਂ ਪੋਸਟਾਂ ਨੂੰ ਸਾਂਝਾ ਨਾ ਕਰਨ ਜੋ ਫ਼ਿਰਕੂ ਪ੍ਰਸਤੀ ਦਾ ਕਾਰਨ ਬਣ ਸਕਦੀਆਂ ਹਨ। ਡਿਪਟੀ ਕਮਿਸ਼ਨਰ ਅਤੇ ਐਸ.ਐਸ.ਪੀ ਨੇ ਜ਼ਿਲ੍ਹੇ ਦੀ ਅਵਾਮ ਨੂੰ ਅਪੀਲ ਕੀਤੀ ਕਿ ਉਹ ਇਸ ਸਮਾਗਮ ਵਿੱਚ ਆਪਣੇ ਪਰਿਵਾਰਾਂ ਸਮੇਤ ਸ਼ਾਮਲ ਹੋਣ ਤਾਂ ਜੋ ਸ਼ਹੀਦਾਂ ਦੀਆਂ ਮਹਾਨ ਕੁਰਬਾਨੀਆਂ ਨੂੰ ਸਜਦਾ ਕੀਤਾ ਜਾ ਸਕੇ ।