ਮੋਹਾਲੀ : ਪੰਜਾਬ ਦੇ ਲੋਕਾਂ ਦੀ ਇੱਛਾ ਅਨੁਸਾਰ ਸੇਵਾ ਕਰਨ ਦੀ ਭਗਵੰਤ ਸਿੰਘ ਮਾਨ ਸਰਕਾਰ ਦੀ ਵਚਨਬੱਧਤਾ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਅੱਜ ਹਲਕਾ ਡੇਰਾਬੱਸੀ ਦੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵੱਲੋਂ ਸ਼ਰਧਾਲੂਆਂ ਦਾ 12ਵਾਂ ਜੱਥਾ ਸ੍ਰੀ ਆਨੰਦਪੁਰ ਸਾਹਿਬ ਲਈ ਰਵਾਨਾ ਕੀਤਾ ਗਿਆ। ਅੱਜ ਜ਼ੀਰਕਪੁਰ ਦੇ ਗੁਰਦੁਆਰਾ ਸ੍ਰੀ ਨਾਭਾ ਸਾਹਿਬ ਤੋਂ ਸ੍ਰੀ ਅਨੰਦਪੁਰ ਸਾਹਿਬ, ਮਾਤਾ ਚਿੰਤਪੁਰਨੀ, ਮਾਤਾ ਜਵਾਲਾ ਜੀ ਅਤੇ ਮਾਤਾ ਨੈਣਾ ਦੇਵੀ ਲਈ ਬੱਸ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕਰਦਿਆਂ ਵਿਧਾਇਕ ਰੰਧਾਵਾ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਆਪਣੇ ਵਚਨਾਂ ਦੇ ਪੱਕੇ ਵਿਅਕਤੀ ਵਜੋਂ ਜਾਣੇ ਜਾਂਦੇ ਹਨ।
ਰਾਜ ਅਤੇ ਇਸ ਦੇ ਵਸਨੀਕਾਂ ਪ੍ਰਤੀ ਉਨ੍ਹਾਂ ਦੇ ਸਮਰਪਣ ਅਤੇ ਵਚਨਬੱਧਤਾ ਦੇ ਅਨੁਸਾਰ, ਸਿਹਤ ਅਤੇ ਸਿੱਖਿਆ ਦੇ ਬੁਨਿਆਦੀ ਢਾਂਚੇ ਵਿੱਚ ਸੁਧਾਰ, 600 ਯੂਨਿਟ ਤੱਕ ਮੁਫਤ ਘਰੇਲੂ ਬਿਜਲੀ ਅਤੇ ਲਗਭਗ 41000 ਨੌਜਵਾਨਾਂ ਨੂੰ ਯੋਗਤਾ ਅਤੇ ਕਾਬਲੀਅਤ ਦੇ ਆਧਾਰ 'ਤੇ ਨੌਕਰੀਆਂ ਮਹਿਜ਼ 24 ਮਹੀਨਿਆਂ ਦੇ ਕਾਰਜਕਾਲ ਵਿੱਚ ਪੂਰੇ ਕੀਤੇ ਗਏ ਵਾਅਦੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਉਨ੍ਹਾਂ ਦੇ ਧਾਰਮਿਕ ਅਕੀਦਤ ਵਾਲੇ ਧਾਰਮਿਕ ਸਥਾਨਾਂ ਦੀ ਮੁਫ਼ਤ ਯਾਤਰਾ ਕਰਨ ਦਾ ਉਦੇਸ਼ ਉਨ੍ਹਾਂ ਦੀਆਂ ਧਾਰਮਿਕ ਭਾਵਨਾਵਾਂ ਦਾ ਸਤਿਕਾਰ ਕਰਨਾ ਹੈ, ਚਾਹੇ ਉਨ੍ਹਾਂ ਦਾ ਕੋਈ ਵੀ ਧਰਮ ਹੋਵੇ।
ਵਿਧਾਇਕ ਰੰਧਾਵਾ ਨੇ ਕਿਹਾ ਕਿ ਸਾਰੇ ਸ਼ਰਧਾਲੂਆਂ ਨੂੰ ਠਹਿਰਣ ਅਤੇ ਖਾਣ-ਪੀਣ ਦੀ ਸਹੂਲਤ ਵੀ ਮੁਫ਼ਤ ਦਿੱਤੀ ਜਾ ਰਹੀ ਹੈ। ਬੱਸ ਵਿੱਚ ਸਵਾਰ ਸ਼ਰਧਾਲੂਆਂ ਨੂੰ ਸ਼ੁੱਭ ਕਾਮਨਾਵਾਂ ਦਿੰਦੇ ਹੋਏ, ਉਨ੍ਹਾਂ ਨੇ ਲੋੜੀਂਦੇ ਟਾਇਲਟਰੀਜ਼ ਦੇ ਨਾਲ-ਨਾਲ ਕੰਬਲ, ਬੈੱਡਸ਼ੀਟਾਂ ਅਤੇ ਸਿਰਹਾਣੇ ਦੀਆਂ ਕਿੱਟਾਂ ਵੀ ਦਿੱਤੀਆਂ। ਉਨ੍ਹਾਂ ਦੱਸਿਆ ਕਿ ਅੱਜ ਰਵਾਨਾ ਕੀਤੀ ਗਈ ਬੱਸ ਜ਼ਿਲ੍ਹੇ ਵਿੱਚੋਂ ਬਾਰ੍ਹਵੀਂ ਅਤੇ ਡੇਰਾਬੱਸੀ ਹਲਕੇ ਤੋਂ ਪੰਜਵੀਂ ਬੱਸ ਹੈ। ਉਨ੍ਹਾਂ ਕਿਹਾ ਕਿ ਸ਼ਰਧਾਲੂਆਂ ਦੀ ਇੱਛਾ ਅਨੁਸਾਰ ਉਨ੍ਹਾਂ ਨੂੰ ਧਾਰਮਿਕ ਸਥਾਨਾਂ ਤੱਕ ਪਹੁੰਚਾਉਣ ਲਈ ਹੋਰ ਬੱਸਾਂ ਦਾ ਪ੍ਰਬੰਧ ਵੀ ਕੀਤਾ ਜਾਵੇਗਾ।