ਚੰਡੀਗੜ੍ਹ : ਚੰਡੀਗੜ੍ਹ ਮੇਅਰ ਦੀ ਚੋਣ ਮਾਮਲੇ ਵਿੱਚ ਸੁਪਰੀਮ ਕੋਰਟ ਨੇ ਸਖ਼ਤ ਟਿੱਪਣੀ ਕਰਦੇ ਹੋਏ ਕਿਹਾ ਹੈ ਕਿ ਇਹ ਲੋਕਤੰਤਰ ਦਾ ਮਜ਼ਾਕ ਹੈ? ਚੀਫ਼ ਜਸਟਿਸ ਡੀਵਾਈ ਚੰਦਰਚੂੜ, ਜਸਟਿਸ ਜੇਬੀ ਪਾਰਦੀਵਾਲਾ ਅਤੇ ਜਸਟਿਸ ਮਨੋਜ ਮਿਸ਼ਰਾ ਦੀ ਬੈਂਚ ਦਾ ਕਹਿਣਾ ਹੈ ਕਿ ਜਿਸ ਤਰੀਕੇ ਨਾਲ ਚੰਡੀਗੜ੍ਹ ਮੇਅਰ ਦੀ ਚੋਣ ਹੋਈ ਹੈ ਇਹ ਬਹੁਤ ਹੀ ਗੰਭੀਰ ਮੁੱਦਾ ਹੈ ਅਤੇ ਜੋ ਵੀਡੀਓ ਸਾਹਮਣੇ ਆਈ ਹੈ ਉਸ ਵਿੱਚ ਸਾਫ਼ ਹੈ ਕਿ ਬੈਲਟ ਪੇਪਰ ਨੂੰ ਤੋੜ ਮਰੋੜ ਕੇ ਪੇਸ਼ ਕੀਤਾ ਗਿਆ ਹੈ ਅਤੇ ਇਸ ਤਰ੍ਹਾਂ ਲੋਕਤੰਤਰ ਦੇ ਕਤਲ ਦੀ ਇਜਾਜ਼ਤ ਨਹੀਂ ਦਿੱਤੀ ਜਾ ਸਕਦੀ। ਚੀਫ਼ ਜਸਟਿਸ ਨੇ ਕਿਹਾ ਹੈ ਕਿ ਇਸ ਮਾਮਲੇ ਵਿੱਚ ਢੁਕਵੇਂ ਕਦਮ ਚੁੱਕਣ ਦੀ ਲੋੜ ਹੈ। ਇਸ ਸਬੰਧੀ ਸੁਪਰੀਮ ਕੋਰਟ ਨੇ ਇਹ ਵੀ ਹੁਕਮ ਦਿੱਤੇ ਹਨ ਕਿ ਚੋਣਾਂ ਨਾਲ ਸਬੰਧਤ ਰਿਕਾਰਡ ਅਤੇ ਵੀਡੀਓ ਨੂੰ ਵੀ ਸੁਰੱਖਿਅਤ ਰੱਖਿਆ ਜਾਵੇ। ਸੁਪਰੀਮ ਕੋਰਟ ਨੇ ਸਖ਼ਤ ਟਿੱਪਣੀ ਕਰਦਿਆਂ ਕਿਹਾ ਹੈ ਕਿ ਇਸ ਸਾਰੀ ਘਟਨਾ ਲਈ ਜ਼ੁੰਮੇਵਾਰ ਵਿਅਕਤੀ ਵਿਰੁਧ ਕਾਰਵਾਈ ਹੋਣੀ ਚਾਹੀਦੀ ਹੈ। ਜ਼ਿਕਰਯੋਗ ਹੈ ਕਿ ਮੇਅਰ ਦੀ ਚੋਣ ਨਾਲ ਸਬੰਧਤ ਵੀਡੀਓ ਵੀ ਚੀਫ਼ ਜਸਟਿਸ ਨੇ ਵੇਖੀ। ਚੀਫ਼ ਜਸਟਿਸ ਨੇ ਇਹ ਵੀ ਟਿੱਪਣੀ ਕੀਤੀ ਕਿ ਪ੍ਰੀਜ਼ਾਈਡਿੰਗ ਅਫ਼ਸਰ ਕੈਮਰੇ ਵੱਲ ਕਿਉਂ ਦੇਖ ਰਹੇ ਹਨ? ਚੀਫ਼ ਜਸਟਿਸ ਨੇ ਕਿਹਾ ਕਿ ਵੀਡੀਓ ਵਿੱਚ ਪ੍ਰੀਜ਼ਾਈਡਿੰਗ ਅਫ਼ਸਰ ਨੂੰ ਬੈਲਟ ਪੇਪਰ ਬਦਲਦੇ ਵੇਖਿਆ ਗਿਆ ਹੈ। ਇਥੇ ਜ਼ਿਕਰਯੋਗ ਹੈ ਕਿ ਚੰਡੀਗੜ੍ਹ ਮੇਅਰ ਦੀ ਚੋਣ ਵਿੱਚ ਹਾਰੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਕੁਲਦੀਪ ਕੁਮਾਰ ਨੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਹੁਕਮਾਂ ਨੂੰ ਸੁਪਰੀਮ ਕੋਰਟ ਦੇ ਚੀਫ਼ ਜਸਟਿਸ ਦੀ ਅਗਵਾਈ ਵਾਲੇ ਬੈਂਚ ਅੱਗੇ ਦਾਇਰ ਕਰਕੇ ਚੁਣੌਤੀ ਦਿੱਤੀ ਹੋਈ ਹੈ। ਸੁਪਰੀਮ ਕੋਰਟ ਨੇ ਪਟੀਸ਼ਨ ’ਤੇ ਸੁਣਵਾਈ ਦੌਰਾਨ ਚੰਡੀਗੜ੍ਹ ਨਗਰ ਨਿਗਮ ਦੀ 7 ਫ਼ਰਵਰੀ ਨੂੰ ਹੋਣ ਵਾਲੀ ਮੀਟਿੰਗ ਨੂੰ ਵੀ ਮੁਲਤਵੀ ਕਰਨ ਦਾ ਹੁਕਮ ਦਿੱਤਾ ਹੈ। ਸੁਪਰੀਮ ਕੋਰਟ ਨੇ ਇਹ ਵੀ ਹੁਕਮ ਦਿੱਤੇ ਹਨ ਕਿ ਚੋਣ ਨਾਲ ਸਬੰਧਤ ਸਾਰਾ ਰਿਕਾਰਡ ਅਤੇ ਵੀਡੀਓ ਰਜਿਸਟਰਾਰ ਜਨਰਲ ਨੂੰ ਸੌਂਪ ਦਿੱਤਾ ਜਾਵੇ।