ਫ਼ਤਹਿਗੜ੍ਹ : ਕ੍ਰਿਸ਼ੀ ਵਿਗਿਆਨ ਕੇਂਦਰ ਵਿਖੇ ਵਿਗਿਆਨਿਕ ਸਲਾਹਕਾਰ ਕਮੇਟੀ ਦੀ ਮੀਟਿੰਗ ਆਯੋਜਿਤ ਕੀਤੀ ਗਈ। ਜਿਸ ਦੀ ਪ੍ਰਧਾਨਗੀ ਡਾ. ਮੱਖਣ ਸਿੰਘ ਭੁੱਲਰ, ਨਿਰਦੇਸ਼ਕ ਪਸਾਰ ਸਿੱਖਿਆ, ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਵੱਲੋਂ ਕੀਤੀ ਗਈ। ਇਸ ਮੌਕੇ ਕ੍ਰਿਸ਼ੀ ਵਿਗਿਆਨ ਕੇਂਦਰ ਦੇ ਸਹਿਯੋਗੀ ਡਾਇਰੈਕਟਰ (ਸਿਖਲਾਈ) ਡਾ. ਵਿਪਨ ਕੁਮਾਰ ਰਾਮਪਾਲ ਨੇ ਆਏ ਹੋਏ ਮਹਿਮਾਨਾਂ ਨੂੰ ਜੀ ਆਇਆਂ ਆਖਿਆ। ਉਨ੍ਹਾਂ ਨੇ ਕ੍ਰਿਸ਼ੀ ਵਿਗਿਆਨ ਕੇਂਦਰ ਦੀ 2023—24 ਦੀ ਕਾਰਗੁਜ਼ਾਰੀ ਦੀ ਵਿਸਥਾਰ ਸਹਿਤ ਰਿਪੋਰਟ ਪੇਸ਼ ਕੀਤੀ। ਇਸ ਤੋਂ ਇਲਾਵਾ ਆਉਣ ਵਾਲੇ ਸਾਲ 2024—25 ਦੀ ਕਾਰਜਨੀਤੀ ਬਾਰੇ ਵੀ ਵਿਸਥਾਰ ਪੂਰਵਕ ਦੱਸਿਆ ਗਿਆ। ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਾ. ਮੱਖਣ ਸਿੰਘ ਭੁੱਲਰ ਨੇ ਫਸਲੀ ਵਿਭਿੰਨਤਾ ਅਧੀਨ ਨਵੀਆਂ ਫਸਲਾਂ ਨੂੰ ਅਪਨਾਉਣ ਤੋਂ ਪਹਿਲਾ ਉਨ੍ਹਾਂ ਦੇ ਮੰਡੀਕਰਨ ਨੂੰ ਤਵਜੋ ਦੇਣ ਦੇ ਜ਼ੋਰ ਦਿੱਤਾ। ਉਨ੍ਹਾਂ ਦਾ ਮੰਨਣਾ ਹੈ ਕਿ ਅੱਜ ਦੀ ਖੇਤੀ ਭਵਿੱਖ ਵਿੱਚ ਆਉਣ ਵਾਲੀ ਔਕੜਾਂ ਨੂੰ ਪਹਿਲਾਂ ਤੋਂ ਸੋਚ ਕੇ ਅਤੇ ਦੂਰਅੰਦੇਸ਼ੀ ਅਪਨਾਉਣ ਨਾਲ ਕਾਮਯਾਬੀ ਹਾਸਿਲ ਕੀਤੀ ਜਾ ਸਕਦੀ ਹੈ। ਆਪਣੇ ਪ੍ਰਧਾਨਗੀ ਭਾਸ਼ਣ ਵਿੱਚ ਇਸ ਮੀਟਿੰਗ ਵਿੱਚ ਇਲਾਕੇ ਦੇ ਕਿਸਾਨਾਂ ਨੂੰ ਪਾਣੀ ਬਚਾਉਣ ਵਾਲੀ ਫ਼ਸਲ ਪ੍ਰਣਾਲੀ ਅਪਨਾਉਣ ਲਈ ਸੱਦਾ ਦਿੱਤਾ। ਉਹਨਾਂ ਨੇ ਫਤਿਹਗੜ੍ਹ ਸਾਹਿਬ ਜਿਲ੍ਹੇ ਦੇ ਧਰਤੀ ਹੇਠਲੇ ਪਾਣੀ ਦੇ ਡਿੱਗਦੇ ਪੱਧਰ ਤੇ ਚਿੰਤਾ ਜ਼ਾਹਿਰ ਕਰਦੇ ਹੋਏ ਪਾਣੀ ਦੀ ਸੁਚੱਜੀ ਵਰਤੋਂ ਤੇ ਜੋਰ ਦਿੱਤਾ ਅਤੇ ਅਪੀਲ ਕੀਤੀ ਕਿ ਘੱਟ ਪਾਣੀ ਲੈਣ ਵਾਲੀਆਂ ਫ਼ਸਲਾਂ ਦੀ ਕਾਸ਼ਤ ਨੂੰ ਤਵੱਜੋਂ ਦਿੱਤੀ ਜਾਵੇ। ਉਹਨਾਂ ਨੇ ਕਣਕ ਝੋਨੇ ਤੋਂ ਇਲਾਵਾ ਹੋਰ ਫ਼ਸਲਾਂ ਦੀ ਕਾਸ਼ਤ ਨੂੰ ਪ੍ਰਫੁੱਲਿਤ ਕਰਨ ਅਤੇ ਫ਼ਸਲਾਂ ਦੇ ਸਵੈ—ਮੰਡੀਕਨ ਨੂੰ ਪ੍ਰਚਾਰਨ ਤੇ ਜੋਰ ਦਿੱਤਾ। ਇਸ ਤੋਂ ਇਲਾਵਾ ਉਨ੍ਹਾਂ ਨੇ ਖੇਤੀਬਾੜੀ ਨਾਲ ਸਬੰਧਿਤ ਸਾਰੇ ਵਿਭਾਗ ਨੂੰ ਤਾਲਮੇਲ ਮਜ਼ਬੂਤ ਕਰਨ ਲਈ ਆਖਿਆ।ਉਨ੍ਹਾਂ ਨੇ ਕੇ.ਵੀ.ਕੇ ਫਾਰਮ ਅਤੇ ਵੱਖਰੇ—ਵੱਖਰੇ ਪ੍ਰਦਰਸ਼ਨੀ ਯੂਨਿਟਾਂ ਦੇ ਦੌਰੇ ਦੌਰਾਨ ਕੀਤੇ ਗਏ ਕੰਮਾਂ ਦੀ ਭਰਪੂਰ ਸ਼ਲਾਘਾ ਕੀਤੀ। ਅੰਤ ਵਿੱਚ ਡਾ. ਮਨੀਸ਼ਾ ਭਾਟਿਆ ਸਹਾਇਕ ਪ੍ਰੋਫੈਸਰ (ਗ੍ਰਹਿ ਵਿਗਿਆਨ) ਨੇ ਆਏ ਹੋਏ ਮਹਿਮਾਨਾਂ ਦਾ ਧੰਨਵਾਦ ਕੀਤਾ। ਇਸ ਮੌਕੇ ਤੇ ਵੱਖ—ਵੱਖ ਵਿਭਾਗ ਜਿਵੇਂ ਕਿ ਖੇਤੀਬਾੜੀ ਵਿਭਾਗ, ਬਾਗਬਾਨੀ, ਪਸ਼ੂ ਵਿਗਿਆਨ, ਭੂਮੀ ਸੁਰੱਖਿਆ, ਡੇਅਰੀ ਡਿਵੈਲਪਮੈਂਟ ਬੋਰਡ, ਮੱਛੀ ਪਾਲਣ, ਮਹਿਲਾ ਅਤੇ ਬਾਲ ਵਿਕਾਸ ਵਿਭਾਗ, ਨਾਬਾਰਡ, ਮਾਰਕਫੈਡ, ਲੀਡ ਬੈਂਕ ਦੇ ਨੁਮਾਇੰਦਿਆਂ ਨੇ ਇਸ ਮੀਟਿੰਗ ਵਿੱਚ ਭਾਗ ਲਿਆ ਅਤੇ ਆਪਣੇ ਕੀਮਤੀ ਸੁਝਾਅ ਦਿੱਤੇ।ਇਸ ਮੌਕੇ ਦੌਰਾਨ ਜਿਲ੍ਹੇ ਦੇ ਉਦੱਮੀ ਕਿਸਾਨਾਂ ਵੱਲੋਂ ਆਪੋ—ਆਪਣੇ ਉਤਪਾਦਾਂ ਦੀ ਪ੍ਰਦਰਸ਼ਨੀ ਵੀ ਲਗਾਈ ਗਈ। ਇਸ ਮੀਟਿੰਗ ਦੌਰਾਨ ਖੇਤੀਬਾੜੀ ਨਾਲ ਸਬੰਧਿਤ ਵੱਖ—ਵੱਖ ਵਿਭਾਗਾਂ ਤੋਂ ਆਏ ਹੋਏ ਅਗਾਂਹਵਧੂ ਕਿਸਾਨ ਤੇ ਕਿਸਾਨ ਬੀਬੀਆਂ ਵੱਲੋਂ ਇਸ ਕਾਰਜਨੀਤੀ ਨੂੰ ਹੋਰ ਵਧੀਆ ਬਨਾਉਣ ਲਈ ਵੱਡਮੁੱਲੇ ਸੁਝਾਅ ਦਿੱਤੇ ਗਏ।