ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਨਸ਼ਿਆਂ ਵਿਰੁੱਧ ਵਿੱਢੀ ਜੰਗ ਦੌਰਾਨ ਵੱਡੀ ਕਾਮਯਾਬੀ ਹਾਸਲ ਕਰਦਿਆਂ ਪੰਜਾਬ ਪੁਲਿਸ ਨੇ ਨਸ਼ੇ ਦੇ ਧੰਦੇ 'ਚ ਵੱਡੀ ਮੱਛੀ ਮੰਨੇ ਜਾਂਦੇ ਦੋ ਭਗੌੜੇ ਭਰਾਵਾਂ ਤੇ ਉਨ੍ਹਾਂ ਦੇ ਤਿੰਨ ਸਾਥੀਆਂ ਨੂੰ 3 ਕਿਲੋ ਹੈਰੋਇਨ ਅਤੇ 5.25 ਲੱਖ ਰੁਪਏ ਡਰੱਗ ਮਨੀ ਸਮੇਤ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਦੇ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਫੜੇ ਗਏ ਮੁੱਖ ਅਪਰਾਧੀਆਂ ਦੀ ਪਛਾਣ ਮਨਜੀਤ ਸਿੰਘ ਉਰਫ ਮੰਨਾ ਅਤੇ ਲਵਜੀਤ ਸਿੰਘ ਉਰਫ ਲਵ ਉਰਫ ਲਾਭ ਦੋਵੇਂ ਵਾਸੀ ਗੁਰੂ ਕੀ ਵਡਾਲੀ ਛੇਹਰਟਾ, ਅੰਮ੍ਰਿਤਸਰ ਵਜੋਂ ਹੋਈ ਹੈ, ਜਦਕਿ ਇਨ੍ਹਾਂ ਦੇ ਤਿੰਨ ਸਾਥੀਆਂ ਦੀ ਪਛਾਣ ਕੰਸ ਕੌਰ ਵਾਸੀ ਛੇਹਰਟਾ, ਅੰਮ੍ਰਿਤਸਰ, ਹਰਮਨਜੀਤ ਸਿੰਘ ਉਰਫ ਹਰਮਨ ਅਤੇ ਮਨਪ੍ਰੀਤ ਸਿੰਘ ਉਰਫ ਮੰਨਾ ਦੋਵੇਂ ਵਾਸੀ ਪਿੰਡ ਧੁੰਨ ਢਾਹੇਵਾਲ, ਤਰਨਤਾਰਨ ਵਜੋਂ ਹੋਈ ਹੈ। ਹੈਰੋਇਨ ਅਤੇ ਨਸ਼ੀਲੇ ਪਦਾਰਥਾਂ ਦੀ ਬਰਾਮਦਗੀ ਤੋਂ ਇਲਾਵਾ ਪੁਲਿਸ ਟੀਮਾਂ ਨੇ ਉਨ੍ਹਾਂ ਦੀਆਂ ਤਿੰਨ ਕਾਰਾਂ ਟੋਇਟਾ ਫਾਰਚੂਨਰ, ਹੁੰਡਈ ਆਈ 20 ਅਤੇ ਰੇਨੋ ਪਲਸ ਅਤੇ ਇਕ ਸਪਲੈਂਡਰ ਮੋਟਰਸਾਈਕਲ ਨੂੰ ਜ਼ਬਤ ਕਰਨ ਤੋਂ ਇਲਾਵਾ ਉਨ੍ਹਾਂ ਦੇ ਕਬਜ਼ੇ ਵਿਚੋਂ ਤੋਲਣ ਵਾਲਾ ਇਲੈਕਟ੍ਰਾਨਿਕ ਕੰਡਾ ਵੀ ਜ਼ਬਤ ਕੀਤਾ ਹੈ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਲਵਜੀਤ ਉਰਫ ਲਵ ਅਤੇ ਮਨਜੀਤ ਉਰਫ ਮੰਨਾ ਦੋਵੇਂ 2015 ਤੋਂ ਭਗੌੜੇ ਹਨ, ਜਿਨ੍ਹਾਂ ਖਿਲਾਫ ਐਨਡੀਪੀਐਸ ਐਕਟ ਤਹਿਤ ਦਰਜਨਾਂ ਕੇਸ ਦਰਜ ਹਨ। ਉਹਨਾਂ ਅੱਗੇ ਦੱਸਿਆ ਕਿ ਦੋਵੇਂ ਦੋਸ਼ੀ ਭਰਾ ਡਾਇਰੈਕਟੋਰੇਟ ਆਫ ਰੈਵੇਨਿਊ ਇੰਟੈਲੀਜੈਂਸ (ਡੀਆਰਆਈ) ਮੁੰਬਈ ਨੂੰ 260-ਕਿਲੋਗ੍ਰਾਮ ਹੈਰੋਇਨ ਅਤੇ ਦਿੱਲੀ ਸਪੈਸ਼ਲ ਸੈੱਲ ਨੂੰ 356-ਕਿਲੋਗ੍ਰਾਮ ਹੈਰੋਇਨ ਦੇ ਮਾਮਲੇ ਵਿੱਚ ਲੋੜੀਂਦੇ ਹਨ।
ਡੀਜੀਪੀ ਨੇ ਦੱਸਿਆ ਕਿ ਦੋਵੇਂ ਮੁਲਜ਼ਮਾਂ ਨੇ ਲਖਨਊ ਤੋਂ ਲਖੀਮਪੁਰ ਖੇੜੀ, ਉੱਤਰ ਪ੍ਰਦੇਸ਼ ਦੇ ਪਤੇ ‘ਤੇ ਜਾਅਲੀ ਪਾਸਪੋਰਟ ਵੀ ਤਿਆਰ ਕਰਵਾਏ ਸਨ ਅਤ ਦੋਵੇਂ ਦੇਸ਼ ਛੱਡ ਕੇ ਭੱਜਣ ਦੀ ਯੋਜਨਾ ਬਣਾ ਰਹੇ ਸਨ। ਉਨ੍ਹਾਂ ਕਿਹਾ ਕਿ ਮੁੱਢਲੀ ਜਾਂਚ ਤੋਂ ਇਹ ਵੀ ਸਾਹਮਣੇ ਆਇਆ ਹੈ ਕਿ ਦੋਵੇਂ ਮੁਲਜ਼ਮ ਭਰਾ ਹਵਾਲਾ ਨੈੱਟਵਰਕ ਵਿੱਚ ਵੀ ਸ਼ਾਮਲ ਸਨ, ਜਿਸ ਨੂੰ ਨਸ਼ਟ ਕਰ ਦਿੱਤਾ ਗਿਆ ਹੈ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦੇ ਹੋਏ ਪੁਲਿਸ ਕਮਿਸ਼ਨਰ (ਸੀ.ਪੀ.) ਅੰਮ੍ਰਿਤਸਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਭਰੋਸੇਮੰਦ ਸੂਚਨਾ ਮਿਲੀ ਸੀ ਕਿ ਹਰਮਨਜੀਤ ਉਰਫ਼ ਹਰਮਨ ਵੱਲੋਂ ਲਵਜੀਤ ਉਰਫ਼ ਲਵ ਅਤੇ ਮਨਜੀਤ ਉਰਫ਼ ਮੰਨਾ ਤੋਂ ਹੈਰੋਇਨ ਦੀ ਪ੍ਰਾਪਤ ਕੀਤੀ ਖੇਪ ਲੈ ਕੇ ਹੈਰੋਇਨ ਦੀ ਸਪਲਾਈ ਕਰਨ ਜਾ ਰਿਹਾ ਸੀ, ਇਸ 'ਤੇ ਕਾਰਵਾਈ ਕਰਦਿਆਂ ਇੰਸਪੈਕਟਰ ਅਮੋਲਕਦੀਪ ਸਿੰਘ ਦੀ ਅਗਵਾਈ ਹੇਠ ਸੀ.ਆਈ.ਏ ਸਟਾਫ਼ ਦੀ ਪੁਲਿਸ ਟੀਮ ਨੇ ਛੇਹਰਟਾ ਇਲਾਕੇ ਤੋਂ ਮੁਲਜ਼ਮ ਹਰਮਨ ਨੂੰ 2 ਕਿਲੋ ਹੈਰੋਇਨ, 1.25 ਲੱਖ ਰੁਪਏ ਡਰੱਗ ਮਨੀ ਅਤੇ ਹੁੰਡਈ ਆਈ-20 ਕਾਰ, ਜਿਸ ਵਿੱਚ ਉਹ ਸਫ਼ਰ ਕਰ ਰਿਹਾ ਸੀ, ਬਰਾਮਦ ਕਰਕੇ ਗ੍ਰਿਫ਼ਤਾਰ ਕਰ ਲਿਆ। ਉਨ੍ਹਾਂ ਦੱਸਿਆ ਕਿ ਅਗਲੇਰੀ ਕਾਰਵਾਈ ਕਰਦਿਆਂ ਪੁਲਿਸ ਟੀਮਾਂ ਨੇ ਦੋਵਾਂ ਮੁਲਜ਼ਮ ਭਰਾਵਾਂ ਅਤੇ ਉਨ੍ਹਾਂ ਦੇ ਦੋ ਸਾਥੀਆਂ ਮਨਪ੍ਰੀਤ ਅਤੇ ਕੰਸ ਕੌਰ ਨੂੰ ਵੀ ਕਾਬੂ ਕਰਕੇ ਉਨ੍ਹਾਂ ਦੇ ਕਬਜ਼ੇ 'ਚੋਂ 1 ਕਿਲੋ ਹੈਰੋਇਨ, 4 ਲੱਖ ਰੁਪਏ ਡਰੱਗ ਮਨੀ, ਦੋ ਕਾਰਾਂ ਅਤੇ ਇੱਕ ਮੋਟਰਸਾਈਕਲ ਬਰਾਮਦ ਕੀਤਾ ਹੈ।ਪੁਲਿਸ ਕਮਿਸ਼ਨਰ ਨੇ ਕਿਹਾ ਕਿ ਪੁਲਿਸ ਨੇ ਸੰਪਤੀਆਂ ਦੀ ਵੀ ਸ਼ਨਾਖਤ ਕੀਤੀ ਹੈ- ਜਿਸ ਵਿੱਚ ਅੰਮ੍ਰਿਤਸਰ ਵਿੱਚ ਇੱਕ ਘਰ ਅਤੇ ਮੱਧ ਪ੍ਰਦੇਸ਼ ਦੇ ਸ਼ਿਵਪੁਰੀ, ਅੰਮ੍ਰਿਤਸਰ ਵਿੱਚ ਬਾਬਾ ਬਕਾਲਾ ਅਤੇ ਅੰਮ੍ਰਿਤਸਰ ਵਿੱਚ ਰਾਏਪੁਰ ਵਿੱਚ ਜ਼ਮੀਨ/ਪਲਾਟ ਸ਼ਾਮਲ ਹਨ, ਜਿਹਨਾਂ ਦੀ ਖਰੀਦ ਕਥਿਤ ਤੌਰ ‘ਤੇ ਮੁਲਜ਼ਮ ਭਰਾਵਾਂ ਦੁਆਰਾ ਡਰੱਗ ਮਨੀ ਦੀ ਵਰਤੋਂ ਕਰਕੇ ਕੀਤੀ ਗਈ ਸੀ। ਉਨ੍ਹਾਂ ਅੱਗੇ ਕਿਹਾ ਕਿ ਸਮੁੱਚੇ ਡਰੱਗ ਕਾਰਟਲ ਦਾ ਪਤਾ ਲਗਾਉਣ ਅਤੇ ਇਸ ਕਾਰਟੇਲ ਵਿੱਚ ਸ਼ਾਮਲ ਹੋਰ ਲੋਕਾਂ ਦਾ ਪਤਾ ਲਗਾਉਣ ਲਈ ਅਗਲੇਰੀ ਜਾਂਚ ਜਾਰੀ ਹੈ। ਇਸ ਸਬੰਧੀ ਐਨ.ਡੀ.ਪੀ.ਐਸ ਐਕਟ ਦੀਆਂ ਧਾਰਾਵਾਂ 21-ਸੀ, 27-ਏ ਅਤੇ 29 ਤਹਿਤ ਐਫਆਈਆਰ ਨੰ. 15 ਮਿਤੀ 20-1-2024 ਨੂੰ ਥਾਣਾ ਗੇਟ ਹਕੀਮਾ ਅੰਮ੍ਰਿਤਸਰ ਵਿਖੇ ਕੇਸ ਦਰਜ ਕੀਤਾ ਗਿਆ ਹੈ।