ਸੁਨਾਮ : ਸ਼ੋਸ਼ਲ ਮੀਡੀਆ ਤੇ ਲੋਕਾਂ ਦੀ ਆਵਾਜ਼ ਬੁਲੰਦ ਕਰਨ ਵਾਲੇ ਭਾਨਾ ਸਿੱਧੂ ਦੀ ਰਿਹਾਈ ਨੂੰ ਲੈਕੇ ਸੰਗਰੂਰ ਵਿਖੇ ਮੁੱਖ ਮੰਤਰੀ ਭਗਵੰਤ ਮਾਨ ਦੀ ਕੋਠੀ ਘੇਰਨ ਜਾ ਰਹੇ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਕਰੀਬ ਦਰਜਨਾਂ ਕਿਸਾਨਾਂ ਨੂੰ ਪੁਲੀਸ ਨੇ ਪਿੰਡ ਮਹਿਲਾ ਚੌਂਕ ਤੋਂ ਹਿਰਾਸਤ ਵਿੱਚ ਲੈ ਲਿਆ। ਇਸ ਤੋਂ ਪਹਿਲਾਂ ਕਿਸਾਨਾਂ ਨੂੰ ਅੱਗੇ ਜਾਣ ਤੋਂ ਰੋਕ ਦਿੱਤਾ ਗਿਆ ਅਤੇ ਗੁੱਸੇ 'ਚ ਆਏ ਕਿਸਾਨਾਂ ਨੇ ਲੁਧਿਆਣਾ ਦਿੱਲੀ ਮੁੱਖ ਮਾਰਗ 'ਤੇ ਜਾਮ ਲਗਾਕੇ ਰੋਸ ਪ੍ਰਦਰਸ਼ਨ ਸ਼ੁਰੂ ਕਰ ਦਿੱਤਾ |
ਪੁਲਿਸ ਨੇ ਪ੍ਰਦਰਸ਼ਨਕਾਰੀਆਂ ਨੂੰ ਰੋਕਣ ਲਈ ਨਾਕਾਬੰਦੀ ਕੀਤੀ ਹੋਈ ਸੀ। ਪੁਲੀਸ ਨੇ ਸੰਗਰੂਰ ਨੂੰ ਜਾਣ ਵਾਲੇ ਸਾਰੇ ਰਸਤਿਆਂ ’ਤੇ ਭਾਰੀ ਫੋਰਸ ਤਾਇਨਾਤ ਕਰ ਦਿੱਤੀ ਸੀ। ਮਹਿਲਾ ਚੌਂਕ ਵਿੱਚ ਨਾਜ਼ੁਕ ਸਥਿਤੀ ਨੂੰ ਦੇਖਦੇ ਹੋਏ ਪੁਲੀਸ ਨੇ ਪ੍ਰਦਰਸ਼ਨਕਾਰੀਆਂ ਨੂੰ ਹਿਰਾਸਤ ਵਿੱਚ ਲੈ ਲਿਆ। ਪੁਲੀਸ ਹਿਰਾਸਤ ਵਿੱਚ ਲਏ ਕਿਸਾਨਾਂ ਨੂੰ ਛਾਜਲੀ ਥਾਣੇ ਲੈ ਗਈ ਹੈ। ਇਸ ਅੰਦੋਲਨ ਦੀ ਅਗਵਾਈ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਜ਼ਿਲ੍ਹਾ ਜਨਰਲ ਸਕੱਤਰ ਰਣ ਸਿੰਘ ਚੱਠਾ ਕਰ ਰਹੇ ਸਨ। ਉਨ੍ਹਾਂ ਨੂੰ ਹਿਰਾਸਤ ਵਿੱਚ ਲੈਣ ਤੋਂ ਬਾਅਦ ਪੁਲੀਸ ਨੇ ਕਿਸਾਨ ਆਗੂਆਂ ਦੇ ਮੋਬਾਈਲ ਫੋਨ ਵੀ ਆਪਣੇ ਕਬਜ਼ੇ ਵਿੱਚ ਲੈ ਲਏ। ਹਾਲਾਂਕਿ ਕੁਝ ਘੰਟੇ ਪਹਿਲਾਂ ਰਣ ਸਿੰਘ ਨੇ ਫੋਨ 'ਤੇ ਗੱਲਬਾਤ ਕਰਦਿਆਂ ਕਿਹਾ ਕਿ ਸਰਕਾਰ ਦੇ ਇਸ਼ਾਰੇ 'ਤੇ ਉਨ੍ਹਾਂ ਦੇ ਅੰਦੋਲਨ ਨੂੰ ਦਬਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।
— ਉਧਰ ਦੂਜੇ ਪਾਸੇ ਸੁਨਾਮ, ਲਹਿਰਾ ਅਤੇ ਬਰੇਟਾ ਇਲਾਕੇ ਤੋਂ ਸੰਗਰੂਰ ਧਰਨੇ ਵਿੱਚ ਸ਼ਮੂਲੀਅਤ ਕਰਨ ਜਾ ਰਹੇ ਕਿਸਾਨਾਂ ਅਤੇ ਨੌਜਵਾਨਾਂ ਨੂੰ ਪੁਲਿਸ ਨੇ ਸੁਨਾਮ ਪਟਿਆਲਾ ਮੁੱਖ ਸੜਕ ਤੇ ਕੈਂਚੀਆਂ ਕੋਲ ਰੋਕ ਲਿਆ ਗਿਆ ਜਿਸ ਕਾਰਨ ਗੁੱਸੇ 'ਚ ਆਏ ਲੋਕਾਂ ਨੇ ਸੜਕ 'ਤੇ ਜਾਮ ਲਗਾਕੇ ਮੁੱਖ ਮੰਤਰੀ ਭਗਵੰਤ ਮਾਨ ਖਿਲਾਫ ਜੰਮਕੇ ਨਾਅਰੇਬਾਜ਼ੀ ਸ਼ੁਰੂ ਕਰ ਦਿੱਤੀ। ਧਰਨੇ ਵਿੱਚ ਬੀਕੇਯੂ ਡਕੌਂਦਾ ਧਨੇਰ ਗਰੁੱਪ, ਬੀਕੇਯੂ ਸਿੱਧੂਪੁਰ ਤੋਂ ਇਲਾਵਾ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਨੇ ਵੀ ਸ਼ਮੂਲੀਅਤ ਕੀਤੀ।
ਕੁਝ ਦੇਰ ਵਿਚ ਹੀ ਲੋਕਾਂ ਦੀ ਭੀੜ ਇਕੱਠੀ ਹੋ ਗਈ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਰਾਜਿੰਦਰ ਦੀਪਾ, ਅਮਰਜੀਤ ਸਿੰਘ ਬਡਰੁੱਖਾਂ, ਜਸਪਾਲ ਸਿੰਘ ਪਾਲਾ ਤੋਂ ਇਲਾਵਾ ਕਿਸਾਨ ਯੂਨੀਅਨ ਦੇ ਮੈਂਬਰ ਛੋਟਾ ਸਿੰਘ, ਪ੍ਰਗਟ ਸਿੰਘ, ਕੁਲਵੰਤ ਸਿੰਘ ਆਦਿ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਲੋਕਾਂ ਨੂੰ ਸ਼ਾਂਤਮਈ ਧਰਨਾ ਦੇਣ ਜਾ ਰਹੇ ਇਨਸ਼ਾਫ ਪਸੰਦ ਲੋਕਾਂ ਨੂੰ ਪੁਲਿਸ ਦੇ ਜੋਰ ਨਾਲ ਰੋਕਕੇ ਲੋਕਤੰਤਰ ਦਾ ਘਾਣ ਕੀਤਾ ਹੈ। ਸੂਬਾ ਸਰਕਾਰ ਦੀਆਂ ਨਾਕਾਮੀਆਂ ਉਜਾਗਰ ਕਰਨ ਵਾਲਿਆਂ ਦੀ ਆਵਾਜ਼ ਨੂੰ ਦਬਾਉਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ ਜਿਸਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਕਿਸਾਨ ਨੁਮਾਇੰਦਿਆਂ ਨੇ ਕਿਹਾ ਕਿ ਭਾਨਾ ਸਿੱਧੂ ਨਾਲ ਬੇਇਨਸਾਫ਼ੀ ਨਹੀਂ ਹੋਣ ਦਿੱਤੀ ਜਾਵੇਗੀ।