ਫ਼ਤਹਿਗੜ੍ਹ ਸਾਹਿਬ : ਆਮ ਲੋਕਾਂ ਨੂੰ ਵੱਖ-ਵੱਖ ਵਿਭਾਗਾਂ ਨਾਲ ਸਬੰਧਤ 43 ਤਰ੍ਹਾਂ ਦੀਆਂ ਸਰਕਾਰੀ ਸੇਵਾਵਾਂ ਮੁਹੱਈਆ ਕਰਵਾਉਣ ਦੇ ਮੰਤਵ ਨਾਲ ਜ਼ਿਲ੍ਹੇ ਦੇ ਪਿੰਡਾਂ ਤੇ ਸ਼ਹਿਰਾਂ ਵਿੱਚ ਵਿਸ਼ੇਸ਼ ਕੈਂਪ ਲਗਾਏ ਜਾ ਰਹੇ ਹਨ ਤਾਂ ਜੋ ਲੋਕਾਂ ਨੂੰ ਸਰਕਾਰੀ ਦਫ਼ਤਰਾਂ ਦੇ ਗੇੜੇ ਨਾ ਮਾਰਨੇ ਪੈਣ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ਼੍ਰੀਮਤੀ ਪਰਨੀਤ ਸ਼ੇਰਗਿੱਲ ਨੇ ਦੱਸਿਆ ਕਿ ਇਨ੍ਹਾਂ ਕੈਂਪਾਂ ਵਿੱਚ ਜਨਮ ਸਰਟੀਫਿਕੇਟ, ਆਮਦਨ ਸਰਟੀਫਿਕੇਟ, ਲਾਭਪਾਤਰੀਆਂ ਦੇ ਬੱਚਿਆਂ ਨੂੰ ਵਜ਼ੀਫੇ, ਰਿਹਾਇਸ਼ ਸਰਟੀਫਿਕੇਟ, ਅਨੁਸੂਚਿਤ ਅਤੇ ਪੱਛੜੀਆਂ ਸ਼੍ਰੇਣੀਆਂ ਦੇ ਸਰਟੀਫਿਕੇਟ, ਬੁਢਾਪਾ, ਦਿਵਯਾਂਗ ਅਤੇ ਆਸ਼ਰਿਤ ਪੈਨਸ਼ਨ, ਉਸਾਰੀ ਕਿਰਤੀਆਂ ਸਬੰਧੀ ਲਾਭਪਾਤਰੀ, ਜਨਮ ਸਰਟੀਫਿਕੇਟ 'ਚ ਨਾਂ ਦੀ ਤਬਦੀਲੀ, ਬਿਜਲੀ ਦੇ ਬਿੱਲਾਂ ਦੇ ਭੁਗਤਾਨ, ਮਾਲ ਵਿਭਾਗ ਸਬੰਧੀ ਰਿਕਾਰਡ ਦੀ ਪੜਤਾਲ, ਸ਼ਾਦੀ ਦੀ ਰਜਿਸਟ੍ਰੇਸ਼ਨ, ਮੌਤ ਦੇ ਸਰਟੀਫਿਕੇਟ ਦੀ ਇਕ ਤੋਂ ਵੱਧ ਕਾਪੀਆਂ, ਦਸਤਾਵੇਜ਼ਾਂ ਦੇ ਤਸਦੀਕ ਸ਼ੁਦਾ ਕਾਪੀਆਂ, ਪੇਂਡੂ ਖੇਤਰ ਸਰਟੀਫਿਕੇਟ, ਫਰਦ ਬਣਾਉਣੀ, ਆਮ ਜਾਤੀ ਸਰਟੀਫਿਕੇਟ, ਸ਼ਗਨ ਸਕੀਮ, ਜ਼ਮੀਨ ਦੀ ਨਿਸ਼ਾਨਦੇਹੀ,ਐੱਨ.ਆਰ. ਆਈ. ਦੇ ਸਰਟੀਫਿਕੇਟਾਂ ਦੇ ਕਾਉਂਟਰ ਦਸਤਖ਼ਤ, ਪੁਲਿਸ ਕਲੀਅਰੈਂਸ ਸਰਟੀਫਿਕੇਟ ਦੇ ਕਾਉਂਟਰ ਦਸਤਖ਼ਤ, ਮੌਤ ਸਰਟੀਫਿਕੇਟ 'ਚ ਤਬਦੀਲੀ ਆਦਿ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਇਹ ਕੈਂਪ ਰੋਜ਼ਾਨਾਂ 4 ਪਿੰਡਾਂ/ਵਾਰਡਾਂ ਦੇ ਕਲਸਟਰ ਬਣਾ ਕੇ ਲਗਾਏ ਜਾਣਗੇ ਸ਼੍ਰੀਮਤੀ ਪਰਨੀਤ ਸ਼ੇਰਗਿੱਲ ਨੇ ਦੱਸਿਆ ਕਿ ਵੱਧ ਤੋਂ ਵੱਧ ਲੋਕਾਂ ਤੱਕ ਇਨ੍ਹਾਂ ਕੈਂਪਾਂ ਦਾ ਲਾਭ ਪਹੁੰਚਾਉਣ ਲਈ ਪ੍ਰਚਾਰ ਵੈਨਾਂ ਰਾਹੀਂ ਕੈਂਪ ਤੋਂ ਇੱਕ ਦਿਨ ਪਹਿਲਾਂ ਪ੍ਰਚਾਰ ਵੀ ਕਰਵਾਇਆ ਜਾਵੇਗਾ ਤਾਂ ਜੋ ਕੋਈ ਵੀ ਨਾਗਰਿਕ ਇਨ੍ਹਾਂ ਕੈਂਪਾਂ ਦਾ ਲਾਭ ਲੈਣ ਤੋਂ ਵਾਂਝਾ ਨਾ ਰਹੇ। ਉਨ੍ਹਾਂ ਕਿਹਾ ਕਿ ਇਨ੍ਹਾਂ ਕੈਂਪਾਂ ਦਾ ਮੁੱਖ ਟੀਚਾ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਨੇੜੇ ਅਤੇ ਇੱਕੋ ਛੱਤ ਥੱਲੇ ਪੰਜਾਬ ਸਰਕਾਰ ਵੱਲੋਂ ਜਾਰੀ ਲੋਕ ਭਲਾਈ ਸਕੀਮਾਂ ਦਾ ਲਾਭ ਪੰਹੁਚਾਉਣਾ ਅਤੇ ਨਾਗਰਿਕਾਂ ਦੀਆਂ ਮੁਸ਼ਕਿਲਾਂ ਨੂੰ ਸੁਣ ਜਲਦ ਨਿਪਟਾਰੇ ਨੂੰ ਯਕੀਨੀ ਬਣਾਉਣਾ ਹੈ। ਉਨ੍ਹਾਂ ਸਾਰੇ ਵਿਭਾਗਾਂ ਨੂੰ ਹਦਾਇਤ ਕੀਤੀ ਕਿ ਉਹ ਕੈਂਪ ਵਿੱਚ ਪ੍ਰਾਪਤ ਯੋਗ ਅਰਜ਼ੀਆਂ ਦਾ ਪਹਿਲ ਦੇ ਆਧਾਰ ’ਤੇ ਨਿਬੇੜਾ ਕਰਨ। ਉਨ੍ਹਾਂ ਸਪੱਸ਼ਟ ਕੀਤਾ ਕਿ ਇਨ੍ਹਾਂ ਕੈਂਪਾਂ ਦੌਰਾਨ ਪੰਜਾਬ ਸਰਕਾਰ ਵੱਲੋਂ ਘਰ-ਘਰ ਜਾ ਕੇ ਦੇਣੀਆਂ ਸ਼ੁਰੂ ਕੀਤੀਆਂ ਗਈਆਂ 43 ਸੇਵਾਵਾਂ ਨਾਲ ਸਬੰਧਤ ਅਰਜ਼ੀਆਂ ਵੀ ਪ੍ਰਾਪਤ ਕੀਤੀਆਂ ਜਾਣਗੀਆਂ ਜੋ ਕਿ 1076 ਨੰਬਰ ’ਤੇ ਕਾਲ ਕਰਕੇ ਬੁੱਕ ਕਰਵਾਈਆਂ ਜਾਂਦੀਆਂ,ਉਨ੍ਹਾਂ ਜ਼ਿਲ੍ਹੇ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਇਨ੍ਹਾਂ ਕੈਂਪਾਂ ਦਾ ਵੱਧ ਤੋਂ ਵੱਧ ਲਾਭ ਲੈਣ ਲਈ ਇਨ੍ਹਾਂ ਕੈਂਪਾਂ ਵਿੱਚ ਪਹੁੰਚਣ।