ਚੰਡੀਗੜ੍ਹ : ਇਸ ਸਮੇਂ ਪੰਜਾਬ ਵਿੱਚ ਭਾਨਾ ਸਿੱਧੂ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਮਾਹੌਲ ਗਰਮਾਇਆ ਪਿਆ ਹੈ। ਭਾਨਾ ਸਿੱਧੂ ਦੇ ਹੱਕ ਵਿੱਚ ਪਿੰਡ ਕੋਟਦੂਨਾ ਵਿਖੇ ਲੱਖਾ ਸਿਧਾਣਾ ਵੱਲੋਂ ਵੱਡਾ ਇਕੱਠ ਵੀ ਕੀਤਾ ਗਿਆ ਸੀ। ਇਸ ਤੋਂ ਇਲਾਵਾ ਭਾਨਾ ਸਿੱਧੂ ਦੇ ਸਮਰਥਕਾਂ ਵੱਲੋਂ ਵੱਖ ਵੱਖ ਤਰ੍ਹਾਂ ਨਾਲ ਧਰਨੇ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਇਸ ਸੱਭ ਦੇ ਚਲਦਿਆਂ ਸੰਗਰੂਰ ਤੋਂ ਸੰਸਦ ਮੈਂਬਰ ਸਿਮਰਨਜੀਤ ਸਿੰਘ ਮਾਨ ਨੂੰ ਪੁਲਿਸ ਨੇ ਅੱਜ ਘਰ ਵਿੱਚ ਨਜ਼ਰਬੰਦ ਕਰ ਦਿੱਤਾ ਹੈ।
ਉਨ੍ਹਾਂ ਨੂੰ ਸਾਥੀਆਂ ਸਮੇਤ ਫ਼ਤਿਹਗੜ੍ਹ ਸਾਹਿਬ ਦੇ ਪਿੰਡ ਕਿਲਾ ਹਰਨਾਮ ਸਿੰਘ ਨਗਰ ਵਿੱਚ ਨਜ਼ਰਬੰਦ ਕਰ ਦਿੱਤੇ ਜਾਣ ਦੀ ਖ਼ਬਰ ਸਾਹਮਣੇ ਆਈ ਹੈ। ਜ਼ਿਕਰਯੋਗ ਹੈ ਕਿ ਭਾਨਾ ਸਿੱਧੂ ਦੀ ਗ੍ਰਿਫ਼ਤਾਰੀ ਦੇ ਵਿਰੋਧ ਵਿੱਚ ਸੰਸਦ ਮੈਂਬਰ ਸਿਮਰਨਜੀਤ ਸਿੰਘ ਨੇ ਧੂਰੀ ਵਿੱਚ 1 ਫ਼ਰਵਰੀ ਨੂੰ ਰੇਲ ਰੋਕੋ ਅੰਦੋਲਨ ਵਿੱਢਣ ਦਾ ਐਲਾਨ ਕੀਤਾ ਸੀ।