ਪਟਿਆਲਾ : ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਚਰਨਛੋਹ ਅਸਥਾਨ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਬਸੰਤ ਪੰਚਮੀ ਦੇ ਸਾਲਾਨਾ ਜੋੜ ਮੇਲ ਨੂੰ ਸਮਰਪਿਤ ਅੱਜ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੀ ਆਰੰਭਤਾ ਕੀਤੀ ਗਈ। ਹੈਡ ਗ੍ਰੰਥੀ ਭਾਈ ਪ੍ਰਨਾਮ ਸਿੰਘ ਵੱਲੋਂ ਕੀਤੀ ਅਰਦਾਸ ਉਪਰੰਤ ਹੋਈ ਆਰੰਭਤਾ ਦੌਰਾਨ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ, ਅਤਿ੍ਰੰਗ ਕਮੇਟੀ ਮੈਂਬਰ ਜਥੇਦਾਰ ਜਸਮੇਰ ਸਿੰਘ ਉਚੇਚੇ ਤੌਰ ’ਤੇ ਪੁੱਜੇ ਹੋਏ ਸਨ। ਬਸੰਤ ਪੰਚਮੀ ਦੇ ਸਾਲਾਨਾ ਜੋੜ ਮੇਲ ਨੂੰ ਲੈ ਕੇ ਤਿਆਰੀਆਂ ਨੂੰ ਮੁਕੰਮਲ ਕਰਦਿਆਂ ਮੈਨੇਜਰ ਕਰਨੈਲ ਸਿੰਘ ਨੇ ਦੱਸਿਆ ਕਿ ਸੰਗਤਾਂ ਦੀ ਆਮਦ ਦੇ ਮੱਦੇਨਜ਼ਰ ਗੁਰੂ ਘਰ ਵਿਖੇ ਪੁੱਜਣ ਲਈ ਸਰਾਵਾਂ ਆਦਿ ਵਿਚ ਠਹਿਰਣ ਦੀ ਵਿਵਸਥਾ, ਲੰਗਰਾਂ ਤੋਂ ਇਲਾਵਾ ਕੜ੍ਹਾਹ ਪ੍ਰਸ਼ਾਦ ਕਾਊਂਟਰ ਅਤੇ ਵਾਹਨਾਂ ਦੀ ਸੁਚਾਰੂ ਵਿਵਸਥਾ ਲਈ ਪਾਰਕਿੰਗ ਆਦਿ ਦੇ ਪ੍ਰਬੰਧ ਕਰ ਲਏ ਗਏ ਹਨ। ਉਨ੍ਹਾਂ ਦੱਸਿਆ ਕਿ ਸਾਲਾਨਾ ਜੋੜ ਮੇਲ ਦੌਰਾਨ ਗੁਰੂ ਘਰ ਵਿਖੇ ਕਵੀ ਦਰਬਾਰ, ਗੁਰਮਤਿ ਸਮਾਗਮ ਅਤੇ ਢਾਡੀ ਦਰਬਾਰ ਤੋਂ ਇਲਾਵਾ ਬਸੰਤ ਰਾਗ ਕੀਰਤਨ ਕਰਵਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਧਾਰਮਕ ਸਮਾਗਮ ਦੌਰਾਨ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੀ ਸ਼ਿਰਕਤ ਕਰਨਗੇ ਅਤੇ ਸੱਚਖੰਡ ਸ੍ਰੀ ਦਰਬਾਰ ਸਾਹਿਬ ਦੇ ਹਜੂਰੀ ਰਾਗੀ ਸੰਗਤਾਂ ਆਦਿ ਨੂੰ ਨਿਹਾਲ ਕਰਨਗੇ।
ਮੈਨੇਜਰ ਕਰਨੈਲ ਸਿੰਘ ਨੇ ਦੱਸਿਆ ਕਿ ਸਾਲਾਨਾ ਜੋੜ ਮੇਲ ਨੂੰ ਸਮਰਪਿਤ ਗੁਰਦੁਆਰਾ ਸਾਹਿਬ ਦੇ ਗੁਰੂ ਦਰਬਾਰ ਦੀ ਵਿਸ਼ੇਸ਼ ਤੌਰ ’ਤੇ ਫੁੱਲਾਂ ਦੀ ਸਜਾਵਟ ਅਤੇ ਦੀਪਮਾਲਾ ਆਦਿ ਵੀ ਕੀਤੀ ਜਾਵੇਗੀ। ਇਸ ਦੌਰਾਨ ਗੱਲਬਾਤ ਕਰਦਿਆਂ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਦੱਸਿਆ ਕਿ ਗੁਰੂ ਸਾਹਿਬ ਦੇ ਪਾਵਨ ਅਸਥਾਨ ’ਤੇ ਸੰਗਤਾਂ ਦੀ ਵੱਡੀ ਆਸਥਾ ਹੈ ਅਤੇ ਹਰ ਸਾਲ ਲੱਖਾਂ ਦੀ ਗਿਣਤੀ ਵਿਚ ਸੰਗਤਾਂ ਗੁਰੂ ਘਰ ਨਤਮਸਤਕ ਹੋ ਕੇ ਗੁਰੂ ਸਾਹਿਬ ਦੀ ਬਖਸ਼ਿਸ਼ ਦਾ ਪਾਤਰ ਬਣਦੀਆਂ ਹਨ। ਇਸ ਉਪਰੰਤ ਅੰਤਿ੍ਰੰਗ ਕਮੇਟੀ ਮੈਂਬਰ ਜਥੇਦਾਰ ਜਸਮੇਰ ਸਿੰਘ ਲਾਛੜੂ ਨੇ ਦੱਸਿਆ ਕਿ ਧਾਰਮਕ ਸਮਾਗਮ ਦੌਰਾਨ ਸੰਤ ਮਹਾਂਪੁਰਸ਼ਾਂ ਤੋਂ ਇਲਾਵਾ ਕਥਾ ਕੀਰਤਨ ਪ੍ਰਵਾਹ ਗਿਆਨੀ ਪਿ੍ਰਤਪਾਲ ਸਿੰਘ, ਹਜੂਰੀ ਰਾਗੀ ਭਾਈ ਹਰਕੀਰਤ ਸਿੰਘ ਅਤੇ ਭਾਈ ਸਰੂਪ ਸਿੰਘ ਅਤੇ ਬੀਬੀ ਰਵਿੰਦਰ ਕੌਰ ਤੋਂ ਇਲਾਵਾ ਹਜੂਰੀ ਰਾਗੀ ਸੱਚਖੰਡ ਸ੍ਰੀ ਦਰਬਾਰ ਸਾਹਿਬ ਵੱਲੋਂ ਗੁਰਬਾਣੀ ਕੀਰਤਨ ਪ੍ਰਵਾਹ ਚਲਾਇਆ ਜਾਵੇਗਾ। ਮੈਨੇਜਰ ਕਰਨੈਲ ਸਿੰਘ ਨੇ ਅਪੀਲ ਕਰਦਿਆਂ ਕਿਹਾ ਕਿ ਸੰਗਤਾਂ ਗੁਰੂ ਘਰ ਹੁੰਮ ਹੁਮਾ ਕੇ ਪੁੱਜਣ ਅਤੇ ਗੁਰੂ ਸਾਹਿਬ ਦੀ ਬਖਸ਼ਿਸ਼ ਹਾਸਲ ਕਰਨ। ਇਸ ਮੌਕੇ ਹੋਰਨਾਂ ਤੋਂ ਇਲਾਵਾ ਮੀਤ ਮੈਨੇਜਰ ਜਰਨੈਲ ਸਿੰਘ ਮਕਰੌੜ ਸਾਹਿਬ, ਮਨਦੀਪ ਸਿੰਘ ਭਲਵਾਨ, ਵਰਿੰਦਰ ਸਿੰਘ ਗੋਲਡੀ, ਕਰਮ ਸਿੰਘ, ਸਰਬਜੀਤ ਸਿੰਘ, ਹਰਵਿੰਦਰ ਸਿੰਘ ਕਾਹਲਵਾਂ, ਸਰਬਜੀਤ ਸਿੰਘ, ਜਸਵਿੰਦਰ ਸਿੰਘ ਬਿੱਲਾ, ਲਖਵਿੰਦਰ ਸਿੰਘ ਆਦਿ ਵੀ ਮੌਜੂਦ ਸਨ।