ਮਾਲੇਰਕੋਟਲਾ : ਪੰਜਾਬ ਸਰਕਾਰ ਵੱਲੋਂ ਭੇਜੀਆਂ ਪੰਜਾਬ ਦੇ ਇਤਿਹਾਸ, ਦੇਸ਼ ਦੀ ਆਜ਼ਾਦੀ ਲਈ ਕੁਰਬਾਨੀਆਂ ਦੇਣ ਵਾਲੇ ਸ਼ਹੀਦਾਂ, ਅਮੀਰ ਵਿਰਸੇ, ਸੱਭਿਆਚਾਰ ਨੂੰ ਦਰਸਾਉਂਦੀਆਂ ਝਾਕੀਆਂ ਨੂੰ 26 ਜਨਵਰੀ ਨੂੰ ਗਣਤੰਤਰ ਦਿਵਸ ਸਮਾਗਮ ਮੌਕੇ ਪਰੇਡ ਵਿੱਚ ਕੇਂਦਰ ਸਰਕਾਰ ਵੱਲੋਂ ਸ਼ਾਮਲ ਨਾ ਕੀਤੇ ਜਾਣ ਦਾ ਫੈਸਲਾ ਪੰਜਾਬੀਆਂ ਲਈ ''ਬਲੈੱਸਿੰਗ ਇਨ ਡਿਸਗਾਇਜ਼''(ਦੁੱਖ ਦੇ ਰੂਪ ਵਿਚ ਸੁੱਖ ) ਸਾਬਤ ਹੋਇਆ ਹੈ ਕਿਉਂਕਿ ਕੇਂਦਰ ਦੇ ਇਸ ਫੈਸਲੇ ਤੋਂ ਬਾਅਦ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਵੱਲੋਂ ਐਲਾਨ ਕੀਤਾ ਗਿਆ ਕਿ ਪੰਜਾਬ ਦੀਆਂ ਇਨ੍ਹਾਂ ਝਾਕੀਆਂ ਨੂੰ ਸੂਬੇ ਦੇ ਹਰ ਹਲਕੇ ਵਿੱਚ ਪ੍ਰਦਰਸ਼ਿਤ ਕੀਤਾ ਜਾਵੇਗਾ ਤਾਂ ਜੋ ਪੰਜਾਬੀ ਇਹਨਾਂ ਝਾਕੀਆਂ ਦੀ ਝਲਕ ਪਾ ਸਕਣ । ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਵਿਧਾਇਕ ਮਾਲੇਰਕੋਟਲਾ ਡਾ ਜਮੀਲ ਉਰ ਰਹਿਮਾਨ ਨੇ ਇਨ੍ਹਾਂ ਝਾਕੀਆਂ ਨੂੰ ਸੰਦੋੜ ਦਾਣਾ ਮੰਡੀ ਤੋਂ ਵਿਧਾਨ ਸਭਾ ਹਲਕਾ ਮਹਿਲਕਲਾਂ ਜ਼ਿਲ੍ਹਾ ਬਰਨਾਲ ਲਈ ਰਵਾਨਾ ਕਰਨ ਮੌਕੋ ਭਰਵੇ ਇੱਕਠ ਨੂੰ ਸੰਬੋਧਨ ਕਰਦਿਆ ਕੀਤਾ । ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਇਨ੍ਹਾਂ ਝਾਕੀਆਂ ਰਾਹੀਂ ਪੰਜਾਬ ਦੇ ਮਾਣਮੱਤੇ ਇਤਿਹਾਸ ਦੇ ਮੁੜ ਤੋਂ ਰੂ-ਬਰੂ ਹੋ ਰਹੇ ਹਨ ਅਤੇ ਇਨ੍ਹਾਂ ਝਾਕੀਆਂ ਦੇ ਦਰਸ਼ਨ ਕਰਕੇ ਮਾਣ ਮਹਿਸੂਸ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕੌਮੀ ਗਣਤੰਤਰ ਦਿਵਸ ਲਈ ਤਿਆਰ ਕੀਤੀਆਂ ਝਾਕੀਆਂ ਨੂੰ ਪ੍ਰਦਰਸ਼ਿਤ ਕਰਨ ਦੀ ਇਜਾਜ਼ਤ ਨਾ ਦੇਣਾ ਰਾਜਨੀਤੀ ਤੋਂ ਪ੍ਰੇਰਿਤ ਗਤੀਵਿਧੀ ਸੀ। ਉਨ੍ਹਾਂ ਕਿਹਾ ਕਿ ਜਲਦ ਹੀ ਪੰਜਾਬ ਦੇ ਲੋਕ ਵਿਰੋਧੀ ਪਾਰਟੀਆਂ ਦੀਆਂ ਕੋਝੀਆਂ ਸਿਆਸਤਾਂ ਦਾ ਮੂੰਹ ਤੋੜ ਜਵਾਬ ਦੇਣਗੇ। ਪੰਜਾਬ ਦਾ ਇਤਿਹਾਸ ਅਤੇ ਸੱਭਿਆਚਾਰ ਬੇਮਿਸਾਲ ਹੈ ਅਤੇ ਇਸ ਨੂੰ ਕੋਈ ਵੀ ਘਟਾ ਕੇ ਨਹੀਂ ਦੇਖ ਸਕਦਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸ਼ਹੀਦਾਂ ਦੀ ਵਿਚਾਰਧਾਰਾ ਤੇ ਚੱਲਣ ਵਾਲੀ ਸਰਕਾਰ ਹੈ ਜੋ ਉਨ੍ਹਾਂ ਦੇ ਸੁਪਨਿਆਂ ਨੂੰ ਸਵਿਕਾਰ ਕਰਨ ਲਈ ਹਰ ਤਰ੍ਹਾਂ ਦੇ ਸੰਭਵ ਯਤਨ ਕਰ ਰਹੀ ਹੈ। ਉਹ ਪੰਜਾਬ ਦੇ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਪੂਰੀ ਤਨਦੇਹੀ ਨਾਲ ਨਿਭਾ ਰਹੀ ਹੈ ਤਾਂ ਜੋ ਰੰਗਲੇ ਪੰਜਾਬ ਦਾ ਸੁਪਨਾ ਸਾਕਾਰ ਹੋ ਸਕੇ। ਉਨ੍ਹਾਂ ਕਿਹਾ ਕਿ ਹੁਣ ਪੰਜਾਬ ਨੂੰ ਅਸਲ ਅਰਥਾਂ ਵਿਚ ਲੋਕਾਂ ਦੀ, ਲੋਕਾਂ ਲਈ ਅਤੇ ਲੋਕਾਂ ਦੁਆਰਾ, ਚੁਣੀ ਹੋਈ ਸਰਕਾਰ ਮਿਲੀ ਜਿਸ ਨੇ ਸਿਹਤ, ਸਿੱਖਿਆ, ਭ੍ਰਿਸ਼ਟਾਚਾਰ ਮੁਕਤ ਪ੍ਰਸ਼ਾਸਨ, ਬਿਜਲੀ ਸੁਧਾਰ ਅਤੇ ਸਬਸਿਡੀਆਂ ਅਤੇ ਮਾਲੀਆ ਪੈਦਾ ਕਰਨ ਵਿੱਚ ਮਿਸਾਲ ਕਾਇਮ ਕੀਤੀ ਹੈ। ਇਸ ਮੌਕੇ ਵੱਖ ਵੱਖ ਸਕੂਲਾਂ ਦੇ ਵਿਦਿਆਰਥੀਆਂ ਤੋਂ ਇਲਾਵਾ ''ਸਕੂਲ ਆਫ ਐਮੀਨੈਂਸ ਸੰਦੋੜ'' ਦੇ ਕਰੀਬ 85 ਵਿਦਿਆਰਥੀ ਦੇਸ਼ ਭਗਤੀ ਦੇ ਰੰਗ ਵਿੱਚ ਰੰਗੀਆਂ ਝਾਕੀਆਂ ਦੇ ਰੂ-ਬਰੂ ਹੋਏ ਤੇ ਮਾਣ ਮਹਿਸੂਸ ਕੀਤਾ। ਇਸ ਮੌਕੇ ਸੈਕਟਰੀ ਮਾਰਕੀਟ ਕਮੇਟੀ ਜਸਜੀਤ ਸਿੰਘ , ਸੰਤੋਖ ਸਿੰਘ, ਜਗਤਾਰ ਸਿੰਘ ਜੱਸਲ ਸੰਦੌੜ ,ਚਮਕੌਰ ਸਿੰਘ ,ਐਸ ਐਚ ਓ ਪਰਮਵੀਰ ਸਿੰਘ,''ਸਕੂਲ ਆਫ ਐਮੀਨੈਂਸ ਸੰਦੋੜ'' ਦੇ ਅਧਿਆਪਕ ਸ੍ਰੀ ਅਮਨਦੀਪ ਸਿੰਘ ਤੋਂ ਇਲਾਵਾ ਸ਼ਹਿਰ ਨਿਵਾਸੀ ਮੌਜੂਦ ਸਨ।