ਮਾਲੇਰਕੋਟਲਾ : ਡਿਪਟੀ ਕਮਿਸ਼ਨਰ ਡਾ ਪੱਲਵੀ ਅਤੇ SSP ਹਰਕਮਲਪ੍ਰੀਤ ਸਿੰਘ ਖੱਖ ਵਲੋ ਜ਼ਿਲ੍ਹੇ ਵਿੱਚ ਨਸ਼ਾ ਰੋਕੂ ਗਤੀਵਿਧੀਆਂ ਨਾਲ ਸੰਬੰਧਿਤ “ਨਾਰਕੋ ਕੋਆਰਡੀਨੇਸ਼ਨ ਸੈਂਟਰ ਮੈਕਾਨਿਜ਼ਮ” ਤਹਿਤ ਗਠਿਤ ਜ਼ਿਲ੍ਹਾ ਪੱਧਰੀ ਕਮੇਟੀ ਵਲੋਂ ਕੀਤੇ ਗਏ ਉਪਰਾਲਿਆਂ ਸਬੰਧੀ ਸਮੀਖਿਆ ਕੀਤ ਗਈ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਗੁਰਮੀਤ ਕੁਮਾਰ,ਐਸ.ਡੀ.ਐਮ. ਅਮਰਗੜ੍ਹ ਸ੍ਰੀਮਤੀ ਸੁਰਿੰਦਰ ਕੌਰ,ਡੀ.ਐਸ.ਪੀ. ਸ੍ਰੀ ਕੁਲਦੀਪ ਸਿੰਘ, ਡਰੱਗ ਇੰਸਪੈਕਟਰ ਸ੍ਰੀ ਨਵਪ੍ਰੀਤ ਸਿੰਘ, ਆਬਕਾਰੀ ਅਫ਼ਸਰ ਅਰਪਿੰਦਰ ਰੰਧਾਵਾ, ਖੇਤੀਬਾੜੀ ਵਿਕਾਸ ਅਫ਼ਸਰ ਸ੍ਰੀ ਨਵਦੀਪ ਸਿੰਘ, ਤਹਿਸੀਲ ਸਮਾਜਿਕ ਨਿਆ ਅਧਿਕਾਰਤਾ ਅਫ਼ਸਰ ਸ੍ਰੀ ਹਰਪ੍ਰੀਤ ਸਿੰਘ, ਜ਼ਿਲ੍ਹਾ ਸਿੱਖਿਆ ਅਫ਼ਸਰ ਮੁਹੰਮਦ ਖ਼ਲੀਲ, ਜੰਗਲਾਤ ਅਫ਼ਸਰ ਸ੍ਰੀ ਇਕਬਾਲ ਸਿੰਘ,ਮੈਡੀਕਲ ਅਫ਼ਸਰ ਡਾ ਅਸ਼ੋਕ,ਕੌਸਲਰ ਸੁਖਵਿੰਦਰ ਕੌਰ ਤੋਂ ਇਲਾਵਾ ਸਬੰਧਤ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ । ਡਿਪਟੀ ਕਮਿਸ਼ਨਰ ਡਾ ਪੱਲਵੀ ਨੇ ਖੇਡ, ਸਿੱਖਿਆ ਅਤੇ ਸਿਹਤ ਵਿਭਾਗਾਂ ਨੂੰ ਨਸ਼ਾ ਵਿਰੋਧੀ ਮੁਹਿੰਮ 'ਚ ਮੋਹਰੀ ਰੋਲ ਅਦਾ ਕਰਨ ਲਈ ਕਿਹਾ। ਉਨ੍ਹਾਂ ਕਿਹਾ ਕਿ ਇਹ ਵਿਭਾਗ ਜਮੀਨੀ ਪੱਧਰ ਤੇ ਨਸ਼ਿਆ ਦੀ ਹਰ ਗਤੀਵਿਧੀ ਨੂੰ ਰੋਕਣ ਦੇ ਸਮਰਥ ਹਨ। ਉਨ੍ਹਾਂ ਇਨ੍ਹਾਂ ਵਿਭਾਗਾ ਦੇ ਅਧਿਕਾਰੀਆਂ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਸਕੂਲਾਂ/ਕਾਲਜਾਂ ਵਿੱਚ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕਤਾ ਪੈਦਾ ਕਰਨ ਲਈ ਹਰ ਸੰਭਵ ਉਪਰਾਲੇ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਨਸ਼ਿਆਂ ਵਿਰੁੱਧ ਇਸ ਮੁਹਿੰਮ ਨੂੰ ਜਨਤਕ ਲਾਮਬੰਦੀ ਵਿੱਚ ਤਬਦੀਲ ਕੀਤਾ ਜਾਣਾ ਚਾਹੀਦਾ ਹੈ ਜੋ ਸੂਬੇ ਵਿੱਚੋਂ ਨਸ਼ਿਆਂ ਦਾ ਖਾਤਮਾ ਕਰਨ ਵਿੱਚ ਸਹਾਈ ਸਿੱਧ ਹੋ ਸਕਦਾ ਹੈ । ਨਸ਼ਿਆਂ ਦੇ ਹਾਟ-ਸਪਾਟ ਵਜੋਂ ਪਛਾਣੇ ਪਿੰਡਾਂ ਤੇ ਹੋਰਨਾਂ ਇਲਾਕਿਆਂ, ਵਿਚ ਵੀ ਨਸ਼ਿਆਂ ਦੀ ਵਿੱਕਰੀ ਬੰਦ ਕਰਨ ਲਈ ਸਿੱਟਾ ਮੁਖੀ ਕਾਰਵਾਈ ਨੂੰ ਅਮਲ ਵਿੱਚ ਲਿਆਉਣ ਦੇ ਆਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਨਸ਼ਿਆਂ ਖ਼ਿਲਾਫ਼ ਜਾਗਰੂਕਤਾ, ਨਸ਼ਾ ਛੁਡਾਊ ਕੇਂਦਰਾਂ ਤੇ ਪੁਨਰ ਵਸੇਬਾ ਕੇਂਦਰਾਂ ’ਚ ਆਉਂਦੇ ਨਸ਼ਾ ਪੀੜਤਾਂ ਨੂੰ ਇਸ ਬੁਰਾਈ ਤੋਂ ਦ੍ਰਿੜ੍ਹਤਾ ਨਾਲ ਛੁਟਕਾਰਾ ਦਿਵਾਉਣ, ਉਨ੍ਹਾਂ ਦੀ ਉਚਿਤ ਕੌਂਸਲਿੰਗ ਆਦਿ ਜਿਹੇ ਤਰੀਕਿਆਂ ’ਤੇ ਵੀ ਜ਼ੋਰ ਦੇਣ ਦੀ ਲੋੜ ਹੈ । ਪੰਜਾਬ ਸਰਕਾਰ ਦੀ ਜ਼ੀਰੋ ਟਾਲਰੈਂਸ ਨੀਤੀ ਨੂੰ ਰੇਖਾਂਕਿਤ ਕਰਦਿਆਂ SSP ਹਰਕਮਲਪ੍ਰੀਤ ਸਿੰਘ ਖੱਖ ਨੇ ਪੁਲਿਸ ਵਿਭਾਗ ਦੀ ਕਾਰਗੁਜ਼ਾਰੀ ਅਤੇ ਰਣਨੀਤੀ ਬਾਰੇ ਦੱਸਿਆ ਅਤੇ ਕਿਹਾ ਕਿ ਨਸ਼ਿਆਂ ਦੀ ਮੰਗ ਨੂੰ ਰੋਕਣਾ ਸਮੇਂ ਦੀ ਲੋੜ ਹੈ। ਨੌਜਵਾਨਾਂ ਦੇ ਹਿੱਤਾਂ ਦੀ ਰਾਖੀ ਅਤੇ ਨਸ਼ਿਆਂ ਦੀ ਅਲਾਮਤ ਨੂੰ ਜੜ੍ਹ ਤੋਂ ਖਤਮ ਕਰਨ ਲਈ ਪੰਜਾਬ ਦੇ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਨਸ਼ਿਆਂ ਵਿਰੁੱਧ ਵਿੱਢੀ ਵਿਆਪਕ ਮੁਹਿੰਮ ਨੂੰ ਸਫਲ ਬਣਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ । ਲੋਕਾਂ ਨੂੰ ਜਾਗਰੂਕ ਕਰਕੇ ਉਨ੍ਹਾਂ ਦੇ ਸਹਿਯੋਗ ਨਾਲ ਹੀ ਨਸ਼ਿਆਂ ਤੇ ਨਕੇਲ ਕੱਸ ਕੇ ਸਮਾਜ ਵਿੱਚ ਇਹ ਲਾਹਨਤ ਖਤਮ ਕੀਤਾ ਜਾ ਸਕਦਾ ਹੈ ।