ਸੁਨਾਮ : ਸੂਬੇ ਦੀ ਭਗਵੰਤ ਮਾਨ ਸਰਕਾਰ ਅਤੇ ਪਾਵਰਕਾਮ ਦੀ ਮੈਨੇਜਮੈਂਟ ਵੱਲੋਂ ਬਿਜਲੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਤਨਖਾਹਾਂ ਅਤੇ ਪੈਨਸ਼ਨਾਂ ਵਿੱਚ ਕੱਟ ਲਾਉਣ ਦੇ ਰੋਸ ਵਜੋਂ ਬਿਜਲੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਕੇ ਰੱਜਕੇ ਭੜ੍ਹਾਸ ਕੱਢੀ। ਸ਼ੁੱਕਰਵਾਰ ਨੂੰ ਸੁਨਾਮ ਵਿਖੇ 33 ਕੇਵੀ ਸਬ ਸਟੇਸ਼ਨ ਤੇ ਗੇਟ ਉੱਤੇ ਕੀਤੀ ਰੈਲੀ ਨੂੰ ਸੰਬੋਧਨ ਕਰਦਿਆਂ ਪੈਨਸ਼ਨਰ ਯੂਨੀਅਨ ਦੇ ਆਗੂਆਂ ਜਗਦੇਵ ਸਿੰਘ ਬਾਹੀਆ, ਸੁਰਿੰਦਰ ਸਿੰਘ ਸੁਨਾਮ ਅਤੇ ਸੋਮ ਸਿੰਘ ਨੇ ਕਿਹਾ ਕਿ ਸੂਬੇ ਦੀ ਭਗਵੰਤ ਮਾਨ ਸਰਕਾਰ ਵੱਲੋਂ ਬਿਜਲੀ ਮੁਲਾਜ਼ਮਾਂ ਦੀਆਂ ਤਨਖ਼ਾਹਾਂ ਅਤੇ ਪੈਨਸ਼ਨਾਂ ਵਿੱਚ ਕੱਟ ਲਾਕੇ ਮੁਲਾਜ਼ਮ ਵਿਰੋਧੀ ਚਿਹਰਾ ਨੰਗਾ ਹੋ ਗਿਆ ਹੈ। ਉਨ੍ਹਾਂ ਕਿਹਾ ਮੁਲਾਜ਼ਮ ਅਤੇ ਪੈਨਸ਼ਨਰਾਂ ਦਾ ਗੁਜ਼ਾਰਾ ਹੀ ਸਰਕਾਰ ਵੱਲੋਂ ਮਿਲਦੇ ਪੈਸੇ ਤੇ ਨਿਰਭਰ ਹੁੰਦਾ ਹੈ। ਉਨ੍ਹਾਂ ਸੂਬੇ ਦੀ ਸਰਕਾਰ ਅਤੇ ਪਾਵਰਕਾਮ ਦੀ ਮੈਨੇਜਮੈਂਟ ਦੀ ਜ਼ੋਰਦਾਰ ਸ਼ਬਦਾਂ ਵਿੱਚ ਨਿੰਦਾ ਕਰਦਿਆਂ ਕਿਹਾ ਕਿ ਸਰਕਾਰ ਮਸ਼ਹੂਰੀਆਂ ਉਤੇ ਪਾਣੀ ਵਾਂਗ ਪੈਸਾ ਵਹਾਅ ਰਹੀ ਹੈ ਅਤੇ ਆਪਣੇ ਆਕਾ ਨੂੰ ਖੁਸ਼ ਕਰਨ ਲਈ ਜਹਾਜ਼ ਅਤੇ ਹੈਲੀਕਾਪਟਰ ਦਾ ਅੰਨੇਵਾਹ ਇਸਤੇਮਾਲ ਕੀਤਾ ਜਾ ਰਿਹਾ ਹੈ ਪਰ ਮੁਲਾਜ਼ਮਾਂ ਨੂੰ ਤਨਖਾਹ ਅਤੇ ਪੈਨਸ਼ਨਰਾਂ ਨੂੰ ਪੈਨਸ਼ਨ ਦੇਣ ਸਮੇਂ ਅੱਧੀ ਦਿੱਤੀ ਜਾ ਰਹੀ ਹੈ , ਸਰਕਾਰ ਦੇ ਅਜਿਹੇ ਵਰਤਾਰੇ ਨੂੰ ਕਤਈ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਨੇ ਮੁਲਾਜ਼ਮਾਂ ਦੀ ਪੂਰੀ ਤਨਖਾਹ ਅਤੇ ਪੈਨਸ਼ਨਰਾਂ ਦੀ ਪੂਰੀ ਪੈਨਸ਼ਨ ਜਲਦ ਬਹਾਲ ਨਾ ਕੀਤੀ ਤਾਂ ਸਘੰਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ। ਇਸ ਮੌਕੇ ਹਰਮੇਲ ਸਿੰਘ ਮਹਿਰੋਕ, ਗੁਰਨਾਮ ਸਿੰਘ, ਨਰਿੰਦਰ ਸ਼ਰਮਾ, ਅਮਰੀਕ ਸਿੰਘ ਉਗਰਾਹਾਂ, ਇੰਦਰਜੀਤ ਸਿੰਘ ਢਿੱਲੋਂ,ਕੇ ਐਲ ਬਤਰਾ, ਕ੍ਰਿਸ਼ਨ ਕਾਂਤ, ਜਸਵਿੰਦਰ ਸਿੰਘ ਜੱਸਾ, ਅਜੇ ਕੁਮਾਰ, ਮਹਿੰਦਰ ਸਿੰਘ, ਲਖਵਿੰਦਰ ਸਿੰਘ ਨੇ ਵੀ ਸੰਬੋਧਨ ਕੀਤਾ।