ਪਟਿਆਲਾ : ਪਟਿਆਲਾ ਜ਼ਿਲ੍ਹੇ ਵਿੱਚ 6 ਫਰਵਰੀ ਤੋਂ 'ਆਪ ਦੀ ਸਰਕਾਰ ਆਪ ਦੇ ਦੁਆਰ' ਤਹਿਤ ਲਗਾਤਾਰ ਲੱਗ ਰਹੇ ਰੋਜ਼ਾਨਾ 24 ਵਿਸ਼ੇਸ਼ ਕੈਂਪਾਂ ਦੌਰਾਨ ਹੁਣ ਤੱਕ 5327 ਸੇਵਾਵਾਂ ਨਾਗਰਿਕਾਂ ਨੂੰ ਪ੍ਰਦਾਨ ਕੀਤੀਆਂ ਗਈਆਂ ਹਨ। ਜਦਕਿ ਪਹਿਲੇ ਦਿਨ ਤੋਂ ਹੀ ਇਨ੍ਹਾਂ ਕੈਂਪਾਂ ਵਿੱਚ ਰੋਜ਼ਾਨਾ 2500 ਤੋਂ 2800 ਤੱਕ ਲੋਕ ਸ਼ਿਰਕਤ ਕਰ ਰਹੇ ਹਨ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੈ ਨੇ ਦਿੰਦਿਆਂ ਜ਼ਿਲ੍ਹਾ ਨਿਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਨੇੜੇ ਲੱਗਣ ਵਾਲੇ ਇਨ੍ਹਾਂ ਕੈਂਪਾਂ ਦਾ ਲਾਭ ਜਰੂਰ ਉਠਾਉਣ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਲੋਕਾਂ ਨੂੰ ਸਰਕਾਰੀ ਸੇਵਾਵਾਂ ਦਾ ਲਾਭ ਉਨ੍ਹਾਂ ਦੇ ਘਰਾਂ ਦੇ ਨੇੜੇ ਹੀ ਪ੍ਰਦਾਨ ਕਰਨ ਲਈ ਇਹ ਕੈਂਪ ਲੋਕਾਂ ਲਈ ਲਾਭਕਾਰੀ ਸਿੱਧ ਹੋ ਰਹੇ ਹਨ। ਉਨ੍ਹਾਂ ਦੱਸਿਆ ਕਿ ਇਨ੍ਹਾਂ ਕੈਂਪਾਂ ਵਿੱਚ ਲੋਕਾਂ ਦੀਆਂ ਸ਼ਿਕਾਇਤਾਂ ਦਾ ਵੀ ਨਿਵਾਰਨ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਕੈਂਪਾਂ ਦੀ ਨਿਗਰਾਨੀ ਖ਼ੁਦ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਕਰ ਰਹੇ ਹਨ। ਸ਼ੌਕਤ ਅਹਿਮਦ ਪਰੈ ਨੇ ਦੱਸਿਆ ਕਿ ਅੱਜ ਇੱਕ ਦਿਨ ਵਿੱਚ 29 ਕੈਂਪਾਂ ਵਿੱਚ 2718 ਲੋਕਾਂ ਨੇ ਸ਼ਿਰਕਤ ਕੀਤੀ ਤੇ 1659 ਸੇਵਾਵਾਂ ਦਾ ਲਾਭ ਲਿਆ, ਇਨ੍ਹਾਂ ਵਿੱਚੋਂ 1133 ਸੇਵਾਵਾਂ ਮੌਕੇ 'ਤੇ ਹੀ ਪ੍ਰਦਾਨ ਕੀਤੀਆਂ ਗਈਆਂ।
ਇਸ ਤੋਂ ਬਿਨ੍ਹਾਂ ਹੁਣ ਤੱਕ ਇਨ੍ਹਾਂ ਕੈਂਪਾਂ ਦੌਰਾਨ 7691 ਅਰਜ਼ੀਆਂ ਪ੍ਰਾਪਤ ਹੋਈਆਂ ਸਨ, ਜਿਨ੍ਹਾਂ ਲਈ 5327 ਨਾਗਰਿਕ ਸੇਵਾਵਾਂ ਪ੍ਰਦਾਨ ਕੀਤੀਆਂ ਜਾ ਚੁੱਕੀਆਂ ਹਨ ਅਤੇ ਬਾਕੀ ਉਪਰ ਕਾਰਵਾਈ ਕੀਤੀ ਜਾ ਰਹੀ ਹੈ। ਡਿਪਟੀ ਕਮਿਸ਼ਨਰ ਨੇ ਅੱਗੇ ਦੱਸਿਆ ਕਿ ਕੈਂਪਾਂ ਵਿੱਚ ਹੁਣ ਤੱਕ ਵੱਖ-ਵੱਖ ਵਿਭਾਗਾਂ ਨਾਲ ਸਬੰਧਤ ਕੁਲ 552 ਸ਼ਿਕਾਇਤਾਂ ਪ੍ਰਾਪਤ ਹੋਈਆਂ ਹਨ, ਜਿਨ੍ਹਾਂ ਵਿੱਚੋਂ 171 ਦਾ ਨਿਪਟਾਰਾ ਮੌਕੇ 'ਤੇ ਹੀ ਕਰ ਦਿੱਤਾ ਗਿਆ ਅਤੇ ਬਾਕੀ 381 ਉਪਰ ਕਾਰਵਾਈ ਕੀਤੀ ਜਾ ਰਹੀ ਹੈ।
ਉਨ੍ਹਾਂ ਕਿਹਾ ਕਿ ਸਮੁੱਚਾ ਜ਼ਿਲ੍ਹਾ ਪ੍ਰਸ਼ਾਸਨ ਤੇ ਪਟਿਆਲਾ ਪੁਲਿਸ ਦੇ ਸਾਂਝ ਕੇਂਦਰਾਂ ਦੀਆਂ ਟੀਮਾਂ ਲਗਾਤਾਰ ਲੋਕਾਂ ਦੀ ਸੇਵਾ ਵਿੱਚ ਹਾਜ਼ਰ ਹਨ ਅਤੇ ਇਨ੍ਹਾਂ ਕੈਂਪਾਂ ਵਿੱਚ ਲੋਕਾਂ ਨੂੰ ਸਰਕਾਰੀ ਸੇਵਾਵਾਂ ਦਾ ਲਾਭ ਪ੍ਰਦਾਨ ਕੀਤਾ ਜਾ ਰਿਹਾ ਹੈ।