ਕੋਲਕਾਤਾ : ਪੱਛਮੀ ਬੰਗਾਲ ਦੀ ਮੁੱਖ ਮੰਤਰੀ ਅਤੇ ਤ੍ਰਿਣਮੂਲ ਕਾਂਗਰਸ ਦੀ ਮੁੱਖੀ ਮਮਤਾ ਬੈਨਰਜੀ ਨੇ ਬੁੱਧਵਾਰ ਨੂੰ ਐਲਾਨ ਕੀਤਾ ਕਿ ਉਨ੍ਹਾਂ ਦੀ ਪਾਰਟੀ ਨੇ ਸੂਬੇ ’ਚ ਆਗਾਮੀ ਲੋਕ ਸਭਾ ਚੋਣਾਂ ਇੱਕਲੇ ਲੜਨ ਦਾ ਫ਼ੈਸਲਾ ਕੀਤਾ ਹੈ। ਮਮਤਾ ਬੈਨਰਜੀ ਨੇ ਕਿਹਾ, ‘‘ਮੈਂ ਉਨ੍ਹਾਂ ਕਾਂਗਰਸ ਨੂੰ ਸੀਟਾਂ ਦੀ ਵੰਡ ਦਾ ਪ੍ਰਸਤਾਵ ਦਿੱਤਾ ਸੀ ਪਰ ਉਨ੍ਹਾਂ ਨੇ ਸ਼ੁਰੂ ’ਚ ਹੀ ਇਸਨੂੰ ਰੱਦ ਕਰ ਦਿੱਤਾ। ਸਾਡੀ ਪਾਰਟੀ ਨੇ ਹੁਣ ਬੰਗਾਲ ਵਿੱਚ ਇਕੱਲੇ ਚੋਣ ਲੜਨ ਦਾ ਫ਼ੈਸਲਾ ਕੀਤਾ ਹੈ।’’ ਮੁੱਖ ਮੰਤਰੀ ਨੇ ਸੀਟਾਂ ਦੀ ਵੰਡ ਬਾਰੇ ਮੀਡੀਆ ਰੀਪੋਟਰਾਂ ਦਾ ਵੀ ਖੰਡਨ ਕੀਤਾ ਅਤੇ ਕਿਹਾ ਕਿ ਉਨ੍ਹਾਂ ਨੇ ਇਸ ਮੁੱਦੇ ’ਤੇ ਕਾਂਗਰਸ ਦੇ ਕਿਸੇ ਵੀ ਮੈਂਬਰ ਨਾਲ ਗੱਲ ਨਹੀਂ ਕੀਤੀ। ਉਨ੍ਹਾਂ ਕਿਹਾ, ‘‘ਹੁਣ ਅਸੀਂ ਫ਼ੈਸਲਾ ਕੀਤਾ ਹੈ ਕਿ ਬੰਗਾਲ ’ਚ ਕਾਂਗਰਸ ਨਾਲ ਕੋਈ ਸਬੰਧ ਨਹੀਂ ਹੈ।’’ ਸੂਤਰਾ ਮੁਤਾਬਕ ਮਮਤਾ ਦੀ ਪਾਰਟੀ ਨੇ 2019 ਦੀਆਂ ਲੋਕ ਸਭਾ ਚੋਣਾਂ ’ਚ ਕਾਂਗਰਸ ਨੂੰ ਪ੍ਰਦਰਸ਼ਨ ਨੂੰ ਦੇਖਦੇ ਹੋਏ ਉਸਨੂੰ ਦੋ ਸੀਟਾਂ ਦੀ ਪੇਸ਼ਕਸ਼ ਕੀਤੀ ਹੈ। ਜਿਸ ਨੂੰ ਲੈ ਕੇ ਦੋਹਾਂ ਪਾਰਟੀਆਂ ’ਚ ਖਿੱਚੋਤਾਣ ਵੱਧ ਗਿਆ ਹੈ। ਪੱਛਮੀ ਬੰਗਾਲ ਦੀਆਂ ਦੋ ਪ੍ਰਮੁੱਖ ਪਾਰਟੀਆਂ ਤ੍ਰਿਣਮੂਲ ਕਾਂਗਰਸ, ਮਾਰਕਸਵਾਦੀ ਕਮਿਊਨਿਸਟ ਪਾਰਟੀ ਸੀ.ਪੀ.ਆਈ.ਐਮ 28 ਵਿਰੋਧੀ ਪਾਰਟੀਆਂ ਦੇ ‘ਇੰਡੀਆ ਗੱਠਜੋੜ ਦਾ ਹਿੱਸਾ ਹੈ। ਬੈਨਰਜੀ ਨੇ ਇਹ ਵੀ ਕਿਹਾ ਕਿ ਪਾਰਟੀ ਦਾ ਸੂਬੇ ’ਚ ਕਾਂਗਰਸ ਨਾਲ ਕੋਈ ਸਬੰਧ ਨਹੀਂ ਹੋਵੇਗਾ। ਉਨ੍ਹਾਂ ਦੀ ਇਹ ਟਿੱਪਣੀ ਕਾਂਗਰਸ ਨੇਤਾ ਰਾਹੁਲ ਗਾਂਧੀ ਦੀ ਅਗਵਾਈ ਵਾਲੀ ‘ਭਾਰਤ ਜੋੜੋ ਨਿਆਂ ਯਾਤਰਾ’ ਦੇ ਪੱਛਮੀ ਬੰਗਾਲ ’ਚ ਦਾਖਲ ਹੋਣ ਤੋਂ ਇੱਕ ਦਿਨ ਪਹਿਲਾਂ ਆਈ ਹੈ। ਉਨ੍ਹਾਂ ਕਿਹਾ, ‘‘‘ਕਾਂਗਰਸ ਨੂੰ ਆਪਣੇ ਦੱਮ ’ਤੇ 300 ਸੀਟਾਂ ’ਤੇ ਚੋਣ ਲੜਨ ਦਿਓ। ਖੇਤਰੀ ਪਾਰਟੀਆਂ ਇੱਕਜੁੱਟ ਹਨ ਅਤੇ ਬਾਕੀ ਸੀਟਾਂ ’ਤੇ ਚੋਣ ਲੜ ਸਕਦੀਆਂ ਹਨ । ਹਾਲਾਂਕਿ ਅਸੀਂ ਉਨ੍ਹਾਂ ਕਾਂਗਰਸ ਦੀ ਕਿਸੇ ਵੀ ਦਖ਼ਲਅੰਦਾਜ਼ੀ ਨੂੰ ਬਰਦਾਸ਼ਤ ਨਹੀਂ ਕਰਾਂਗੇ।’’ ਤ੍ਰਿਣਮੂਲ ਕਾਂਗਰਸ ਸੁਪਰੀਮੋ ਨੇ ਪਿੱਛੇ ਜਿਹੇ ਕੋਲਕਾਤਾ ’ਚ ਇੱਕ ਰੈਲੀ ’ਚ ਅਜਿਹੀ ਹੀ ਟਿੱਪਣੀ ਕੀਤੀ ਸੀ ਜਿੱਥੇ ਉਸਨੇ ਕੁੱਝ ਖੇਤਰਾ ’ਚ ਭਾਰਤੀ ਜਨਤਾ ਪਾਰਟੀ (ਭਾਜਪਾ) ਵਿਰੁਧ ਲੜਾਈ ਦੀ ਅਗਵਾਈ ਕਰਨ ਲਈ ਸੂਬਾਈ ਆਗੂਆ ਦੇ ਵਿਚਾਰ ਦਾ ਸਮਰਥਨ ਕੀਤਾ ਸੀ ਅਤੇ ਸੁਝਾਅ ਦਿੱਤਾ ਸੀ ਕਿ ਕਾਂਗਰਸ ਆਪਣੇ ਦੱਮ ’ਤੇ 300 ਲੋਕ ਸਭਾ ਸੀਟਾਂ ’ਤੇ ਚੋਣ ਲੜੇਗੀ । ਵਿਰੋਧੀ ਗੱਠਜੋੜ ਪ੍ਰਤੀ ਅਟੁੱਟ ਵਚਨਬੱਧਤਾ ਜ਼ਾਹਰ ਕਰਦਿਆਂ ਮਮਤਾ ਬੈਨਰਜੀ ਨੇ ਕਿਹਾ, ‘‘ਕੌਮੀ ਪਧੱਰ ’ਤੇ ਅਸੀਂ ਚੋਣਾਂ ਤੋਂ ਬਾਅਦ ‘ਇੰਡੀਆ’ ਗੱਠਜੋੜ ਦੇ ਹਿੱਸੇ ਵੱਜੋਂ ਅਪਣੀ ਰਣਨੀਤੀ ਤੈਅ ਕਰਾਂਗੇ। ਅਸੀਂ ਭਾਜਪਾ ਨੂੰ ਹਰਾਉਣ ਲਈ ਜੋ ਵੀ ਕਰ ਸਕਦੇ ਹਾਂ ਕਰਾਂਗੇ।’’