ਮਾਲੇਰਕੋਟਲਾ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਲੋਕਾਂ ਦੀਆਂ ਸ਼ਿਕਾਇਤਾਂ,ਸਮੱਸਿਆਵਾਂ ਨੂੰ ਉਨ੍ਹਾਂ ਦੇ ਘਰਾਂ ਦੇ ਨਜ਼ਦੀਕ ਜਾ ਕੇ ਨਿਪਟਾਰਾ ਕਰਨ ਦੇ ਯਤਨਾਂ ਤਹਿਤ ‘ਆਪ ਦੀ ਸਰਕਾਰ, ਆਪ ਦੇ ਦੁਆਰ’ ਪ੍ਰੋਗਰਾਮ ਤਹਿਤ ਅੱਜ ਸਥਾਨਕ ਸਰਕਾਰੀ ਕਾਲਜ ਵਿਖੇ ਲਗਾਏ ਵਿਸ਼ੇਸ ਕੈਂਪ ਦਾ ਵਿਧਾਇਕ ਮਾਲੇਰਕੋਟਲਾ ਡਾਕਟਰ ਜਮੀਲ ਉਰ ਰਹਿਮਾਨ ਨੇ ਜਾਇਜਾ ਲਿਆ । ਇਸ ਤੋਂ ਪਹਿਲਾ ਉਨ੍ਹਾਂ ਸਥਾਨਕ ਕਿਲ੍ਹਾ ਰਹਿਮਤਗੜ, ਪਿੰਡ ਇਲਤਫਾਤਪੁਰਾ, ਸ਼ੇਖੂਪੁਰ ਕਲਾਂ ਸ਼ੇਖੂਪੁਰ ਖੁਰਦ ਅਤੇ ਸੁਲਤਾਨਪੁਰ (ਬਧਰਾਵਾਂ) ਵਿਖੇ ਵੀ ਜਾ ਕੇ ਜਾਇਜਾ ਲਿਆ ।ਇਸ ਮੌਕੇ ਵਿਧਾਇਕ ਮਾਲੇਰਕੋਟਲਾ ਨੇ ਅਵਾਮ ਨਾਲ ਗੱਲ ਬਾਤ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਲੋਕਾਂ ਨੂੰ ਦਰਾਂ ’ਤੇ ਨਾਗਰਿਕ ਸੇਵਾਵਾਂ ਪ੍ਰਦਾਨ ਕਰਨ ਦੇ ਮਕਸਦ ਨਾਲ ‘ਆਪ ਦੀ ਸਰਕਾਰ, ਆਪ ਦੇ ਦੁਆਰ’ ਮੁਹਿੰਮ ਤਹਿਤ ਜ਼ਿਲ੍ਹੇ ਦੇ ਪਿੰਡਾਂ/ਵਾਰਡਾਂ ਵਿਚ ਲਗਾਏ ਜਾ ਰਹੇ ਵਿਸ਼ੇਸ ਕੈਂਪਾਂ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ, ਕੈਂਪਾਂ ਦੌਰਾਨ ਵੱਡੀ ਗਿਣਤੀ ਵਿਚ ਪਿੰਡ/ਸ਼ਹਿਰ ਵਾਸੀ 45 ਤਰ੍ਹਾਂ ਦੀਆਂ ਸੇਵਾਵਾਂ ਦਾ ਲਾਭ ਅਤੇ ਲੋਕ ਭਲਾਈ ਸਕੀਮਾਂ ਦਾ ਲਾਭ ਉਨ੍ਹਾਂ ਦੇ ਘਰਾਂ ਦੇ ਨਜ਼ਦੀਕ ਪਹੁੰਚਇਆ ਜਾ ਰਿਹਾ ਹੈ, ਜੋ ਕਿ ਸ਼ਲਾਂਘਾਯੋਗ ਉਪਰਾਲਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਕੈਂਪਾਂ ਦੇ ਆਯੋਜਨ ਦਾ ਮੁੱਖ ਮੰਤਵ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਨੇੜੇ ਇਕ ਛੱਤ ਦੇ ਥੱਲੇ ਪੰਜਾਬ ਸਰਕਾਰ ਵਲੋਂ ਚਲਾਈਆਂ ਜਾ ਰਹੀਆਂ ਲੋਕ ਭਲਾਈ ਸਕੀਮਾਂ ਦਾ ਲਾਭ ਪਹੁੰਚਾਉਣਾ ਅਤੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਸੁਣ ਕੇ ਜਲਦ ਤੋਂ ਜਲਦ ਉਨ੍ਹਾਂ ਦਾ ਨਿਪਟਾਰਾ ਯਕੀਨੀ ਬਣਾਉਣਾ ਹੈ।
ਵਿਧਾਇਕ ਮਾਲੇਰਕੋਟਲਾ ਨੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਲੋਕਾਂ ਦੇ ਕੰਮ ਪਹਿਲ ਦੇ ਆਧਾਰ ’ਤੇ ਕਰਨ, ਤਾਂ ਜੋ ਲੋਕਾਂ ਨੂੰ ਕਿਸੇ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਦੱਸਿਆ ਕਿ ਕੈਂਪਾਂ ਦੌਰਾਨ ਲੋੜਵੰਦਾਂ ਦੀ ਸਹੂਲਤ ਲਈ ਹੈਲਪ ਡੈਸਕ ਸਥਾਪਿਤ ਕੀਤੇ ਗਏ ਹਨ ਤਾਂ ਜੋ ਉਨ੍ਹਾਂ ਨੂੰ ਕਿਸੇ ਕਿਸਮ ਦੀ ਦਿੱਕਤ ਪੇਸ਼ ਨਾ ਆਵੇ ਅਤੇ ਫਾਰਮ ਭਰਨ ਆਦਿ ਵਿਚ ਸਹਾਇਤਾ ਕੀਤੀ ਜਾ ਸਕੇ । ਉਨ੍ਹਾਂ ਨੇ ਕਿਹਾ ਕਿ ਇਹ ਉਪਰਾਲੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਹਰ ਵਰਗ ਦੇ ਲੋਕਾਂ ਦੀ ਸਹੂਲਤ ਲਈ ਕੀਤੇ ਗਏ ਹਨ।ਇਸ ਮੌਕੇ ਸਮੂਹ ਵਿਭਾਗਾਂ ਦੇ ਅਧਿਕਾਰੀ ਇਨ੍ਹਾਂ ਕੈਂਪਾਂ ਵਿਚ ਹਾਜ਼ਰ ਸਨ। ਇਸ ਮੌਕੇ ਡਾਕਟਰ ਜਮੀਲ-ਉਰ-ਰਹਿਮਾਨ ਦੇ ਸ਼ਰੀਕ-ਏ-ਹਯਾਤ(ਸੁਪਤਨੀ) ਫਰਿਆਲ ਰਹਿਮਾਨ , ਜ਼ਿਲ੍ਹਾ ਪ੍ਰਧਾਨ ਘੱਟ ਗਿਣਤੀ ਸੈਲ ਜਾਫਿਰ ਅਲੀ, ਪੀ.ਏ. ਵਿਧਾਇਕ ਗੁਰਮੁੱਖ ਸਿੰਘ, ਚੌਧਰੀ ਸਮਸ਼ੂਦੀਨ, ਅਸ਼ਰਫ ਅਬਦੁਲਾ, ਐਮ.ਸੀ. ਮਹਿੰਦਰ ਸਿੰਘ ਪਰੂਥੀ, ਚੌਧਰੀ ਵਸ਼ੀਰ, ਮੁਹੰਮਦ ਧੁਨੀਸ (ਭੋਲਾ), ਧਾਸਰ ਅਲਫਾਤ, ਚੰਦ ਸਿੰਘ, ਮੁਹੰਮਦ ਸਦੀਕ ਕਿਲਾ ਰਹਿਮਤਗੜ੍ਹ, ਮੁਹੰਮਦ ਹਨੀਫ, ਸਿੰਦਰ ਪਾਲ ਕੌਰ, ਮਾਸਟਰ ਕਰਨ ਪਾਲ ਤੋਂ ਇਲਾਵਾ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਤੇ ਨੁਮਾਇੰਦੇ ਮੌਜੂਦ ਸਨ ।