ਫ਼ਤਹਿਗੜ੍ਹ ਸਾਹਿਬ : ਡਿਪਟੀ ਕਮਿਸ਼ਨਰ ਸ਼੍ਰੀਮਤੀ ਪਰਨੀਤ ਸ਼ੇਰਗਿੱਲ ਦੇ ਆਦੇਸ਼ਾਂ ਅਨੁਸਾਰ ਸਖੀ ਵਨ ਸਟਾਪ ਸੈਂਟਰ ਵੱਲੋਂ ਜ਼ਿਲ੍ਹਾ ਪ੍ਰੋਗਰਾਮ ਅਫਸਰ ਸ਼੍ਰੀ ਗੁਰਮੀਤ ਸਿੰਘ ਦੀ ਅਗਵਾਈ ਹੇਠ ਪਿੰਡ ਮਾਜਰਾ ਮੰਨਾ ਸਿੰਘ ਵਾਲਾ ਅਤੇ ਘੁੰਮਣਾ ਵਿਖੇ ਜਾਗਰੂਕਤਾ ਕੈਂਪ ਲਗਾਏ ਗਏ। ਇਨ੍ਹਾਂ ਕੈਂਪਾਂ ਵਿੱਚ ਵਨ ਸਟਾਪ ਸੈਂਟਰ ਦੀ ਇੰਚਾਰਜ ਰਜਨੀ ਬਾਲਾ ਨੇ ਸਖੀ ਵਨ ਸਟਾਪ ਸੈਂਟਰ ਦਾ ਉਦੇਸ਼ ਅਤੇ ਲਿੰਗ ਅਧਾਰਤ ਹਿੰਸਾ ਤੋਂ ਪੀੜ੍ਹਤ ਔਰਤਾਂ ਨੂੰ ਤੁਰੰਤ ਸਹਾਇਤਾ ਪ੍ਰਦਾਨ ਕਰਨ ਵਿੱਚ ਸਖੀ ਵਨ ਸਟਾਪ ਸੈਂਟਰ ਦੀ ਭੂਮਿਕਾ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਭਾਰਤ ਸਰਕਾਰ ਦੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਕਿਸੇ ਵੀ ਤਰ੍ਹਾਂ ਦੀ ਹਿੰਸਾ ਜਿਵੇਂ ਕਿ ਘਰੇਲੂ ਹਿੰਸਾ, ਤੇਜਾਬੀ ਹਮਲਾ,ਬਲਾਤਕਾਰ, ਗੈਰ-ਮਨੁੱਖੀ ਤਸਕਰੀ, ਦਹੇਜ ਪੀੜ੍ਹਤ ਅਤੇ ਛੇੜਛਾੜ ਤੋਂ ਪੀੜ੍ਹਤ ਔਰਤਾਂ ਨੂੰ ਇੱਕੋ ਛੱਤ ਹੇਠ ਪੁਲਿਸ ਸਹਾਇਤਾ, ਡਾਕਟਰੀ ਸਹਾਇਤਾ, ਮਾਨਸਿਕ ਤੇ ਸਮਾਜਿਕ ਕਾਊਂਸਲਿੰਗ, ਮੁਫਤ ਕਾਨੂੰਨੀ ਸਹਾਇਤਾ/ਕਾਨੂੰਨੀ ਸਲਾਹ ਮਸ਼ਵਰਾ ਅਤੇ ਪੀੜ੍ਹਤ ਮਹਿਲਾ ਨੂੰ ਵੱਧ ਤੋਂ ਵੱਧ ਪੰਜ ਦਿਨਾਂ ਲਈ ਅਸਥਾਈ ਆਸਰਾ ਪ੍ਰਦਾਨ ਕਰਨ ਲਈ ਸੈਂਟਰ ਦੀ ਸਥਾਪਨਾ ਕੀਤੀ ਗਈ ਹੈ।
ਸ਼੍ਰੀਮਤੀ ਰਜਨੀ ਬਾਲਾ ਨੇ ਦੱਸਿਆ ਕਿ ਪਿੰਡਾਂ ਤੇ ਸ਼ਹਿਰਾਂ ਵਿੱਚ ਲਗਾਏ ਜਾ ਰਹੇ ਜਾਗਰੂਕਤਾ ਕੈਂਪਾਂ ਦਾ ਉਦੇਸ਼ ਔਰਤਾਂ ਵਿਰੁੱਧ ਹੁੰਦੀ ਹਿੰਸਾ ਨੂੰ ਰੋਕਣ ਬਾਰੇ ਵੱਧ ਤੋਂ ਵੱਧ ਜਾਗਰੂਕਤਾ ਫੈਲਾਈ ਜਾ ਸਕੇ ਅਤੇ ਔਰਤਾਂ ਬਾਰੇ ਸੁਰੱਖਿਆ ਤੇ ਸਨਮਾਨ ਦਾ ਸੱਭਿਆਚਾਰ ਪੈਦਾ ਕਰਨਾ ਹੈ। ਇਨ੍ਹਾਂ ਜਾਗਰੂਕਤਾ ਕੈਂਪਾਂ ਦੌਰਾਨ ਔਰਤਾਂ ਨਾਲ ਹੋ ਰਹੀ ਘਰੇਲੂ ਹਿੰਸਾ ਨੂੰ ਰੋਕਣ ਲਈ ਇੱਕ ਚੰਗੇ ਗੁਆਂਢੀ ਵੱਲੋਂ ਨਿਭਾਈ ਜਾਣ ਵਾਲੀ ਭੂਮਿਕਾ ਬਾਰੇ ਵੀ ਚਰਚਾ ਕੀਤੀ ਗਈ। ਉਨ੍ਹਾਂ ਕਿਹਾ ਕਿ ਸਖੀ ਵਨ ਸਟਾਪ ਸੈਂਟਰ ਪੰਜਾਬ ਦੇ ਹਰੇਕ ਜ਼ਿਲ੍ਹੇ ਅੰਦਰ ਖੋਲ੍ਹੇ ਗਏ ਹਨ ਅਤੇ ਫ਼ਤਹਿਗੜ੍ਹ ਸਾਹਿਬ ਵਿਖੇ ਇਹ ਸੈਂਟਰ ਸਿਵਲ ਹਸਪਤਾਲ ਵਿੱਚ ਐਮਰਜੰਸੀ ਬਿਲਡਿੰਗ ਵਿੱਚ ਖੋਲਿਆ ਗਿਆ ਹੈ। ਉਨ੍ਹਾਂ ਔਰਤਾਂ ਦੀ ਸਹਾਇਤਾ ਲਈ ਸੈਂਟਰ ਨਾਲ ਸੰਪਰਕ ਕਰਨ ਵਾਸਤੇ ਟੈਲੀਫੋਨ ਨੰਬਰ 01763-233054, 99881-00415, 77107-58976 ਅਤੇ ਐਮਰਜੰਸੀ ਹੈਲਪ ਲਾਇਨ ਨੰਬਰ 181 ਅਤੇ 112 ਬਾਰੇ ਵ ਜਾਣਕਾਰੀ ਦਿੱਤੀ ਗਈ।