ਸੁਨਾਮ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਿੱਚ ਰੱਤੀ ਭਰ ਵੀ ਸਹਿਣਸ਼ੀਲਤਾ ਨਹੀਂ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੀ ਆਲੋਚਨਾ ਕਰਨ ਵਾਲੀਆਂ ਸਾਰੀਆਂ ਵਿਰੋਧੀ ਪਾਰਟੀਆਂ ਦੇ ਆਗੂਆਂ ਅਤੇ ਸਮਾਜ ਸੇਵੀਆਂ ਵਿਰੁੱਧ ਬਦਲੇ ਦੀ ਭਾਵਨਾ ਨਾਲ ਝੂਠੇ ਕੇਸ ਦਰਜ਼ ਕੀਤੇ ਜਾ ਰਹੇ ਹਨ ਜਿਸ ਦਾ ਹਿਸਾਬ ਰਾਜ ਦੀ ਜਨਤਾ ਲੋਕ ਸਭਾ ਚੋਣਾਂ ਵਿੱਚ ਕਰੇਗੀ । ਬੁੱਧਵਾਰ ਨੂੰ ਸੁਨਾਮ ਵਿਖੇ ਪੱਤਰਕਾਰ ਰੁਪਿੰਦਰ ਸਿੰਘ ਸੱਗੂ ਦੀ ਮਾਤਾ ਹਰਬੰਸ ਕੌਰ ਨੂੰ ਸ਼ਰਧਾਂਜਲੀ ਦੇਣ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਬਦਲਾਅ ਦੀ ਆਸ ਵਿੱਚ ਆਮ ਆਦਮੀ ਪਾਰਟੀ ਨੂੰ ਸੱਤਾ ਵਿੱਚ ਲਿਆਂਦਾ ਪਰ ਇਹ ਸਰਕਾਰ ਬਦਲਾ ਲੈਣ ਤੱਕ ਹੀ ਸੀਮਤ ਹੈ। ਪੰਜਾਬ ਆਪਣੇ ਆਪ ਨੂੰ ਠੱਗਿਆ ਮਹਿਸੂਸ ਕਰ ਰਿਹਾ ਹੈ। ਹਰ ਵਰਗ ਸੜਕਾਂ 'ਤੇ ਹੈ, ਮਾਫੀਆ ਰਾਜ ਅਤੇ ਅਪਰਾਧ ਆਪਣੇ ਸਿਖਰ 'ਤੇ ਹੈ। ਮਾਵਾਂ-ਧੀਆਂ ਸੁਰੱਖਿਅਤ ਨਹੀਂ ਹਨ ਅਤੇ ਨਿੱਤ ਦਿਨ ਲੁੱਟ ਦਾ ਸ਼ਿਕਾਰ ਹੋ ਰਹੀਆਂ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਵੱਲੋਂ ਪੰਜਾਬ ਨੂੰ ਸੰਭਾਲਿਆ ਨਹੀਂ ਜਾ ਰਿਹਾ ਅਤੇ ਇਨ੍ਹਾਂ ਮੁੱਦਿਆਂ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਪਹਿਲੀ ਫਰਵਰੀ ਤੋਂ ਪੰਜਾਬ ਬਚਾਓ ਯਾਤਰਾ ਸ਼ੁਰੂ ਕੀਤੀ ਜਾ ਰਹੀ ਹੈ। ਭਾਈ ਲੌਂਗੋਵਾਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਈਡੀ ਸਾਹਮਣੇ ਪੇਸ਼ ਹੋਕੇ ਆਪਣਾ ਪੱਖ ਰੱਖਣਾ ਚਾਹੀਦਾ ਹੈ, ਜੇਕਰ ਉਹ ਸੱਚੇ ਹਨ ਤਾਂ ਡਰਨ ਦੀ ਕੀ ਲੋੜ ਹੈ। ਉਨ੍ਹਾਂ ਕਿਹਾ ਕਿ ਆਪਣੇ ਆਪ ਕੱਟੜ ਇਮਾਨਦਾਰ ਅਤੇ ਦੂਜਿਆਂ ਨੂੰ ਠੱਗ ਚੋਰ ਕਹਿਣ ਵਾਲਿਆਂ ਦਾ ਸੱਚ ਲੋਕਾਂ ਸਾਹਮਣੇ ਆ ਜਾਵੇਗਾ। ਇਸ ਮੌਕੇ ਗੁਰਪ੍ਰੀਤ ਸਿੰਘ ਸੱਗੂ, ਜੱਸੀ ਸੱਗੂ ਆਦਿ ਹਾਜ਼ਰ ਸਨ।