ਪਟਿਆਲਾ : 2020 ਬੈਚ ਦੇ ਆਈ.ਏ.ਐਸ. ਅਧਿਕਾਰੀ ਡਾ. ਹਰਜਿੰਦਰ ਸਿੰਘ ਬੇਦੀ ਨੇ ਪਟਿਆਲਾ ਦੇ ਵਧੀਕ ਡਿਪਟੀ ਕਮਿਸ਼ਨਰ (ਦਿਹਾਤੀ ਵਿਕਾਸ) ਵਜੋਂ ਅਹੁਦਾ ਸੰਭਾਲ ਲਿਆ ਹੈ। ਇਸ ਉਪਰੰਤ ਉਨ੍ਹਾਂ ਨੇ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੈ ਨਾਲ ਮੁਲਾਕਾਤ ਕੀਤੀ। ਇਸ ਮੌਕੇ ਉਨ੍ਹਾਂ ਦੇ ਸੁਪਤਨੀ ਤਰਨਜੀਤ ਕੌਰ ਬੇਦੀ ਵੀ ਉਨ੍ਹਾਂ ਦੇ ਨਾਲ ਸਨ। ਡਾ. ਹਰਜਿੰਦਰ ਸਿੰਘ ਬੇਦੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਮੁਤਾਬਕ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੈ ਦੀ ਅਗਵਾਈ ਹੇਠ ਪੰਜਾਬ ਸਰਕਾਰ ਦੀਆਂ ਨੀਤੀਆਂ ਮੁਤਾਬਕ ਜ਼ਿਲ੍ਹੇ ਦੇ ਪਿੰਡਾਂ ਦਾ ਚਹੁੰਤਰਫ਼ਾ ਵਿਕਾਸ ਯਕੀਨੀ ਬਣਾਉਣਗੇ।
ਏ.ਡੀ.ਸੀ. ਬੇਦੀ ਨੇ ਹੋਰ ਕਿਹਾ ਕਿ ਪਟਿਆਲਾ ਜ਼ਿਲ੍ਹੇ ਦੇ ਪਿੰਡਾਂ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਵਿੱਚ ਤੇਜੀ ਲਿਆਉਣ ਸਮੇਤ ਇਨ੍ਹਾਂ ਨੂੰ ਸਮੇਂ ਸਿਰ ਮੁਕੰਮਲ ਕਰਵਾਉਣਾ ਅਤੇ ਪੰਜਾਬ ਸਰਕਾਰ ਵੱਲੋਂ ਉਲੀਕੇ ਨਵੇਂ ਪ੍ਰਾਜੈਕਟਾਂ, ਜਿਵੇਂ ਕਿ ਪੇਂਡੂ ਲਾਇਬ੍ਰੇਰੀਆਂ, ਖੇਡ ਮੈਦਾਨ ਤੇ ਛੱਪੜਾਂ ਦਾ ਨਵੀਨੀਕਰਨ ਸਮੇਤ ਹੋਰ ਅਹਿਮ ਕਾਰਜਾਂ ਨੂੰ ਨੇਪਰੇ ਚੜਾਉਣਾਂ ਉਨ੍ਹਾਂ ਦੀ ਤਰਜੀਹ ਹੋਵੇਗੀ।
ਆਪਣੇ ਦਫ਼ਤਰ ਦੇ ਸਟਾਫ਼ ਨਾਲ ਮੀਟਿੰਗ ਕਰਦਿਆਂ ਏ.ਡੀ.ਸੀ. (ਆਰ.ਡੀ.) ਨੇ ਹਦਾਇਤ ਕੀਤੀ ਕਿ ਕੰਮ ਸਮਾਂਬੱਧ ਕਰਨੇ ਯਕੀਨੀ ਬਣਾਏ ਜਾਣ ਅਤੇ ਸਰਕਾਰੀ ਦਫ਼ਤਰਾਂ ਵਿੱਚ ਆਉਣ ਵਾਲਿਆਂ ਨੂੰ ਕੋਈ ਪ੍ਰੇਸ਼ਾਨੀ ਨਾ ਆਉਣ ਦਿੱਤੀ ਜਾਵੇ ਤੇ ਸਰਕਾਰੀ ਡਿਊਟੀ ਇਮਾਨਦਾਰੀ ਤੇ ਪਾਰਦਰਸ਼ੀ ਢੰਗ ਨਾਲ ਨਿਭਾਈ ਜਾਵੇ। ਉਨ੍ਹਾਂ ਨੇ 6 ਫਰਵਰੀ ਤੋਂ 'ਆਪ ਦੀ ਸਰਕਾਰ ਆਪ ਦੇ ਦੁਆਰ' ਸਬੰਧੀ ਪਿੰਡਾਂ ਵਿੱਚ ਲੱਗਣ ਵਾਲੇ ਵਿਸ਼ੇਸ਼ ਕੈਂਪਾਂ ਦਾ ਵੀ ਜਾਇਜ਼ਾ ਲਿਆ। ਐਮ.ਬੀ.ਬੀ.ਐਸ. ਦੀ ਵਿੱਦਿਅਕ ਯੋਗਤਾ ਹਾਸਲ ਡਾ. ਹਰਜਿੰਦਰ ਸਿੰਘ ਬੇਦੀ ਇਸ ਤੋਂ ਪਹਿਲਾਂ ਐਸ.ਡੀ.ਐਮ. ਲੁਧਿਆਣਾ ਵੈਸਟ ਵਜੋਂ ਸੇਵਾ ਨਿਭਾ ਰਹੇ ਸਨ, ਜਦਕਿ ਉਹ ਪਠਾਨਕੋਟ ਅਤੇ ਡੇਰਾ ਬਾਬਾ ਨਾਨਕ ਵਿਖੇ ਵੀ ਬਤੌਰ ਐਸ.ਡੀ.ਐਮ. ਸੇਵਾ ਨਿਭਾ ਚੁੱਕੇ ਹਨ।